ਪੱਤਰ ਪ੍ਰੇਰਕ
ਰੂਪਨਗਰ, 28 ਸਤੰਬਰ
ਪੰਜਾਬ ਯੂਥ ਕਾਂਗਰਸ ਵੱਲੋਂ ਲੰਮੇ ਸਮੇਂ ਤੋਂ ਕਾਂਗਰਸੀ ਪਾਰਟੀ ਦੇ ਨਾਲ ਵਫ਼ਾਦਾਰੀ ਨਿਭਾਉਣ ਵਾਲੇ ਲੋਕਾਂ ਨੂੰ ਸਨਮਾਨਿਤ ਕਰਨ ਲਈ ‘ਕਾਂਗਰਸ ਦੇ ਹੀਰੇ’ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਸੂਬੇ ਵਿੱਚ ਟਕਸਾਲੀ ਕਾਂਗਰਸੀ ਪਰਿਵਾਰਾ ਦੀ ਪਛਾਣ ਕਰਕੇ ਉਨਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵੱਲੋਂ ਦਿੱਤੇ ਗਏ ਯਾਦਗਾਰੀ ਚਿੰਨ੍ਹ ਭੇਟ ਕੀਤੇ ਜਾ ਰਹੇ ਹਨ। ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ। ਇਸ ਮੁਹਿੰਮ ਦਾ ਆਗਾਜ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਨਗਰ ਕੌਂਸਲ ਦੇ ਪ੍ਰਧਾਨ ਰਹੇ ਮਰਹੂਮ ਖਿਲਾੜੀ ਰਾਮ ਬੁੱਧੀਰਾਜਾ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਫਿਰ ਗੁਰਦਿੱਤ ਸਿੰਘ ਖੁੰਡੇਵਾਲੇ ਦੇ ਘਰ ਪੁੱਜ ਕੇ ਪਰਿਵਾਰਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ।
ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢਿੱਲੋਂ ਨੇ ਕਿਹਾ ਕਿ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਯੂਥ ਕਾਂਗਰਸ ਵੱਲੋਂ ਸਾਂਝੀ ਸਿਆਸਤ ਸਾਂਝੀ ਵਿਰਾਸਤ ਸਾਂਭਣ ਦਾ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ।