ਰਾਜਿੰਦਰ ਜੈਦਕਾ
ਅਮਰਗੜ੍ਹ, 6 ਨਵੰਬਰ
ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਤਕਰੀਬਨ ਇੱਕ ਸਾਲ ਮਗਰੋਂ ਅੱਜ ਸ਼ਾਮ ਲਗਪਗ 6 ਵਜੇ ਜ਼ਮਾਨਤ ਮਿਲਣ ਨਾਲ ‘ਆਪ’ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਗੱਜਣਮਾਜਰਾ ਨੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਮੱਥਾ ਟੇਕਿਆ. ਇਸ ਮੌਕੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਪਤਨੀ ਡਾ. ਪਰਮਿੰਦਰ ਕੌਰ ਮੰਡੇਰ ਨੇ ਕਿਹਾ ਕਿ ਸੰਵਿਧਾਨ ਦੀ ਤਾਕਤ ਨਾਲ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਜ਼ਮਾਨਤ ਮਿਲੀ ਹੈ। ਚੇਅਰਮੈਨ ਕੇਵਲ ਸਿੰਘ ਜਾਗੋਵਾਲ ਨੇ ਕਿਹਾ ਕਿ ਦੂਸਰੀਆਂ ਪਾਰਟੀਆਂ ਦੇ ਆਗੂ ਗਰੀਬ ਲੋਕਾਂ ਦੀ ਤਰੱਕੀ ਨਹੀਂ ਚਾਹੁੰਦੇ। ਦੇਸ਼ ਦੀ ਬਹੁਤ ਸਾਰੇ ਲੀਡਰਾਂ ਨੂੰ ਕੇਂਦਰ ਸਰਕਾਰ ਦੀ ਸ਼ਹਿ ’ਤੇ ਨਾਜਾਇਜ਼ ਤੌਰ ’ਤੇ ਜੇਲ੍ਹਾਂ ਵਿਚ ਬੰਦ ਹੋਇਆ ਹੈ। ਕੇਂਦਰੀ ਜਾਂਚ ਏਜੰਸੀਆਂ ਜਾਂਚ ਵਿਚ ਦੇਰੀ ਕਰ ਕੇ ਮੁਕੱਦਮਾਂ ਸ਼ੁਰੂ ਨਹੀਂ ਕਰਦੀਆਂ ਤੇ ਨਾ ਹੀ ਜਾਂਚ ਨੂੰ ਪੂਰਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜਸਵੰਤ ਸਿੰਘ ਗੱਜਣਮਾਜਰਾ ਨੂੰ ਵੀ ਜੇਲ੍ਹ ਵਿੱਚ ਰੱਖਿਆ ਹੋਇਆ ਸੀ। ਇਸ ਮੌਕੇ ਪੀਏ ਰਾਜੀਵ ਕੁਮਾਰ, ਸਰਪੰਚ ਨਰੇਸ਼ ਕੁਮਾਰ ਨਾਰੀਕੇ, ਰੂਬੀ ਮੰਡੇਰ ਭੁਰਥਲਾ ਤੇ ਸਰਪੰਚ ਗੁਰਮੀਤ ਕੌਰ ਗੁਆਰਾ ਆਦਿ ਨੇ ਵਿਧਾਇਕ ਗੱਜਣਮਾਜਰਾ ਨੂੰ ਜ਼ਮਾਨਤ ਮਿਲਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।