ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਅਪਰੈਲ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨਾਂ ਨੇ ਜਿਥੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਉਥੇ ਬਾਰਦਾਨੇ ਦੀ ਘਾਟ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ ਤਿੱਖੇ ਸ਼ਬਦੀ ਹਮਲੇ ਕੀਤੇ। ਕਿਸਾਨਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ’ਤੇ ਹੱਲ ਰਿਹਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੋ ਜਾਂਦੇ। ਉਦੋਂ ਤੱਕ ਕਿਸਾਨ ਸੰਘਰਸ਼ ਤੋਂ ਨਾ ਵਾਪਸ ਮੁੜਨਗੇ ਤੇ ਨਾ ਹੀ ਸਰਕਾਰ ਦੇ ਜਬਰ ਅੱਗੇ ਝੁਕਣਗੇ।
ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਤੇ ਰਿਲਾਇੰਸ ਪੰਪ ਖੇੜੀ ਅੱਗੇ ਪੱਕੇ ਰੋਸ ਧਰਨੇ ਜਾਰੀ ਹਨ ਜਦੋਂ ਕਿ 31 ਕਿਸਾਨ ਜਥੇਬੰਦੀਆਂ ਦਾ ਰੋਸ ਧਰਨਾ ਇਥੇ ਰੇਲਵੇ ਸਟੇਸ਼ਨ ਨੇੜੇ ਚੱਲ ਰਿਹਾ ਹੈ। ਭਾਕਿਯੂ ਏਕਤਾ ਉਗਰਾਹਾਂ ਦੇ ਰੋਸ ਧਰਨਿਆਂ ਨੂੰ ਗੋਬਿੰਦਰ ਸਿੰਘ ਮੰਗਵਾਲ, ਸਰੂਪ ਚੰਦ ਕਿਲਾਭਰੀਆਂ, ਕਰਮਜੀਤ ਮੰਗਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਬਲਦੇਵ ਸਿੰਘ ਬੱਗੂਆਣਾ, ਸੁਰਜੀਤ ਸਿੰਘ ਸੈਣੀ ਤੇ ਗੁਰਦੇਵ ਸਿੰਘ ਜੱਬੋਮਾਜਰਾ ਨੇ ਸੰਬੋਧਨ ਕੀਤਾ ਜਦੋਂਕਿ ਕਿਸਾਨ ਜਥੇਬੰਦੀਆਂ ਦੇ ਧਰਨੇ ਨੂੰ ਹਰਮੇਲ ਸਿੰਘ ਮਹਿਰੋਕ, ਨਿਰਮਲ ਸਿੰਘ ਬਟੜਿਆਣਾ, ਇੰਦਰਪਾਲ ਸਿੰਘ ਪੁੰਨਾਂਵਾਲ, ਮੋਹਨ ਲਾਲ, ਲੱਖਮੀ ਚੰਦ, ਸਰਬਜੀਤ ਵੜੈਚ ਆਦਿ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਜਿਥੇ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਉਥੇ ਲੋਕ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਦੇਸ਼ ਦੇ ਅੰਨਦਾਤਾ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ, ਉਹ ਕਿਸੇ ਵੀ ਵਰਗ ਦਾ ਕੁਝ ਨਹੀਂ ਸੰਵਾਰ ਸਕਦੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੱਤਾ ਦਾ ਜ਼ੋਰ ਨਾਲ ਸੰਘਰਸ਼ੀ ਕਿਸਾਨਾਂ ਨੂੰ ਜਬਰੀ ਉਠਾਉਣਾ ਚਾਹੁੰਦੀ ਹੈ ਪਰ ਕਿਸਾਨ ਬੁਲੰਦ ਹੌਂਸਲੇ ਨਾਲ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਨਾ ਤਾਂ ਕਿਸਾਨ ਵਾਪਸ ਘਰਾਂ ਨੂੰ ਪਰਤਣਗੇ ਅਤੇ ਨਾ ਹੀ ਕੇਂਦਰ ਦੇ ਜਬਰ ਅੱਗੇ ਝੁਕਣਗੇ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੇ ਖਰੀਦ ਪ੍ਰਬੰਧਾਂ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਅਨਾਜ ਮੰਡੀਆਂ ’ਚ ਬਾਰਦਾਨਾ ਨਾ ਮਿਲਣ ਕਾਰਨ ਕਿਸਾਨ ਖੱਜਲ ਹੋ ਰਹੇ ਹਨ ਜਿਸ ਕਰਕੇ ਕਿਸਾਨਾਂ ਦੀ ਕਣਕ ਦੀ ਬੋਲੀ ਲੱਗਣ ’ਚ ਦੇਰੀ ਹੋ ਰਹੀ ਹੈ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ) ਸੁਨਾਮ ’ਚ ਰਿਲਾਇੰਸ ਦੇ ਟਰੈਂਡਜ਼ ਮਾਲ ਅੱਗੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਵਿੱਚ, ਕੇਂਦਰ ਸਰਕਾਰ ਵੱਲੋਂ ਦਿਲੀ ਦੀਆਂ ਬਰੂਹਾਂ ’ਤੇ ਬੈਠੇ ਸੰਘਰਸ਼ੀ ਕਿਸਾਨਾਂ ਨੂੰ ਉਖੇੜਨ ਲਈ ਅਪਰੇਸ਼ਨ ਕਲੀਨ ਦੀ ਦਿੱਤੀ ਧਮਕੀ ਦਾ ਮੁੱਦਾ ਛਾਇਆ ਰਿਹਾ। ਅੱਜ ਮੋਰਚੇ ਨੂੰ ਸੰਬੋਧਨ ਕਰਦਿਆਂ ਗੋਬਿੰਦ ਸਿੰਘ ਚੱਠਾ, ਗੁਰਭਗਤ ਸ਼ਾਹਪੁਰ, ਮਹਿੰਦਰ ਨਮੋਲ ਅਤੇ ਰਾਮ ਸ਼ਰਨ ਸਿੰਘ ਉਗਰਾਹਾਂ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਅਪਰਸ਼ਨ ਕਲੀਨ ਦੀਆਂ ਧਮਕੀਆਂ ਨਾ ਦੇਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜਿਹੀ ਗਲਤੀ ਨਾ ਕਰ ਬੈਠੇ। ਬੁਲਾਰਿਆਂ ਨੇ ਕਿਹਾ ਜੇ ਸਰਕਾਰ ਵੱਲੋਂ ਕਿਸਾਨਾਂ ਨੂੰ ਉਠਾਉਣ ਲਈ ਅਜਿਹੀ ਹਰਕਤ ਕੀਤੀ ਤਾਂ ਇਸ ਦੇ ਸਿਟੇ ਬਹੁਤ ਬੁਰੇ ਨਕਲਣਗੇ ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਆਗੂਆਂ ਨੇ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਕੇਂਦਰ ਇਹ ਨਾ ਸੋਚ ਲਵੇ ਕਿ ਉਸਦੀ ਇਸ ਕਾਰਵਾਈ ਨੂੰ ਕਿਸਾਨ ਚੁੱਪਚਾਪ ਬਰਦਾਸ਼ਤ ਕਰ ਲੈਣਗੇ। ਉਨ੍ਹਾਂ ਕਿਹਾ ਕਿ ਹੁਣ ਕਿਸਾਨ ਸਰਕਾਰ ਦੇ ਹਰ ਹੱਲੇ ਦਾ ਜਵਾਬ ਦੇਣਗੇ। ਆਗੂਆਂ ਨੇ ਕਿਹਾ ਕਿ ਅੱਠ ਮਹੀਨਿਆਂ ਤੋਂ ਸ਼ਾਂਤ ਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਰਕਾਰ ਕਮਜ਼ੋਰ ਨਾ ਸਮਝ ਲਵੇ ਜੇ ਇਹ ਆਪਣੀ ਆਈ ’ਤੇ ਆ ਗਏ ਤਾਂ ਮੋਦੀ ਨੂੰ ਆਪਣਾ ਤਖ਼ਤ ਬਚਾਉਣਾ ਮੁਸ਼ਕਲ ਹੋ ਜਾਵੇਗਾ।