ਦਵਿੰਦਰ ਪਾਲ
ਚੰਡੀਗੜ੍ਹ, 12 ਜੁਲਾਈ
ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਆਤਮ ਸਮਰਪਣ ਕਰਨ ਵਾਲਾ ਆਪਣਾ ਬਿਆਨ 20 ਜੁਲਾਈ ਤੱਕ ਵਾਪਸ ਲੈ ਕੇ ਮੁਆਫੀ ਨਾ ਮੰਗੀ ਤਾਂ ਸਾਰੀਆਂ ਸਿਆਸੀ ਧਿਰਾਂ ਨਾਲ ਰਲ ਕੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਸਾਂਝਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪਾਰਟੀ ਦੀ ਕੋਰ ਕਮੇਟੀ ਨੇ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਚੰਡੀਗੜ੍ਹ ਵਿਚ ਥਾਂ ਦੇਣ ਦੇ ਫ਼ੈਸਲੇ ਨੂੰ ਗੈਰਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਇਹ ਐਲਾਨ ਕਰਨ ਦਾ ਕੋਈ ਹੱਕ ਨਹੀਂ ਹੈ।
ਇਸ ਦੌਰਾਨ ਕੋਰ ਕਮੇਟੀ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਯੂਟੀ ਮੁਲਾਜ਼ਮਾਂ ਲਈ ਕੇਂਦਰੀ ਤਨਖ਼ਾਹ ਸਕੇਲ ਅਤੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਸਣੇ ਪੰਜਾਬ ਦੇ ਹੋਰ ਮਸਲਿਆਂ ’ਤੇ 20 ਜੁਲਾਈ ਤੱਕ ਆਪਣਾ ਜਵਾਬ ਦੇਣ। ਅਕਾਲੀ ਦਲ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਮਾਮਲਿਆਂ ’ਤੇ ਸਾਜ਼ਿਸ਼ ਤਹਿਤ ਇਕੱਠੇ ਕੰਮ ਕਰ ਰਹੇ ਹਨ।
ਮੀਟਿੰਗ ਵਿੱਚ ਕੋਰ ਕਮੇਟੀ ਨੇ ਇਹ ਵੀ ਫ਼ੈਸਲਾ ਕੀਤਾ ਕਿ 19 ਜੁਲਾਈ ਨੂੰ ਦਿੱਲੀ ਸਥਿਤ ਜੰਤਰ-ਮੰਤਰ ’ਤੇ ਰੋਸ ਪ੍ਰਦਰਸ਼ਨ ਅਤੇ 20 ਜੁਲਾਈ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਅੱਗੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਕੇ ਹਰਿਆਣਾ ਵਿੱਚ ‘ਆਪ’ ਨੂੰ ਮਜ਼ਬੂਤ ਕਰਨ ਸਬੰਧੀ ਸਾਜ਼ਿਸ਼ ’ਚ ਕੇਰਜੀਵਾਲ ਦੀ ਭੂਮਿਕਾ ਨੂੰ ਬੇਨਕਾਬ ਕਰਨ ਵਾਸਤੇ ਧਰਨਾ ਦਿੱਤਾ ਜਾਵੇਗਾ। ਕੋਰ ਕਮੇਟੀ ਨੇ ਇਹ ਵੀ ਕਿਹਾ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਗਾਏ ਗੀਤ ‘ਐੱਸਵਾਈਐੱਲ’ ਅਤੇ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ ਵਿੱਚ ਕੁਝ ਇਤਰਾਜ਼ਯੋਗ ਨਹੀਂ ਹੈ। ਇਸ ਲਈ ਇਨ੍ਹਾਂ ਦੋਵੇਂ ਗੀਤਾਂ ’ਤੇ ਪਾਬੰਦੀ ਗੈਰਵਾਜਬ ਹੈ। ਮੀਟਿੰਗ ’ਚ ਦੋਵੇਂ ਗਾਇਕਾਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਯੂਥ ਅਕਾਲੀ ਦਲ ਦੇ ਵਰਕਰਾਂ ਵੱਲੋਂ ਇਨ੍ਹਾਂ ਪਾਬੰਦੀਆਂ ਦੇ ਖ਼ਿਲਾਫ਼ ਰੋਸ ਵਜੋਂ ਸਾਰੇ ਜ਼ਿਲ੍ਹਿਆਂ ਵਿੱਚ ਟਰੈਕਟਰ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ।
ਇਸ ਦੌਰਾਨ ਕੋਰ ਕਮੇਟੀ ਨੇ ‘ਆਪ’ ਦੇ ਇੱਕ ਮੰਤਰੀ ਵੱਲੋਂ ਨਾਰਥ ਜ਼ੋਨ ਕੌਂਸਲ ਦੀ ਮੀਟਿੰਗ ਵਿੱਚ ਐੱਸਵਾਈਐੱਲ ਦੇ ਮਾਮਲੇ ਦੇ ਨਿਪਟਾਰੇ ਲਈ ਟ੍ਰਿਬਿਊਨਲ ਬਣਾਉਣ ਸਬੰਧੀ ਮੰਗ ਦੀ ਨਿਖੇਧੀ ਕੀਤੀ ਤੇ ਇਸ ਨੂੰ ਪੰਜਾਬ ਦੇ ਦਰਿਆਈ ਪਾਣੀ ਸਿੱਧੇ ਤੇ ਅਸਿੱਧੇ ਢੰਗ ਨਾਲ ਖੋਹ ਕੇ ਹਰਿਆਣਾ ਨੂੰ ਦੇਣ ਦੀ ਸਾਜ਼ਿਸ਼ ਕਰਾਰ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਆਗੂ ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਬਲਦੇਵ ਸਿੰਘ ਮਾਨ ਤੇ ਜਗਮੀਤ ਸਿੰਘ ਬਰਾੜ ਸ਼ਾਮਲ ਸਨ।