ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 12 ਦਸੰਬਰ
ਕਸਬਾ ਫਤਿਹਾਬਾਦ ਦੇ ਚੰਡੀਗੜ੍ਹ ਮੁਹੱਲੇ ਦੇ ਨੌਜਵਾਨ ਦੀ ਕੁੱਟਮਾਰ ਹੋਣ ਤੋਂ ਬਾਅਦ ਤਰਨ ਤਾਰਨ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕਰਨਬੀਰ ਸਿੰਘ ਵਾਸੀ ਮੁਹੱਲਾ ਚੰਡੀਗੜ੍ਹ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੌਤ ਲਈ ਸਥਾਨਕ ਬਿਜਲੀ ਘਰ ਦੇ ਮੁਲਾਜ਼ਮਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕ ਦੇ ਪਿਤਾ ਦਲਬੀਰ ਸਿੰਘ ਨੇ ਦੱਸਿਆ ਕਿ ਕਰਨਬੀਰ ਸਿੰਘ ਘਰੋਂ ਬਾਲਣ ਲੈਣ ਗਿਆ ਸੀ, ਜਿੱਥੇ ਬਿਜਲੀ ਘਰ ਫਤਿਆਬਾਦ ਦੇ ਮੁਲਾਜ਼ਮਾਂ ਵੱਲੋਂ ਉਸ ਨੂੰ ਦਰੱਖ਼ਤ ਨਾਲ ਬੰਨ੍ਹ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਪਹਿਲਾਂ ਖਡੂਰ ਸਾਹਿਬ ਤੇ ਫਿਰ ਤਰਨ ਤਾਰਨ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਪੀੜਤ ਪਰਿਵਾਰ ਨੇ ਪੁਲੀਸ ਕੋਲ ਸ਼ਿਕਾਇਤ ਦੇ ਦਿੱਤੀ ਹੈ।