ਪਵਨ ਕੁਮਾਰ ਵਰਮਾ
ਧੂਰੀ, 25 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਸ੍ਰੀਮਤੀ ਹਰਪਾਲ ਕੌਰ, ਭੈਣ ਬੀਬੀ ਮਨਪ੍ਰੀਤ ਕੌਰ ਅਤੇ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਅੱਜ ਹਲਕਾ ਧੂਰੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਧੂਰੀ ਦੇ ਲੋਕਾਂ ਦਾ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਵਿੱਚ ਅਹਿਮ ਰੋਲ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਆਉਣ ਵਾਲੇ ਸਮੇਂ ਵਿੱਚ ਹਲਕਾ ਧੂਰੀ ਦੀ ਨੁਹਾਰ ਬਦਲਣ ਦਾ ਦਾਅਵਾ ਕਰਦਿਆਂ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਕਿਹਾ ਕਿ ਧੂਰੀ ਵਿੱਚ ਆ ਕੇ ਲੋਕਾਂ ਨੂੰ ਮਿਲਣ ਉਪਰੰਤ ਉਨ੍ਹਾਂ ਨੂੰ ਮਾਨਸਿਕ ਸਕੂਨ ਅਤੇ ਅਪਣੱਤ ਮਹਿਸੂਸ ਹੁੰਦੀ ਹੈ। ਕਾਂਗਰਸੀ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਸਬੰਧੀ ਪੁੱਛੇ ਜਾਣ ’ਤੇ ਬੀਬੀ ਮਨਪ੍ਰੀਤ ਕੌਰ ਨੇ ਕਿਹਾ ਮੁੱਖ ਮੰਤਰੀ ਨੇ ਬੀੜਾ ਚੁੱਕਿਆ ਹੈ ਕਿ ਪੰਜਾਬ ਨੂੰ ਲੁੱਟਣ ਵਾਲੇ ਭ੍ਰਿਸ਼ਟ ਮੰਤਰੀਆਂ ਅਤੇ ਅਧਿਕਾਰੀਆਂ ਵੱਲੋਂ ਲੁੱਟ ਦੀ ਰਕਮ ਦਾ ਪਾਈ-ਪਾਈ ਦਾ ਹਿਸਾਬ ਲਿਆ ਜਾਵੇਗਾ ਅਤੇ ਲੋਕਾਂ ਦਾ ਪੈਸਾ ਵਾਪਸ ਲੋਕਾਂ ਦੀ ਭਲਾਈ ਅਤੇ ਵਿਕਾਸ ਕਾਰਜਾਂ ’ਤੇ ਹੀ ਖਰਚਿਆ ਜਾਵੇਗਾ। ਪੰਜਾਬ ਨੂੰ ਦੋਹੀਂ ਹੱਥੀਂ ਲੁੱਟਣ ਵਾਲੇ ਸਿਆਸਤਦਾਨਾਂ ਨਾਲ ਕਿਸੇ ਪ੍ਰਕਾਰ ਦੀ ਲਿਹਾਜ਼ ਨਹੀਂ ਵਰਤੀ ਜਾਵੇਗੀ ਅਤੇ ਨਾ ਹੀ ਮੌਜੂਦਾ ਸਰਕਾਰ ਵਿੱਚ ਕਿਸੇ ਨੂੰ ਅਜਿਹਾ ਕਰਨ ਦੀ ਖੁੱਲ੍ਹ ਦਿੱਤੀ ਜਾਵੇਗੀ। ਇਸ ਮੌਕੇ ਸਤਿੰਦਰ ਸਿੰਘ ਚੱਠਾ ਦੀ ਧਰਮ ਪਤਨੀ ਮੁਨੇਸ਼ ਕੌਰ ਚੱਠਾ ਅਤੇ ਹੋਰਨਾਂ ਵੱਲੋਂ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ, ਧਰਮਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦਫਤਰ ਧੂਰੀ ਦੇ ਇੰਚਾਰਜ ਪ੍ਰੋ. ਓਂਕਾਰ ਸਿੰਘ, ਆਲ ਇੰਡੀਆ ਐਫ.ਸੀ.ਆਈ. ਐਗਜੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਸਤਿੰਦਰ ਸਿੰਘ ਚੱਠਾ, ਅਸ਼ੋਕ ਕੁਮਾਰ ਲੱਖਾ, ਡਾ. ਅਨਵਰ ਭਸੌੜ ਆਦਿ ਹਾਜ਼ਰ ਸਨ।