ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਅਪਰੈਲ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਜਥੇਬੰਦੀਆਂ ਨੇ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਦਿੱਲੀ ਦੇ ਬਾਰਡਰਾਂ ਤੋਂ ਕਿਸਾਨਾਂ ਨੂੰ ਜਬਰੀ ਉਠਾਉਣ ਲਈ ‘ਅਪਰੇਸ਼ਨ ਕਲੀਨ’ ਕੀਤਾ ਗਿਆ ਤਾਂ ਭਾਜਪਾ ਪੂਰੇ ਦੇਸ਼ ਵਿੱਚੋਂ ‘ਕਲੀਨ’ ਹੋ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਰੀਬ 300 ਕਿਸਾਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ। ਸੰਘਰਸ਼ੀ ਕਿਸਾਨ ਮੋਰਚਿਆਂ ਤੋਂ ਕਿਸੇ ਵੀ ਹਾਲਤ ਵਿਚ ਪਿੱਛੇ ਨਹੀਂ ਹਟਣਗੇ ਅਤੇ ਸ਼ਾਂਤਮਈ ਢੰਗ ਨਾਲ ਕਿਸਾਨ ਅੰਦੋਲਨ ਹਰ ਹਾਲਤ ਵਿਚ ਜਾਰੀ ਰਹੇਗਾ। ਭਾਕਿਯੂ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਇੱਥੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਚੱਲ ਰਹੇ ਰੋਸ ਧਰਨਿਆਂ ਵਿੱਚ ਬੱਚੇ, ਨੌਜਵਾਨ, ਬੀਬੀਆਂ ਅਤੇ ਕਿਸਾਨ ਡਟੇ ਹੋਏ ਹਨ ਜਦੋਂ ਕਿ 31 ਕਿਸਾਨ ਜਥੇਬੰਦੀਆਂ ਦਾ ਰੋਸ ਧਰਨਾ ਸਥਾਨਕ ਰੇਲਵੇ ਸਟੇਸ਼ਨ ਨੇੜੇ ਜਾਰੀ ਹੈ। ਭਾਕਿਯੂ ਏਕਤਾ (ਉਗਰਾਹਾਂ) ਦੇ ਰੋਸ ਧਰਨਿਆਂ ਨੂੰ ਗੋਬਿੰਦਰ ਸਿੰਘ ਬਡਰੁੱਖਾਂ, ਗੁਰਦੀਪ ਸਿੰਘ ਕੰਮੋਮਾਜਰਾ, ਸੋਮ ਨਾਥ ਸ਼ੇਰੋਂ, ਕਰਮਜੀਤ ਮੰਗਵਾਲ, ਸਰੂਪ ਚੰਦ ਕਿਲਾਭਰੀਆਂ, ਰਣਜੀਤ ਸਿੰਘ ਲੌਂਗੋਵਾਲ, ਹਰਪਾਲ ਸਿੰਘ, ਦਰਬਾਰਾ ਸਿੰਘ ਲੋਹਾਖੇੜਾ ਆਦਿ ਨੇ ਸੰਬੋਧਨ ਕੀਤਾ ਜਦੋਂ ਕਿ ਸਟੇਸ਼ਨ ਨੇੜੇ ਧਰਨੇ ਨੂੰ ਹਰਮੇਲ ਸਿੰਘ ਮਹਿਰੋਕ, ਮੋਹਨ ਲਾਲ, ਨਿਰਮਲ ਸਿੰਘ ਬਟੜਿਆਣਾ, ਇੰਦਰਪਾਲ ਪੁੰਨਾਂਵਾਲ, ਡਾ. ਅਮਨਦੀਪ ਕੌਰ, ਸਵਰਨਜੀਤ ਸਿੰਘ, ਬਲਦੇਵ ਸਿੰਘ ਬੁਗਰਾ ਆਦਿ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ੀ ਕਿਸਾਨ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਹਰ ਸਾਜ਼ਿਸ਼ੀ ਹਮਲੇ ਦਾ ਸ਼ਾਂਤਮਈ ਢੰਗ ਨਾਲ ਟਾਕਰਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ‘ਅਪਰੇਸ਼ਨ ਕਲੀਨ’ ਕਿਸਾਨਾਂ ਦਾ ਕੁੱਝ ਨਹੀਂ ਵਿਗਾੜ ਸਕੇਗਾ ਸਗੋਂ ਇਸ ਨਾਲ ਭਾਜਪਾ ਪੂਰੇ ਦੇਸ਼ ਵਿਚੋਂ ‘ਕਲੀਨ’ ਹੋ ਜਾਵੇਗੀ। ਭਾਕਿਯੂ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਭਰਮ ਭੁਲੇਖਾ 21 ਅਪਰੈਲ ਮਗਰੋਂ ਦੂਰ ਹੋ ਜਾਵੇਗਾ ਕਿਉਂਕਿ ਪੰਜਾਬ ਵਿਚੋਂ ਵੱਡੇ ਕਾਫਲੇ ਦਿੱਲੀ ਰਵਾਨਾ ਹੋਣਗੇ। ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਕੇਂਦਰ ਸਰਕਾਰ ਦੇ ਹਰ ਸਾਜ਼ਿਸ਼ੀ ਹਮਲੇ ਦਾ ਜਵਾਬ ਦੇਣ ਲਈ ਦਿੱਲੀ ਮੋਰਚਿਆਂ ਵੱਲ ਵਹੀਰਾਂ ਘੱਤੀਆਂ ਜਾਣ।
ਧੂਰੀ (ਖੇਤਰੀ ਪ੍ਰਤੀਨਿਧ): ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਹਰਬੰਸ ਸਿੰਘ ਲੱਡਾ, ਮਨਜੀਤ ਸਿੰਘ ਜਹਾਂਗੀਰ,ਰਾਮ ਸਿੰਘ ਕੱਕੜਵਾਲ ਦੀ ਅਗਵਾਈ ਵਿੱਚ 200ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕੇਂਦਰ ਤੇ ਹਰਿਆਣਾ ਸਰਕਾਰ ਦੇਸ਼ ਦੇ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।