ਜਗਮੋਹਨ ਸਿੰਘ
ਰੂਪਨਗਰ 8 ਮਾਰਚ
ਛੇ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪੰਚਾਇਤ ਸਮਿਤੀ ਰੂਪਨਗਰ ਵਿਖੇ ਕੰਮ ਕਰਦੇ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਛੇਵੇਂ ਦਿਨ ਵੀ ਜਾਰੀ। ਸੰਮਤੀ ਕਰਮਚਾਰੀਆਂ ਦੀ ਲਗਾਤਾਰ ਹੜਤਾਲ ਕਾਰਨ ਵਿਧਾਨ ਸਭਾ ਹਲਕਾ ਰੂਪਨਗਰ ਦੇ ਵੱਖ ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਖੜੋਤ ਆਉਣੀ ਸ਼ੁਰੂ ਹੋ ਗਈ ਹੈ। ਪੰਚਾਇਤ ਸਕੱਤਰਾਂ ਦੇ ਦਸਤਖਤਾਂ ਤੋਂ ਬਿਨਾਂ ਪੰਚਾਇਤੀ ਖਾਤਿਆਂ ਵਿੱਚ ਪੈਸੇ ਨਾ ਨਿਕਲਣ ਕਾਰਨ ਸਰਪੰਚਾਂ ਨੂੰ ਵਿਕਾਸ ਕਾਰਜਾਂ ਵਿੱਚ ਜੁਟੇ ਮਜ਼ਦੂਰਾਂ ਦੀ ਮਜ਼ਦੂਰੀ ਅਤੇ ਲੋੜੀਂਦੇ ਸਾਮਾਨ ਦੇ ਬਿੱਲਾਂ ਦਾ ਭੁਗਤਾਨ ਕਰਨਾ ਔਖਾ ਹੋ ਗਿਆ ਹੈ। ਸਰਪੰਚਾਂ ਨੇ ਵੀ ਸਮਿਤੀ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਨੂੰ ਹਮਾਇਤ ਦੇਣੀ ਸ਼ੁਰੂ ਕਰ ਦਿੱਤੀ ਹੈ। ਹੜਤਾਲੀ ਕਰਮਚਾਰੀਆਂ ਦੇ ਰੋਸ ਧਰਨੇ ਨੂੰ ਅੱਜ ਸੰਬੋਧਨ ਕਰਦਿਆਂ ਸਰਪੰਚ ਯੂਨੀਅਨ ਦੇ ਬਲਾਕ ਪ੍ਰਧਾਨ ਚਰਨਜੀਤ ਸਿੰਘ ਮਿਆਣੀ ਨੇ ਦੋਸ਼ ਲਾਇਆ ਕਿ ਸਰਕਾਰ ਨੇ ਵਿਧਾਨ ਸਭਾ ਹਲਕਾ ਰੂਪਨਗਰ ਅਧੀਨ ਪੈਂਦੇ ਪਿੰਡਾਂ ਨੂੰ ਸਾਢੇ ਚਾਰ ਸਾਲ ਕੋਈ ਗਰਾਂਟ ਨਹੀਂ ਦਿੱਤੀ। ਉਨ੍ਹਾਂ ਮੰਗ ਕੀਤੀ ਕਿ ਪੰਚਾਇਤ ਸੰਮਤੀ ਕਰਮਚਾਰੀਆਂ ਦੀਆਂ ਤਨਖਾਹਾਂ ਦਾ ਭੁਗਤਾਨ ਜਲਦੀ ਤੋਂ ਜਲਦੀ ਹੜਤਾਲ ਖੁਲ੍ਹਵਾਈ ਜਾਵੇ।