ਗੁਰਦੀਪ ਸਿੰਘ ਲਾਲੀ
ਸੰਗਰੂਰ, 19 ਅਪਰੈਲ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੀਆਂ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ਤੋਂ ਜਬਰੀ ਉਠਾਉਣ ਦੀਆਂ ਸਾਜਿਸ਼ਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਸੰਘਰਸ਼ੀ ਕਿਸਾਨਾਂ ਨੂੰ ਕਰੋਨਾ ਦੀ ਆੜ ਵਿਚ ਜਬਰੀ ਉਠਾਉਣ ਦੇ ਮਨਸੂਬੇ ਸਫ਼ਲ ਨਹੀਂ ਹੋਣਗੇ ਕਿਉਂਕਿ ਕਿਸਾਨ ਬੁਲੰਦ ਹੌਸਲੇ ਨਾਲ ਕਿਸਾਨੀ ਅਤੇ ਕਿਸਾਨਾਂ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ। ਸਥਾਨਕ ਰੇਲਵੇ ਸਟੇਸ਼ਨ ਨੇੜੇ 31 ਕਿਸਾਨ ਜਥੇਬੰਦੀਆਂ ਦਾ ਰੋਸ ਧਰਨਾ ਜਾਰੀ ਹੈ ਜਦੋਂ ਕਿ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨ ਤੇ ਖਾਸ ਕਰਕੇ ਕਿਸਾਨ ਬੀਬੀਆਂ ਭਾਜਪਾ ਆਗੂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਧਰਨੇ ’ਤੇ ਡਟੀਆਂ ਹੋਈਆਂ ਹਨ।
ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਿਆ ਧਰਨਾ, ਹਰਬੰਸ ਸਿੰਘ ਲੱਡਾ ਤੇ ਦਰਸ਼ਨ ਸਿੰਘ ਦੀ ਅਗਵਾਈ ਵਿੱਚ 201ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ ਰਾਹੀਂ ਪ੍ਰੇਸ਼ਾਨ ਕੀਤਾ ਜਾ ਰਿਹਾ, ਜੋ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇੱਥੇ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਧਰਨਾ 201ਵੇਂ ਦਿਨ ਵੀ ਜਾਰੀ ਰਿਹਾ।