ਹਰਦੀਪ ਸਿੰਘ ਸੋਢੀ
ਧੂਰੀ, 8 ਅਗਸਤ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ, ਰਾਮ ਸਿੰਘ ਕੱਕੜਵਾਲ ਦੀ ਅਗਵਾਈ ਵਿੱਚ 311ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਧਰਨੇ ਜਾਰੀ ਰਹਿਣਗੇ। ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਿਸ ਦੇ ਰੋਸ ਵਜੋਂ 9 ਅਗਸਤ ਨੂੰ ਸੱਤ ਮਜ਼ਦੂਰ ਜਥੇਬੰਦੀਆਂ ਪਟਿਆਲਾ ਵਿਚ ਧਰਨਾ ਦੇ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਯਾਦ ਕਰਵਾਉਣ ਗਿਆ। ਉਨ੍ਹਾਂ ਕਿਹਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਸੰਭਵ ਯਤਨ ਤੇ ਲੜਾਈ ਲੜੀ ਜਾਵੇਗੀ। ਉਨ੍ਹਾਂ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਏ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ, ਗੁਰਜੰਟ ਸਿੰਘ, ਕਿਰਪਾਲ ਸਿੰਘ ਧੂਰੀ, ਹਰਪਾਲ ਸਿੰਘ ਪੇਧਨੀ ਤੇ ਸਤਨਾਮ ਕੌਰ ਵੀ ਹਾਜ਼ਰ ਸਨ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇੱਥੇ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਪੱਕਾ ਮੋਰਚਾ 312ਵੇਂ ਦਿਨ ਵੀ ਜਾਰੀ ਰਿਹਾ। ਬੰਤਦਾਸ ਸੇਖੂਵਾਸ ਅਤੇ ਸੈਦਾ ਸਿੰਘ ਕਾਨਗੜ੍ਹ ਨੇ ਇਨਕਲਾਬੀ ਗੀਤ ਅਤੇ ਕੇਂਦਰੀ ਹਕੂਮਤ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਟੇਜ ਦੀ ਕਾਰਗੁਜ਼ਾਰੀ ਬਲਾਕ ਮਹਿਲਾ ਆਗੂ ਜਸ਼ਨਦੀਪ ਕੌਰ ਪਸ਼ੌਰ ਨੇ ਸੰਭਾਲੀ।
ਇਸ ਦੌਰਾਨ ਜਸਵਿੰਦਰ ਕੌਰ ਗਾਗਾ ਨੇ ਦੱਸਿਆ ਕਿ ਕਿਸਾਨ-ਮਜ਼ਦੂਰ ਔਰਤਾਂ ਜਦੋਂ ਤੋਂ ਕਾਨੂੰਨਾਂ ਖਿਲਾਫ਼ ਪੱਕਾ ਮੋਰਚਾ ਵਿੱਢਿਆ ਹੈ, ਉਦੋਂ ਤੋਂ ਹੀ ਬਰਾਬਰ ਦਾ ਯੋਗਦਾਨ ਪਾ ਰਹੀਆਂ ਹਨ। ਇਸ ਮੌਕੇ ਬਲਜੀਤ ਕੌਰ ਮਜ਼ਦੂਰ ਆਗੂ ਲਹਿਲ ਕਲਾ ਨੇ ਭਲਕੇ ਲੱਗਣ ਜਾ ਰਹੇ ਤਿੰਨ ਰੋਜ਼ਾ ਪੱਕੇ ਮੋਰਚੇ ਹਜ਼ਾਰਾਂ ਦੀ ਗਿਣਤੀ ਵਿਚ ਔਰਤਾਂ ਸ਼ਮੂਲੀਅਤ ਕਰਨਗੀਆਂ। ਬੀਕੇਯੂ ਏਕਤਾ ਦੇ ਬਲਾਕ ਖ਼ਜਾਨਚੀ ਕਰਨੈਲ ਗਨੋਟਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਟਿਆਲਾ ਵਿਚ ਲੱਗਣ ਜਾ ਰਹੇ ਮੋਰਚੇ ਚ ਮੋਢੇ ਨਾਲ ਮੋਢਾ ਲਾ ਕੇ ਸਾਥ ਦੇਵੇਗੀ।