ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 19 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੜ੍ਹਬਾ ਨੇੜਲੇ ਰਿਲਾਇੰਸ ਪੈਟਰੌਲ ਪੰਪ ਦਾ ਘਿਰਾਓ ਕਰ ਕੇ ਧਰਨਾ ਜਾਰੀ ਹੈ। ਇਸ ਵਿੱਚ ਅੱਜ ਵੀ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ, ਔਰਤਾਂ ਅਤੇ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਪੰਜਾਬ ਦੇ ਸੂਬਾ ਆਗੂ ਦਰਸ਼ਨ ਸਿੰਘ ਰੋਗਲਾ ਨੇ ਕਿਹਾ ਕਿ ਅੰਗਰੇਜ਼ਾਂ ਦੇ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਦੇਸ਼ ਦੇ ਨੌਜਵਾਨਾਂ ਵਿੱਚੋਂ ਸਭ ਤੋਂ ਵੱਧ ਪੰਜਾਬ ਦੇ ਲੋਕਾਂ ਨੇ ਕੁਰਬਾਨੀਆਂ ਦਿੱਤੀਆਂ ਹਨ ਪਰ ਰਾਜ ਅੰਗਰੇਜ਼ਾਂ ਦੇ ਚਮਚਿਆਂ ਦੇ ਹੱਥ ਆਇਆ। ਇਨ੍ਹਾਂ ਕਾਲੇ ਅੰਗਰੇਜ਼ਾਂ ਨੇ ਲੋਕ ਹਿੱਤਾਂ ਦਾ ਘਾਣ ਕੀਤਾ। ਇਸੇ ਤਰ੍ਹਾਂ ਕੇਂਦਰ ਸਰਕਾਰ ਨੇ ਦੂਜੇ ਦੇਸ਼ਾਂ ਵੱਲੋਂ ਰੱਦ ਕੀਤੇ ਖੇਤੀ ਕਾਨੂੰਨਾਂ ਨੂੰ ਲਿਆ ਕੇ ਦੇਸ਼ ਦੇ ਕਿਸਾਨਾਂ ਦੇ ਗੱਲ ਵਿੱਚ ਫਾਂਸੀ ਦਾ ਫੰਦਾ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਜੇ ਨੌਜਵਾਨ ਚਾਲੀ ਸਾਲ ਸਰਵਿਸ ਪੂਰੀ ਕਰ ਕੇ ਸੇਵਾਮੁਕਤ ਹੁੰਦੇ ਹਨ, ਉਨ੍ਹਾਂ ਨੂੰ ਕੋਈ ਪੈਨਸ਼ਨ ਨਹੀਂ ਮਿਲਦੀ ਪਰ ਵਿਧਾਇਕ ਅਤੇ ਐਮਪੀ ਨੂੰ ਪੰਜ ਸਾਲ ਬਦਲੇ ਪੈਨਸ਼ਨ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਜਿੰਨਾ ਲੰਬਾ ਚੱਲੇਗਾ ਓਨੇ ਹੀ ਚੰਗੇ ਨਤੀਜੇ ਮਿਲਣਗੇ। ਇਸ ਮੌਕੇ ਦਰਸ਼ਨ ਸਿੰਘ ਸ਼ਾਦੀਹਰੀ ਆਦਿ ਕਿਸਾਨ ਆਗੂਆਂ ਨੇ ਵੀ ਸੰਬੋਧਨ ਕੀਤਾ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਕਿਸਾਨੀ ਸੰਘਰਸ਼ ਦੇ 19ਵੇਂ ਦਿਨ ਮੋਦੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਗੂੰਜਦੇ ਰਹੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁਨ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿਚ ਭਾਜਪਾ ਆਗੂਆਂ ਰਿਸ਼ੀ ਖੇਰਾ ਅਤੇ ਵਿਨੋਦ ਗੁਪਤਾ ਦੇ ਦਫ਼ਤਰਾਂ, ਰਿਲਾਇੰਸ ਅਤੇ ਐਸਾਰ ਪੰਪਾਂ ਅੱਗੇ ਡਟੇ ਹੋਏ ਹਨ। ਕਿਸਾਨੀ ਮੋਰਚਿਆਂ ਵਿਚ ਕਿਸਾਨ ਬੀਬੀਆਂ ਸਿਰਾਂ ’ਤੇ ਕੇਸਰੀ ਚੁੰਨੀਆਂ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੀਆਂ ਹਨ।
ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ 25 ਅਕਤੂਬਰ ਨੂੰ ਦਸਹਿਰੇ ਵਾਲੇ ਦਿਨ ਮੋਦੀ ਦੇ ਪੁਤਲੇ ਫੂਕੇ ਜਾਣਗੇ। ਅੱਜ ਭੋਲਾ ਸਿੰਘ ਸੰਗਰਾਮੀ ਨੇ ਇਨਕਲਾਬੀ ਗੀਤਾਂ ਨਾਲ ਮਾਹੌਲ ਨੂੰ ਗਰਮਾਈ ਰੱਖਿਆ।
ਅਮਰਗੜ੍ਹ (ਰਾਜਿੰਦਰ ਜੈਦਕਾ): ਕਿਸਾਨ ਯੂਨੀਅਨਾਂ ਵੱਲੋਂ ਟੌਲ ਪਲਾਜ਼ਾ ਮਾਹੋਰਾਣਾ ’ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਾਬਕਾ ਆਈਏਐੱਸ ਅਧਿਕਾਰੀ ਗੁਰਲਵਲੀਨ ਸਿੰਘ ਸਿੱਧੂ, ‘ਆਪ’ ਆਗੂ ਸੀਰਾ ਬਨਭੌਰਾ, ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਪਰਦੀਪ ਜੱਗੀ, ਪਟਵਾਰ ਯੂਨੀਅਰ ਪੰਜਾਬ ਦੇ ਪ੍ਰਧਾਨ ਹਰਵੀਰ ਸਿੰਘ ਲਾਂਗੜੀਆਂ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਸਾਰੇ ਪੰਜਾਬ ਵਿੱਚ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਕੀਤੇ ਦੁਰਵਿਵਹਾਰ ਕਾਰਨ ਪੰਜਾਬ ਦੇ ਲੋਕਾਂ ਅੰਦਰ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਇਸ ਸੰਘਰਸ਼ ਨੂੰ ਤੇਜ ਕਰਨ ਲਈ ਪੰਜਾਬ ਦੇ ਕਿਸਾਨ, ਮਜਦੂਰ, ਔਰਤਾਂ, ਆੜਤੀਏ ਤੇ ਹੋਰ ਸਾਰੇ ਵਰਗਾਂ ਦੇ ਲੋਕ ਸਾਥ ਦੇ ਰਹੇ ਹਨ। ਆਗੂਆਂ ਨੇ ਕਿਹਾ ਕਿ ਕਾਲੇ ਕਾਨੂੰਨ ਵਾਪਸ ਹੋਣ ਤਕ ਧਰਨੇ ਇਸੇ ਤਰ੍ਹਾਂ ਜਾਰੀ ਰਹਿਣਗੇ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਾ ਮਾਝੀ, ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੋਲ ਪੰਪ ਬਾਲਦ ਕਲਾਂ ’ਤੇ ਅੱਜ ਉਨੀਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਸਥਿਤ ਟੌਲ ਪਲਾਜ਼ਾ ਮਾਝੀ ’ਤੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਹਰ ਦਿਨ ਨਵਾਂ ਜ਼ੋਰ ਫੜਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਇਕਮੁੱਠ ਤਾਕਤ ਨਾਲ ਜਿੱਤ ਤੱਕ ਜਾਰੀ ਰਹੇਗਾ।
ਬੀਕੇਯੂ ਉਗਰਾਹਾਂ ਵੱਲੋਂ ਟੌਲ ਪਲਾਜ਼ਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਤੇ ਹੋਰ ਆਗੂਆਂ ਨੇ ਕਿਹਾ ਕਿ ਕਿਸਾਨ ਸੰਘਰਸ਼ ਟੌਲ ਪਲਾਜ਼ੇ ਅਤੇ ਪੈਟਰੋਲ ਪੰਪਾਂ ਸਣੇ ਵੱਡੇ ਘਰਾਣਿਆਂ ਦੇ ਸਾਰੇ ਕਾਰੋਬਾਰਾਂ ਨੂੰ ਕਲਾਵੇ ਵਿੱਚ ਲਵੇਗਾ।ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਖੇਤੀ ਕਾਨੂੰਨਾਂ ਖ਼ਿਲਾਫ਼ ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਇੱਥੇ ਰਿਲਾਇੰਸ ਦੇ ਪੈਟਰੋਲ ਪੰਪ ਅੱਗੇ ਦਿੱਤਾ ਜਾ ਰਹੇ ਧਰਨੇ ਦੇ 19ਵੇਂ ਦਿਨ ਕਿਸਾਨਾਂ ਨੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਕੈਪਟਨ ਸਰਕਾਰ ‘ਤੇ ਦੋਗਲੀ ਨੀਤੀ ਅਪਣਾਉਣ ਦੇ ਦੋਸ਼ ਲਗਾਏ। ਕਿਸਾਨ ਆਗੂ ਕੁਲਵਿੰਦਰ ਸਿੰਘ ਭੂਦਨ ਨੇ ਕਿਹਾ ਕਿ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਬਾਨੀ ਅਤੇ ਅਡਾਨੀ ਦੇ ਕਾਰੋਬਾਰੀ ਅਦਾਰਿਆਂ ਅੱਗੇ ਧਰਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਿਸਾਨਾਂ ਦੇ ਹੱਕ ਵਿੱਚ ਕੋਈ ਠੋਸ ਕਦਮ ਨਹੀਂ ਚੁੱਕਦੀ ਤਾਂ ਕੈਪਟਨ ਸਰਕਾਰ ਵਿਰੋਧ ਵੀ ਮੋਰਚਾ ਖੋਲ੍ਹਿਆ ਜਾਵੇਗਾ।
ਮਾਸਟਰ ਮੱਘਰ ਸਿੰਘ ਭੂਦਨ ਨੇ ਕਿਹਾ ਕਿ ਮੋਦੀ ਸਰਕਾਰ ਆਰਥਿਕਤਾ ’ਤੇ ਹਮਲਾ ਕਰ ਕੇ ਪੰਜਾਬੀਆਂ ਦਾ ਲੱਕ ਤੋੜਨਾ ਚਾਹੁੰਦੀ ਹੈ। ਧਰਨੇ ਨੂੰ ਹੋਰ ਆਗੂਆਂ ਦੇ ਨਾਲ ਨਾਲ ਗੁਲਜ਼ਾਰ ਖਾਂ ਕਵੀਸ਼ਰ ਤੇ ਗਾਇਕ ਅਨਵਰ ਅਲੀ ਨੇ ਵੀ ਸੰਬੋਧਨ ਕੀਤਾ।
ਨੌਜਵਾਨਾਂ ਨੂੰ ਮੌਕਾਪ੍ਰਸਤਾਂ ਤੋਂ ਸੁਚੇਤ ਰਹਿਣ ਦਾ ਹੋਕਾ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇੱਥੇ ਰਿਲਾਇੰਸ ਪੰਪ ਅੱਗੇ ਅਣਮਿਥੇ ਸਮੇਂ ਦੇ 19ਵੇਂ ਦਿਨ ਦੇ ਧਰਨੇ ਦੀ ਅਗਵਾਈ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ 9 ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨਿਆਂ ਤੋਂ ਇਲਾਵਾ 10 ਟੌਲ ਪਲਾਜ਼ਿਆਂ, 4 ਸ਼ਾਪਿੰਗ ਮਾਲਜ਼, ਅਡਾਨੀ ਗੋਦਾਮ, 24 ਰਿਲਾਇੰਸ ਪੰਪਾਂ, 10 ਐੱਸਾਰ ਪੰਪਾਂ ਤੇ ਵਣਾਂਵਾਲੀ ਥਰਮਲ ਪਲਾਂਟ ’ਤੇ ਦਿਨ ਰਾਤ ਦੇ ਧਰਨੇ 59 ਥਾਈਂ ਉਤਸ਼ਾਹ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕਿਰਤੀ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਕਾਰ ਨੂੰ ਮਜਬੂਰ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕੁੱਝ ਮੌਕਾਪ੍ਰਸਤਾਂ ਵੱਲੋਂ ਕਲਾਕਾਰਾਂ ਵਾਲੇ ਬੁਰਕੇ ਪਾ ਕੇ ਖੇਤੀ ਕਾਨੂੰਨਾਂ ਦੀ ਥਾਂ ਫ਼ਿਰਕਾਪ੍ਰਸਤੀ ਤਹਿਤ ਭੜਕਾਊ ਤੇ ਹਿੰਸਕ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੁਚੇਤ ਰਹਿਣ ’ਤੇ ਜ਼ੋਰ ਦਿੱਤਾ।