ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਸਤੰਬਰ
ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸੂਬੇ ਨੂੰ ਆਬਾਦ ਕਰਨ ਅਤੇ ਕੁਰੀਤੀਆਂ ਤੋਂ ਮੁਕਤ ਕਰਨ ਦੇ ਕੀਤੇ ਵਾਅਦੇ ਮੁਤਾਬਕ ਆਪਣਾ ਫ਼ਰਜ਼ ਨਿਭਾਉਣ। ਉਨ੍ਹਾਂ ਇਸ ਸਬੰਧ ਵਿਚ ਮੁੱਖ ਮੰਤਰੀ ਨੂੰ ਇਕ ਪੱਤਰ ਭੇਜ ਕੇ ਆਖਿਆ ਹੈ ਕਿ ਸੂਬੇ ਵਿੱਚ ‘ਆਪ’ ਸਰਕਾਰ ਬਣੀ ਨੂੰ ਛੇ ਮਹੀਨੇ ਬੀਤ ਚੁੱਕੇ ਹਨ, ਪਰ ਹੁਣ ਤੱਕ ਪੰਜਾਬ ਵਾਸੀਆਂ ਨੂੰ ਕਿਸੇ ਵੀ ਕੁਰੀਤੀ ਤੋਂ ਮੁਕਤੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੂਬੇ ਵਿੱਚ ਰੇਤ ਮਾਫੀਆ, ਨਸ਼ਾ ਮਾਫ਼ੀਆ, ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਤੋਂ ਮੁਕਤੀ ਦਿਲਾ ਕੇ ਨਵਾਂ ਪੰਜਾਬ ਸਿਰਜਣ ਦਾ ਭਰੋਸਾ ਦੇ ਕੇ ਆਈ ਸੀ, ਪਰ ਹੁਣ ਤੱਕ ਪੰਜਾਬ ਵਾਸੀਆਂ ਨੂੰ ਇਨ੍ਹਾਂ ਵਿੱਚੋਂ ਕਿਸੇ ਵੀ ਅਲਾਮਤ ਤੋਂ ਛੁਟਕਾਰਾ ਨਹੀਂ ਮਿਲ ਸਕਿਆ ਹੈ।