ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 13 ਅਗਸਤ
ਮਲਟੀਪਰਪਜ਼ ਹੈਲਥ ਐਂਪਲਾਈਜ਼ ਮੇਲ-ਫੀਮੇਲ ਯੂਨੀਅਨ ਪੰਜਾਬ ਅਤੇ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਮਲੌਦ ਬਲਾਕ ਅਧੀਨ ਪੈਂਦੇ ਪਿੰਡ ਖਾਨਪੁਰ ਦੇ ਇੱਕ ਡੇਰੇ ਵਿਚ ਖੰਘ ਤੇ ਬੁਖਾਰ ਦੇ ਸ਼ੱਕੀ ਸਾਧ ਨੂੰ ਸੈਂਪਲ ਲਈ ਗਏ ਮਲਟੀਪਰਪਜ਼ ਹੈਲਥ ਵਰਕਰ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਪੰਜਾਬ ਸਰਕਾਰ ਤੋਂ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਸਿਹਤ ਮੁਲਾਜ਼ਮ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਪੰਜਾਬ ਵਿਚ ਸਿਹਤ ਸੇਵਾਵਾਂ ਠੱਪ ਕਰ ਦਿੱਤੀਆਂ ਜਾਣਗੀਆਂ।
ਜਥੇਬੰਦੀਆਂ ਦੇ ਆਗੂਆਂ ਗੁਰਪ੍ਰੀਤ ਸਿੰਘ ਮੰਗਵਾਲ, ਜਸਵੀਰ ਕੌਰ ਮੂਨਕ, ਗੁਰਦੇਵ ਢਿੱਲੌ, ਲਖਵਿੰਦਰ ਕੌਰ ਜੌਹਲ, ਨਰਿੰਦਰ ਮੌਹਨ ਸ਼ਰਮਾ, ਕਰਨੈਲ ਸਿੰਘ ਸੱਲਣ ਅਤੇ ਨਿਰਭੈ ਸਿੰਘ ਨੇ ਜਾਰੀ ਸਾਂਝੇ ਬਿਆਨ ਵਿਚ ਦੱਸਿਆ ਕਿ ਅੱਜ ਸਵੇਰੇ ਕਰੋਨਾ ਸਪੈਲਿੰਗ ਲਈ ਪਿੰਡ ਖਾਨਪੁਰ ਦੇ ਇੱਕ ਡੇਰੇ ਵਿਚ ਗਏ ਮੁਸਕਾਨ ਸਿੰਘ ਦੀ ਕੁੱਟਮਾਰ ਕੀਤੀ ਗਈ ਤੇ ਉਸ ਨੂੰ ਬੰਦੀ ਬਣਾ ਲਿਆ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਇਸ ਕੁੱਟਮਾਰ ਵਿਚ ਸਿਹਤ ਵਿਭਾਗ ਦਾ ਸਾਬਕਾ ਮੁਲਾਜ਼ਮ ਦਰਜਾ ਚਾਰ ਸ਼ਾਮਲ ਸੀ। ਆਗੂਆਂ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ’ਚ ਦਖਲ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਕੋਵਿਡ-19 ਦੀ ਡਿਊਟੀ ਰੋਕਣ ਦੀ ਚਿਤਾਵਨੀ
ਸੰਦੌੜ (ਮੁਕੰਦ ਸਿੰਘ ਚੀਮਾ): ਮਲੌਦ ਦੇ ਡੇਰੇ ਵਿਚ ਕੁੱਝ ਵਿਅਕਤੀਆਂ ਵੱਲੋਂ ਸਿਹਤ ਕਰਮੀ ’ਤੇ ਕੀਤੇ ਕਥਿਤ ਹਮਲੇ ਤੇ ਉਸ ਦੀ ਦਸਤਾਰ ਉਤਾਰ ਕੇ ਕੀਤੀ ਕੁੱਟਮਾਰ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮਾਂ ਖਿਲਾਫ ਕਾਰਵਾਈ ਨਾ ਹੋਣ ਤੋਂ ਸਿਹਤ ਵਿਭਾਗ ਦੇ ਕਰਮਚਾਰੀ ਭੜਕ ਗਏ ਹਨ। ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਲਜ਼ਾਰ ਖਾਨ ਨੇ ਕਿਹਾ ਕਿ ਜੇਕਰ ਦੋਸ਼ੀਆਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਸਿਹਤ ਕਾਮੇ ਕੋਵਿਡ ਦਾ ਕੰਮ ਮੁਕੰਮਲ ਤੌਰ ’ਤੇ ਬੰਦ ਕਰ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਸਿਹਤ ਕਾਮੇ ਸਾਥੀ ਮਸਤਾਨ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਇਕ ਮੰਚ ਦੇ ਇਕੱਠੇ ਹੋਣਗੇ ਅਤੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।