ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਜੁਲਾਈ
ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ ਅਤੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ ਗਈ। ਉਨ੍ਹਾਂ ਸ਼ਹੀਦੀ ਦਿਹਾੜੇ ਸਬੰਧੀ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਮੁੱਚੇ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ, ਐੱਸਪੀ ਰਾਕੇਸ਼ ਕੁਮਾਰ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਅਤੇ ਆਰਟੀਓ ਕੁਲਦੀਪ ਬਾਵਾ ਦੀ ਮੌਜੂਦਗੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਦੂਰੋਂ ਨੇੜਿਓਂ ਪੁੱਜਣ ਵਾਲੀਆਂ ਸ਼ਖਸੀਅਤਾਂ ਤੇ ਆਮ ਲੋਕਾਂ ਦੀ ਸੁਰੱਖਿਆ, ਨਿਰਵਿਘਨ ਆਵਾਜਾਈ ਅਤੇ ਵਾਹਨਾਂ ਲਈ ਪਾਰਕਿੰਗ ਵਿਵਸਥਾ, ਸ਼ਹਿਰ ਨੂੰ ਆਉਂਦੇ ਰਸਤਿਆਂ ਦੀ ਸਾਫ਼ ਸਫਾਈ, ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਐਂਬੂਲੈਂਸ ਤੇ ਹੋਰ ਐਮਰਜੈਂਸੀ ਸਿਹਤ ਸੇਵਾਵਾਂ ਦੀ ਉਪਲਬਧਤਾ, ਸ਼ਹੀਦੀ ਸਮਾਰਕ ਦੀ ਸਾਫ਼ ਸਫਾਈ ਤੇ ਸਜਾਵਟ ਸਮੇਤ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਕਰਨੇ ਯਕੀਨੀ ਬਣਾਏ ਜਾਣ।