ਦਵਿੰਦਰ ਪਾਲ
ਚੰਡੀਗੜ੍ਹ, 23 ਨਵੰਬਰ
ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਸਣੇ ਸਵਾ ਸੌ ਤੋਂ ਵੱਧ ਥਾਵਾਂ ’ਤੇ ਕਿਸਾਨ ਮੋਰਚੇ ਜਾਰੀ ਹਨ। ਅੱਜ ਵੱਖ-ਵੱਖ ਥਾਈਂ ਮੋਰਚਿਆਂ ’ਚ ਬੁਲਾਰਿਆਂ ਨੇ ਨੌਜਵਾਨਾਂ ਨੂੰ 26 ਨਵੰਬਰ ਨੂੰ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਵੱਧ ਤੋਂ ਵੱਧ ਦਿੱਲੀ ਮੋਰਚੇ ’ਚ ਪਹੁੰਚਣ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ 25 ਅਤੇ 26 ਨਵੰਬਰ ਨੂੰ ਦਿੱਲੀ ਮੋਰਚੇ ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਿਕ ਪੰਜਾਬ ਵਿੱਚੋਂ ਕਿਸਾਨ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਦਿੱਲੀ ਦੇ ਧਰਨਿਆਂ ’ਚ ਸ਼ਮੂਲੀਅਤ ਕਰਨਗੀਆਂ। ਉਨ੍ਹਾਂਂ ਦੱਸਿਆ ਕਿ ਦਿੱਲੀ ਮੋਰਚਿਆਂ ’ਤੇ ਕਿਸਾਨਾਂ ਦੇ ਵੱਡੇ ਕਾਫਲੇ ਭੇਜਣ ਲਈ ਜ਼ਿਲ੍ਹਿਆਂ, ਬਲਾਕਾਂ ਅਤੇ ਪਿੰਡਾਂ ਵਿੱਚ ਮੀਟਿੰਗਾਂ, ਵਾਲੰਟੀਅਰਾਂ ਦੀਆਂ ਸੂਚੀਆਂ ਬਣਾਉਣ ਤੇ ਹੋਰ ਪ੍ਰਬੰਧਾਂ ਲਈ ਤਿਆਰੀਆਂ ਜਾਰੀ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਕਿ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਸੈਸ਼ਨ ਦੌਰਾਨ ਹਰ ਰੋਜ਼ 500 ਕਿਸਾਨਾਂ ਦਾ ਜਥਾ ਸੰਸਦ ਅੱਗੇ ਰੋਸ ਮੁਜ਼ਾਹਰੇ ਲਈ ਜਾਵੇਗਾ। ਇਸ ਪ੍ਰੋਗਰਾਮ ’ਚ ਸ਼ਮੂਲੀਅਤ ਲਈ ਵਾਲੰਟੀਅਰਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਨਾਮ ਲਿਖਾਉਣ ਦੀ ਅਪੀਲ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮਾਨਸਾ, ਬਠਿੰਡਾ, ਬਰਨਾਲਾ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ ਸਾਹਿਬ ਸਮੇਤ ਵੱਖ-ਵੱਖ ਜ਼ਿਲ੍ਹਿਆਂਂ ਵਿੱਚ ਨੁੱਕੜ-ਮੀਟਿੰਗਾਂ ਦਾ ਦੌਰ ਜਾਰੀ ਹੈ। ਮਾਝਾ ਮਾਲਵਾ ਤੇ ਦੋਆਬਾ ’ਚੋਂ ਅੱਜ ਦਿੱਲੀ ਲਈ ਕਾਫਲੇ ਵੀ ਰਵਾਨਾ ਹੋਏ। ਉਨ੍ਹਾਂ ਕਿਹਾ ਕਿ ਭਾਵੇਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਹੋ ਗਿਆ ਹੈ, ਪਰ ਹੋਰ ਅਹਿਮ ਮੰਗਾਂ ਬਾਕੀ ਹਨ। ਜਦੋਂ ਤੱਕ ਉਨ੍ਹਾਂ ਦਾ ਹੱਲ ਨਹੀਂ ਹੁੰਦਾ ਪੰਜਾਬ ਤੋਂ ਜਥੇ ਲਗਾਤਾਰ ਰਵਾਨਾ ਹੁੰਦੇ ਰਹਿਣਗੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇੱਕ ਸਾਲ ਤੋਂ ਲਗਾਤਾਰ ਚੱਲ ਰਹੇ ਕਿਸਾਨ-ਅੰਦੋਲਨ ’ਚ ਔਰਤਾਂ ਅਤੇ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਨੇ ਸੰਘਰਸ਼ ਨੂੰ ਮਜ਼ਬੂਤ ਕੀਤਾ, ਜਿਸ ਦੀ ਕੌਮਾਂਤਰੀ ਪੱਧਰ ’ਤੇ ਸ਼ਲਾਘਾ ਹੋਈ ਹੈ। ਉਨ੍ਹਾਂ ਕਿਹਾ ਕਿ ਔਰਤਾਂ-ਨੌਜਵਾਨਾਂ ਅਤੇ ਸਮਾਜ ਦੇ ਸਮੂਹ ਵਰਗਾਂ ਦੀ ਸ਼ਮੂਲੀਅਤ ਸਦਕਾ ਹੀ ਕਿਸਾਨ ਕੇਂਦਰ-ਸਰਕਾਰ ਨੂੰ ਝੁਕਾਉਣ ’ਚ ਕਾਮਯਾਬ ਹੋਏ ਹਨ।