ਚਰਨਜੀਤ ਭੁੱਲਰ
ਚੰਡੀਗੜ੍ਹ, 30 ਅਗਸਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਅੱਜ ਮੋੜਵਾਂ ਜੁਆਬ ਦਿੰਦਿਆਂ ਕਿਹਾ ਕਿ ਮਨੋਹਰ ਲਾਲ ਖੱਟਰ ਝੂਠ ਬੋਲਣ ਦੀ ਥਾਂ ਕਿਸਾਨਾਂ ਦੇ ਅਹਿਸਾਸ ਸਮਝਣ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਖੇਤੀ ਕਾਨੂੰਨ ਰੱਦ ਕਰਾਏ, ਨਾ ਕਿ ਆਪਣੀ ਜ਼ਿੰਮੇਵਾਰੀ ਕਿਸੇ ਸਿਰ ਸੁੱਟੇ। ਅਮਰਿੰਦਰ ਸਿੰਘ ਨੇ ਪੇਸ਼ਕਸ਼ ਕੀਤੀ ਕਿ ਜੇ ਹਰਿਆਣਾ ਸਰਕਾਰ ਖੇਤੀ ਕਾਨੂੰਨ ਰੱਦ ਕਰਾਉਂਦੀ ਹੈ ਤਾਂ ਉਹ ਖੁਦ ਮਨੋਹਰ ਲਾਲ ਖੱਟਰ ਦਾ ਮੂੰਹ ਮਿੱਠਾ ਕਰਾਉਣਗੇ। ਦੱਸਣਯੋਗ ਹੈ ਕਿ ਅੱਜ ਮੁੱਖ ਮੰਤਰੀ ਖੱਟਰ ਨੇ ਇਲਜ਼ਾਮ ਲਾਏ ਹਨ ਕਿ ਕਿਸਾਨ ਅੰਦੋਲਨ ਪਿੱਛੇ ਪੰਜਾਬ ਦਾ ਹੱਥ ਹੈ। ਅਮਰਿੰਦਰ ਨੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਦਾ ਕਿਸਾਨ ਵਿਰੋਧੀ ਏਜੰਡਾ ਬੇਪਰਦ ਹੋ ਗਿਆ ਹੈ। ਉਨ੍ਹਾਂ ਖੱਟਰ ਨੂੰ ਚੇਤੇ ਕਰਾਇਆ ਕਿ ਜਿਨ੍ਹਾਂ ਕਿਸਾਨਾਂ ’ਤੇ ਹਰਿਆਣਾ ਪੁਲੀਸ ਨੇ ਡਾਂਗਾਂ ਵਰ੍ਹਾਈਆਂ ਹਨ, ਉਹ ਪੰਜਾਬ ਦੇ ਨਹੀਂ ਸਗੋਂ ਹਰਿਆਣਾ ਦੇ ਕਿਸਾਨ ਸਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਕਿਸਾਨ ਦੇ ਦਰਦ ਨੂੰ ਸਮਝਿਆ ਹੁੰਦਾ ਤਾਂ ਅੱਜ ਇਹ ਹਾਲਾਤ ਨਹੀਂ ਬਣਨੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਕਰਨਾਲ ਦੇ ਐੱਸ.ਡੀ.ਐੱਮ ਦੀ ਵਾਇਰਲ ਵੀਡੀਓ ਨੇ ਹਰਿਆਣਾ ਦੇ ਮੁੱਖ ਮੰਤਰੀ ਦੇ ਝੂਠ ਦੇ ਪਾਜ ਉਧੇੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਟੱਸ ਤੋਂ ਮੱਸ ਨਾ ਹੋਣ ਕਰਕੇ ਕਿਸਾਨ ਖਫ਼ਾ ਹਨ ਅਤੇ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਦੀ ਭਾਜਪਾ ਦੀ ਹੱਠਧਰਮੀ ਇਹ ਸਿੱਧ ਕਰਦੀ ਹੈ ਕਿ ਇਸ ਵਿੱਚ ਭਾਜਪਾ ਅਤੇ ਉਨ੍ਹਾਂ ਦੀ ਲੀਡਰਸ਼ਿਪ ਦੇ ਸੌੜੇ ਹਿੱਤ ਛੁਪੇ ਹੋਏ ਹਨ ਜੋ ਇਕ ਵਾਰ ਫੇਰ ਆਮ ਆਦਮੀ ਉੱਤੇ ਆਪਣੇ ਪੂੰਜੀਪਤੀ ਮਿੱਤਰਾਂ ਦਾ ਗਲਬਾ ਪੁਆਉਣਾ ਚਾਹੁੰਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘ਖੇਤੀ ਸੈਕਟਰ ਵਿੱਚ ਤੁਹਾਡੀ ਪਾਰਟੀ ਵੱਲੋਂ ਪੈਦਾ ਕੀਤੀ ਗੜਬੜੀ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਬਜਾਏ ਤੁਸੀਂ ਖੇਤੀ ਕਾਨੂੰਨ ਰੱਦ ਕਰੋ।’
‘ਭਾਜਪਾ ਨੂੰ ਕੀਮਤ ਚੁਕਾਉਣੀ ਪਵੇਗੀ’
ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਆਗਾਮੀ ਵਿਧਾਨ ਸਭਾ ਚੋਣਾਂ ਅਤੇ ਹੋਰਨਾਂ ਚੋਣਾਂ ਵਿੱਚ ਭਾਜਪਾ ਨੂੰ ਆਪਣੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਇਸ ਸਮੇਂ ਦੌਰਾਨ ਹਿੰਸਾ ਦੀ ਇੱਕ ਵੀ ਘਟਨਾ ਨਹੀਂ ਦੇਖੀ ਗਈ। ਉਨ੍ਹਾਂ ਅੱਗੇ ਕਿਹਾ,‘ਹਾਲ ਹੀ ਵਿੱਚ, ਜਦੋਂ ਗੰਨਾ ਕਾਸ਼ਤਕਾਰਾਂ ਨੇ ਵਿਰੋਧ ਪ੍ਰਦਰਸ਼ਨ ਕੀਤੇ ਤਾਂ ਅਸੀਂ ਉਨ੍ਹਾਂ ਨੂੰ ਦਬਾਉਣ ਲਈ ਤਾਕਤ ਦੀ ਅੰਨ੍ਹੇਵਾਹ ਵਰਤੋਂ ਕਰਨ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਮਸਲਾ ਹੱਲ ਕੀਤਾ।’ ਗੰਨਾ ਕਾਸ਼ਤਕਾਰਾਂ ਦੇ ਵਿਰੋਧ ਦਾ ਹੱਲ ਕੀਤੇ ਜਾਣ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਲੱਡੂ ਖੁਆਉਣ ’ਤੇ ਖੱਟਰ ਦੀ ਟਿੱਪਣੀ ਦਾ ਜਵਾਬ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, ‘ਤੁਸੀਂ ਖੇਤੀਬਾੜੀ ਕਾਨੂੰਨ ਰੱਦ ਕਰ ਦਿਉ ਅਤੇ ਫੇਰ ਨਾ ਸਿਰਫ਼ ਕਿਸਾਨ ਸਗੋਂ ਮੈਂ ਵੀ ਤੁਹਾਨੂੰ ਲੱਡੂ ਖੁਆਵਾਂਗਾ।’