ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 14 ਅਕਤੂਬਰ
ਕੇਂਦਰ ਸਰਕਾਰ ਵੱਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਮਾਲੇਰਕੋਟਲਾ ਇਕਾਈ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਮਾਲੇਰਕੋਟਲਾ-ਧੂਰੀ ਸੜਕ ਸਥਿਤ ਰਿਲਾਇੰਸ ਪੈਟਰੋਲ ਪੰਪ ਅੱਗੇ ਦਿੱਤੇ ਜਾ ਰਹੇ ਧਰਨੇ ਦੇ ਚੌਦਵੇਂ ਦਿਨ ਔਰਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਮਾਸਟਰ ਜਸਵੰਤ ਸਿੰਘ, ਮਾਸਟਰ ਮੇਜਰ ਸਿੰਘ ਬਨਭੌਰਾ, ਕਿਸਾਨ ਆਗੂ ਕੁਲਵਿੰਦਰ ਸਿੰਘ ਭੂਦਨ, ਨਿਰਮਲ ਸਿੰਘ ਅਲੀਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਰਾਜ ਸਰਕਾਰਾਂ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ’ਚ ਜੁਟੀਆਂ ਹੋਈਆਂ ਹਨ। ਸਿਆਸੀ ਪਾਰਟੀਆਂ ਕਾਰਪੋਰੇਟ ਘਰਾਣਿਆਂ ਦੀਆਂ ਦਲਾਲ ਬਣ ਕੇ ਰਹਿ ਗਈਆਂ ਹਨ।
ਸਿਆਸੀ ਪਾਰਟੀਆਂ ਨੂੰ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਰਹਿ ਗਿਆ। ਕਾਰਪੋਰੇਟ ਘਰਾਣਿਆਂ ਤੋਂ ਮੋਟੇ ਚੋਣ ਫੰਡ ਲੈਣ ਵਾਲੀਆਂ ਪਾਰਟੀਆਂ ਦੇ ਬਹੁਤੇ ਆਗੂਆਂ ਦੀ ਕਾਰਪੋਰੇਟ ਘਰਾਣਿਆਂ ਨਾਲ ਕਾਰੋਬਾਰੀ ਸਾਂਝ ਵੀ ਹੈ। ਸਿਆਸੀ ਪਾਰਟੀਆਂ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਮਗਰਮੱਛ ਦੇ ਹੰਝੂਆਂ ਵਰਗਾ ਤੇ ਲੋਕਾਂ ਨੂੰ ਗੁਮਰਾਹ ਕਰਨ ਵਾਲਾ ਹੈ। ਇਸ ਲਈ ਦੇਸ਼ ਵਾਸੀਆਂ ਨੂੰ ਮੋਦੀ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਕਰਨਾ ਚਾਹੀਦਾ।