ਗੁਰਦੀਪ ਸਿੰਘ ਲਾਲੀ
ਸੰਗਰੂਰ, 20 ਮਈ
ਕੋਵਿਡ ਮਹਾਮਾਰੀ ਤੋਂ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੈਂਪਾਂ ਰਾਹੀਂ ਜਿੱਥੇ ਕੋਵਿਡ ਜਾਂਚ ਦੇ ਨਮੂਨੇ ਲਏ ਜਾ ਰਹੇ ਹਨ, ਉਥੇ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵੈਕਸੀਨੇਸ਼ਨ ਦੀ ਪ੍ਰਕਿਰਿਆ ਵੀ ਜਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਮਵੀਰ ਨੇ ਅੱਜ ਪ੍ਰਬੰਧਕੀ ਕੰਪਲੈਕਸ ਵਿੱਚ ਕੋਵਿਡ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਕੋਵਿਡ-19 ਦੀ ਜਾਂਚ ਲਈ ਲਗਾਏ ਕੈਂਪ ਦੌਰਾਨ 400 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ। ਕਰੋਨਾ ਮਹਾਮਾਰੀ ਦੀ ਮਾਰ ਨੂੰ ਕੰਟਰੋਲ ਕਰਨ ਲਈ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਅਤਿ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਮਹਾਮਾਰੀ ਨੂੂੰ ਹਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਢੀ ਜੰਗ ’ਚ ਸਹਿਯੋਗ ਕਰਕੇ ਮਿਸ਼ਨ ਫਤਹਿ ਮੁਹਿੰਮ ਨੂੰ ਸਫ਼ਲ ਬਣਾਇਆ ਜਾਵੇ।