ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਸਤੰਬਰ
ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਮਜ਼ਦੂਰ ਅੱਜ ਦੂਜੇ ਦਿਨ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਸਾਹਮਣੇ ਮੁੱਖ ਸੜਕ ਉਪਰ ਲਾਏ ਪੱਕੇ ਮੋਰਚੇ ’ਤੇ ਡਟੇ ਰਹੇ। ਇਥੇ ਬਾਅਦ ਦੁਪਹਿਰ ਵੇਲੇ ਸਥਿਤੀ ਉਦੋਂ ਤਣਾਅਪੂਰਨ ਬਣ ਗਈ ਜਦੋਂ ਸਾਂਝੇ ਮੋਰਚੇ ਵਲੋਂ ਐਲਾਨ ਕੀਤਾ ਗਿਆ ਕਿ ਜੇਕਰ ਪ੍ਰਸ਼ਾਸਨ ਨੇ ਗੱਲ ਨਾ ਸੁਣੀ ਤਾਂ ਉਹ ਰੋਕਾਂ ਤੋੜ ਕੇ ਅੱਗੇ ਵਧਣਗੇ। ਪ੍ਰਸ਼ਾਸਨ ਨੇ ਹਾਲਾਤ ਤਣਾਅਪੂਰਨ ਬਣਦਿਆਂ ਹੀ ਵੱਡੀ ਤਾਦਾਦ ’ਚ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ। ਇਸ ਤੋਂ ਬਾਅਦ ਐਸਡੀਐਮ ਨਵਰੀਤ ਕੌਰ ਸੇਖੋਂ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਅਤੇ ਐਸਪੀ ਪਲਵਿੰਦਰ ਸਿੰਘ ਚੀਮਾ ਦੀ ਸਾਂਝਾ ਮਜ਼ਦੂਰ ਮੋਰਚਾ ਦੇ ਸੂਬਾਈ ਆਗੂਆਂ ਨਾਲ ਡੇਢ ਘੰਟਾ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ 14 ਸਤੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਸਵੇਰੇ 10 ਵਜੇ ਚੰਡੀਗੜ੍ਹ ਵਿਚ ਮੀਟਿੰਗ ਤੈਅ ਕਰਵਾਈ। ਮੋਰਚੇ ਦੇ ਸੂਬਾ ਆਗੂ ਮੁਕੇਸ਼ ਮਲੌਦ ਤੇ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਜੇ ਵਿੱਤ ਮੰਤਰੀ ਨਾਲ ਮੀਟਿੰਗ ’ਚ ਹਾਂ-ਪੱਖੀ ਸਿੱਟਾ ਨਾ ਨਿਕਲਿਆ ਤਾਂ ਭਲਕੇ ਹੀ ਅਗਲਾ ਤਿੱਖਾ ਐਕਸ਼ਨ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਪੀਟਰ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਪੰਜਾਬ ਖੇਤ ਮਜ਼ਦੂਰ ਸਭਾ ਦੀ ਜਨਰਲ ਸਕੱਤਰ ਦੇਵੀ ਕੁਮਾਰੀ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਮੱਖਣ ਸਿੰਘ ਰਾਮਗੜ੍ਹ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਪ੍ਰਗਟ ਸਿੰਘ ਕਾਲਾਝਾੜ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਉਨ੍ਹਾਂ ਮੰਗ ਪੱਤਰ ਭੇਜ ਕੇ 12 ਤੋਂ 14 ਸਤੰਬਰ ਤੱਕ ਮੁੱਖ ਮੰਤਰੀ ਦੇ ਘਰ ਅੱਗੇ ਮੋਰਚਾ ਲਗਾਉਣ ਦਾ ਐਲਾਨ ਕੀਤਾ ਸੀ ਪਰ ਮੁੱਖ ਮੰਤਰੀ ਨੇ ਮਜ਼ਦੂਰਾਂ ਦੇ ਮਸਲੇ ਹੱਲ ਨਹੀਂ ਕੀਤੇ।
ਉਨ੍ਹਾਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਜਰਮਨ ਵਰਗੇ ਸਾਮਰਾਜੀ ਮੁਲਕ ’ਚ ਜਾ ਕੇ ਵਿਦੇਸ਼ੀ ਕੰਪਨੀਆਂ ਨੂੰ ਪੰਜਾਬ ਦੇ ਅਮੀਰ ਕੁਦਰਤੀ ਸਰੋਤਾਂ ਨੂੰ ਲਟਾਉਣ ਦੇ ਸੱਦੇ ਦਿੱਤੇ ਜਾ ਰਹੇ ਹਨ, ਜਦੋਂ ਕਿ ਸ਼ਹੀਦ ਭਗਤ ਸਿੰਘ ਨੇ ਸਾਮਰਾਜ ਨੂੰ ਮੁਲਕ ’ਚੋਂ ਭਜਾਉਣ ਲਈ ਜਾਨ ਦੀ ਬਾਜ਼ੀ ਲਗਾ ਦਿੱਤੀ ਸੀ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸਰਕਾਰ ਖ਼ਿਲਾਫ਼ ਤਿੱਖਾ ਐਕਸ਼ਨ ਕੀਤਾ ਜਾਵੇਗਾ। ਰੋਸ ਧਰਨੇ ਨੂੰ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਮਹੂਰੀ ਕਿਸਾਨ ਸਭਾ ਦੇ ਪ੍ਰਗਟ ਸਿੰਘ ਜਾਮਾਰਾਏ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਪੰਜਾਬ ਕਿਸਾਨ ਸਭਾ ਦੇ ਬਲਦੇਵ ਸਿੰਘ ਨਿਹਾਲਗੜ੍ਹ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ, ਡੀਐਮਐਫ ਦੇ ਆਗੂ ਸੁਖਵਿੰਦਰ ਗਿਰ, ਡੀਟੀਐਫ ਦੇ ਆਗੂ ਰਘਵੀਰ ਭਵਾਨੀਗੜ੍ਹ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਜਸਕਰਨ ਬਾਵਾ ਨੇ ਸੰਬੋਧਨ ਕੀਤਾ। ਮੋਰਚੇ ਦੀ ਅਗਵਾਈ ਮਜ਼ਦੂਰ ਆਗੂਆਂ ਪਰਮਜੀਤ ਲੌਂਗੋਵਾਲ, ਹੰਸ ਰਾਜ ਪੱਬਵਾਂ, ਗੁਲਜ਼ਾਰ ਗੌਰੀਆਂ, ਜ਼ੋਰਾ ਸਿੰਘ ਨਸਰਾਲੀ,ਦਰਸ਼ਨ ਨਾਹਰ, ਲਖਵੀਰ ਲੌਂਗੋਵਾਲ, ਭਗਵੰਤ ਸਿੰਘ ਸਮਾਓਂ ਨੇ ਕੀਤੀ।