ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 20 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਰਜ਼ੇ ਦੀ ਵਸੂਲੀ ਲਈ ਕਿਸੇ ਵੀ ਕਿਸਾਨ ਜਾਂ ਮਜ਼ਦੂਰ ਦੇ ਘਰ ਦੀ ਜ਼ਮੀਨ ਜਾਂ ਜਾਇਦਾਦ ਕੁਰਕ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਗਰਾਹਾਂ ਯੂਨੀਅਨ ਤੁਰੰਤ ਇਸ ਦਾ ਵਿਰੋਧ ਕਰੇਗੀ ਤੇ ਲੋੜ ਪਈ ਤਾਂ ਘੇਰਾਬੰਦੀ ਵੀ ਕੀਤੀ ਜਾਵੇਗੀ। ਇੱਥੋਂ ਦੇ ਨਵਾਂ ਬਾਜ਼ਾਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਉਗਰਾਹਾਂ ਨੇ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਨੇ ਕਿਸਾਨ ਮਜ਼ਦੂਰਾਂ ਨੂੰ ਕਰਜ਼ਈ ਬਣਾ ਦਿੱਤਾ ਹੈ। ਇਹ ਵਰਗ ਕਰਜ਼ਾ ਮੋੜਨ ਤੋਂ ਅਸਮਰੱਥ ਹਨ ਅਤੇ ਇਨ੍ਹਾਂ ਨਾਲ ਕਿਸੇ ਵੀ ਕੀਮਤ ’ਤੇ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਗਰਾਹਾਂ ਯੂਨੀਅਨ ਨੇ ਪੰਜਾਬ ਸਰਕਾਰ ਦੀ ਖੇਤੀ ਨੀਤੀ ਦੇ ਖਰੜੇ ਦਾ ਬਾਰੀਕੀ ਨਾਲ ਅਧਿਐਨ ਕੀਤਾ ਹੈ ਅਤੇ ਯੂਨੀਅਨ ਨੇ ਸਰਕਾਰ ਅੱਗੇ ਕੁਝ ਹੋਰ ਸੁਝਾਅ ਵੀ ਰੱਖੇ ਹਨ। ਇਨ੍ਹਾਂ ਸੁਝਾਵਾਂ ਨੂੰ ਖੇਤੀ ਨੀਤੀ ਵਿੱਚ ਸ਼ਾਮਲ ਕਰਕੇ ਤੁਰੰਤ ਲਾਗੂ ਕੀਤਾ ਜਾਵੇ।