ਦਵਿੰਦਰ ਪਾਲ
ਚੰਡੀਗੜ੍ਹ, 8 ਜੁਲਾਈ
ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ ਨੂੰ ਯੂ-ਟਿਊਬ ਨੇ ਭਾਰਤ ਵਿੱਚ ਸਰੋਤਿਆਂ ਦੀ ਪਹੁੰਚ ਤੋਂ ਦੂਰ ਕਰ ਦਿੱਤਾ ਹੈ। ਸੂਤਰਾਂ ਦਾ ਦੱਸਣਾ ਹੈ ਕਿ ਯੂ-ਟਿਊਬ ਵੱਲੋਂ ਇਹ ਕਦਮ ਭਾਰਤ ਸਰਕਾਰ ਦੇ ਇਤਰਾਜ਼ ਤੋਂ ਬਾਅਦ ਉਠਾਇਆ ਗਿਆ ਹੈ। ਸੂਫੀ ਗਾਇਕ ਵਜੋਂ ਮਸ਼ਹੂਰ ਕੰਵਰ ਗਰੇਵਾਲ ਨੇ ਆਪਣੇ ਨਵੇਂ ਰਿਲੀਜ਼ ਹੋਏ ਗੀਤ ‘ਰਿਹਾਈ’ ਰਾਹੀਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਆਵਾਜ਼ ਬੁਲੰਦ ਕੀਤੀ ਸੀ। ਇਸ ਗੀਤ ਰਾਹੀਂ ਗਾਇਕ ਨੇ ਕੇਂਦਰ ਸਰਕਾਰ ਵੱਲ ਇਸ਼ਾਰਾ ਕਰਦਿਆਂ ਤਿੱਖੀਆਂ ਟਿੱਪਣੀਆਂ ਵੀ ਕੀਤੀਆਂ ਸਨ। ਯੂ-ਟਿਊਬ ਵੱਲੋਂ ਪੰਜਾਬੀ ਗਾਇਕਾਂ ਦੇ ਗੀਤਾਂ ਨੂੰ ਭਾਰਤ ਵਿੱਚ ਲੋਕਾਂ ਦੀ ਪਹੁੰਚ ਤੋਂ ਦੂਰ ਕੀਤੇ ਜਾਣ ਜਾਂ ਭਾਰਤ ਵਿੱਚ ਪਾਬੰਦੀ ਲਗਾਏ ਜਾਣ ਦਾ ਇਹ ਦੂਜਾ ਮਾਮਲਾ ਹੈ। ਕੰਵਰ ਗਰੇਵਾਲ ਦਾ ਇਹ ਗੀਤ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਸੀ ਅਤੇ ਰਿਲੀਜ਼ ਹੁੰਦਿਆਂ ਹੀ ਭਾਰਤ ਸਰਕਾਰ ਦੀਆਂ ਏਜੰਸੀਆਂ ਦੀ ਨਿਗਰਾਨੀ ਹੇਠ ਆ ਗਿਆ। ਭਾਰਤ ਸਰਕਾਰ ਵਿਚਲੇ ਸੂਤਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਗੀਤਾਂ ਨਾਲ ਸਮਾਜ ’ਚ ਤਣਾਅ ਪੈਦਾ ਹੋ ਸਕਦਾ ਹੈ। ਇਸ ਤੋਂ ਪਹਿਲਾਂ ਮਰਹੂਮ ਗਾਇਕ ਦਾ ਗੀਤ ‘ਐੱਸਵਾਈਐੱਲ’ ਰਿਲੀਜ਼ ਹੋਣ ਦੇ ਕੁਝ ਦਿਨਾਂ ਬਾਅਦ ਹੀ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਸੀ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਭਾਰਤ ਸਰਕਾਰ ਦੇ ਸੂਚਨਾ ਤੇ ਤਕਨਾਲੋਜੀ ਮੰਤਰਾਲੇ ਵੱਲੋਂ ਪੰਜਾਬੀ ਗਾਇਕਾਂ ਦੇ ਗੀਤਾਂ ਦੀ ਅਕਸਰ ਸਮੀਖਿਆ ਕੀਤੀ ਜਾਂਦੀ ਹੈ। ਖਾਸ ਕਰ ਕੇ ਕਿਸਾਨ ਅੰਦੋਲਨ ਤੋਂ ਬਾਅਦ ਤਾਂ ਪੰਜਾਬੀ ਗਾਇਕਾਂ ਦੇ ਗੀਤਾਂ ’ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ।
ਕੰਵਰ ਗਰੇਵਾਲ ਦੇ ਗੀਤ ’ਤੇ ਲਗਾਈ ਪਾਬੰਦੀ ਖ਼ਤਮ ਹੋਵੇ: ਸੁਖਬੀਰ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕੰਵਰ ਗਰੇਵਾਲ ਵੱਲੋਂ ਗਾਏ ਗੀਤ ‘ਰਿਹਾਈ’ ’ਤੇ ਪਾਬੰਦੀ ਲਗਾਉਣ ਦੇ ਫੈਸਲੇ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਨਾਗਰਿਕਾਂ ਦੇ ਬੋਲਣ ਦੇ ਅਧਿਕਾਰ ਦੇ ਨਾਲ-ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਆਪਣਾ ਫ਼ੈਸਲਾ ਵਾਪਸ ਲਵੇ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੰਵਰ ਗਰੇਵਾਲ ਵੱਲੋਂ ਗਾਏ ਗੀਤ ‘ਰਿਹਾਈ’ ਵਿੱਚ ਦੁਨੀਆ ਭਰ ਵਿੱਚ ਵੱਸਦੇ ਸਿੱਖਾਂ ਦੀਆਂ ਭਾਵਨਾਵਾਂ ਦਰਸਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਗੀਤ ਵਿੱਚ ਪਾਬੰਦੀ ਲਗਾਉਣ ਵਾਲੀ ਕੋਈ ਗੱਲ ਨਹੀਂ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸੰਸਦ ਦੇ ਆਉਂਦੇ ਸੈਸ਼ਨ ਵਿੱਚ ਇਹ ਮਾਮਲਾ ਚੁੱਕਿਆ ਜਾਵੇਗਾ।