ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 4 ਜਨਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਸਮੂਹ ਤਾਲਮੇਲ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਨਿਜਰਪੁਰਾ ਟੌਲ ਪਲਾਜ਼ੇ ’ਤੇ ਲਗਾਤਾਰ ਚੱਲ ਰਹੀ ਭੁੱਖ ਹੜਤਾਲ ਦੀ ਕਮਾਨ ਅੱਜ ਪੰਜ ਬੀਬੀਆਂ ਦੇ ਜਥੇ ਨੇ ਸੰਭਾਲੀ। ਇਸੇ ਦੌਰਾਨ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਦੇ ਬਾਹਰ ਚੱਲ ਰਿਹਾ ‘ਰੇਲ ਰੋਕੋ ਅੰਦੋਲਨ’ ਭਾਰੀ ਮੀਂਹ ਦੇ ਬਾਵਜੂਦ ਗੁਰਬਚਨ ਸਿੰਘ ਚੱਬਾ ਅਤੇ ਗੁਰਲਾਲ ਸਿੰਘ ਪੰਡੋਰੀ ਦੀ ਅਗਵਾਈ ਹੇਠ 103ਵੇਂ ਦਿਨ ਵੀ ਜਾਰੀ ਰਿਹਾ। ਅੱਜ ਜ਼ੋਨ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ’ਚ ਕਿਸਾਨਾਂ ਦਾ ਕਾਫ਼ਲਾ ਅੰਦੋਲਨ ਵਿੱਚ ਸ਼ਾਮਲ ਹੋਇਆ। ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਤੇ ਗੁਰਸਾਹਿਬ ਸਿੰਘ ਚਾਟੀਵਿੰਡ ਨੇ ਦੱਸਿਆ ਕਿ ਨਿਜਰਪੁਰਾ ਟੌਲ ਪਲਾਜ਼ੇ ’ਤੇ ਚੱਲ ਰਿਹਾ ਧਰਨਾ ਅੱਜ 95ਵੇਂ ਦਿਨ ’ਚ ਦਾਖ਼ਲ ਹੋ ਚੁੱਕਿਆ ਹੈ। ਆਗੂਆਂ ਨੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਦੀ ਨਿਖੇਧੀ ਕਰਦਿਆਂ ਖੇਤੀ ਕਾਨੂੰਨ ਰੱਦ ਹੋਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਅੱਜ ਗੁਰਵਿੰਦਰ ਕੌਰ ਚਾਟੀਵਿੰਡ, ਸੁਖਵਿੰਦਰ ਕੌਰ ਚਾਟੀਵਿੰਡ, ਬਲਜੀਤ ਕੌਰ ਚਾਟੀਵਿੰਡ, ਜਸਬੀਰ ਕੌਰ ਚਾਟੀਵਿੰਡ, ਹਰਭਜਨ ਕੌਰ ਝੀਤੇ ਨੇ ਭੁੱਖ ਹੜਤਾਲ ਕਰ ਕੇ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ। ਕਿਸਾਨ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਦਿੱਲੀ ਵਿੱਚ 26 ਜਨਵਰੀ ਨੂੰ ਟਰੈਕਟਰ ਮਾਰਚ ਤੇ ਹੋਰ ਪ੍ਰੋਗਰਾਮਾਂ ਦੀ ਤਿਆਰੀ ਲਈ ਪਿੰਡਾਂ ਵਿੱਚ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਧਰਨਿਆਂ ’ਚ ਸ਼ਿਰਕਤ ਕਰਨ ਦੀ ਅਪੀਲ ਕੀਤੀ।