ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਜੂਨ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਖ਼ਿਲਾਫ਼ ਤਿੱਖੀ ਸੁਰ ਬਰਕਰਾਰ ਹੈ। ਕਿਸਾਨ ਜਥੇਬੰਦੀਆਂ ਦੇ ਰੋਸ ਧਰਨਿਆਂ ’ਚ ਨਿੱਤ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇ ਗੂੰਜ ਰਹੇ ਹਨ। ਕਿਸਾਨ ਆਗੂ ਬੁਲੰਦ ਹੌਸਲਿਆਂ ਨਾਲ ਦਾਅਵੇ ਕਰ ਰਹੇ ਹਨ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨ ਸੰਘਰਸ਼ ਦੇ ਮੈਦਾਨ ’ਚੋਂ ਉਹ ਪਿੱਛੇ ਨਹੀਂ ਹਟਣਗੇ ਅਤੇ ਕਿਸਾਨ ਅੰਦੋਲਨ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕਰ ਦੇਵੇਗਾ। ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਤੇ ਕਿਸਾਨ ਬੀਬੀਆਂ ਇੱਥੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਪੱਕੇ ਅਤੇ ਸਥਾਨਕ ਰੇਲਵੇ ਸਟੇਸ਼ਨ ਨੇੜੇ ਪੱਕਾ ਰੋਸ ਧਰਨਾ ਲਗਾਤਾਰ ਜਾਰੀ ਹੈ।
ਭਾਜਪਾ ਆਗੂ ਦੇ ਘਰ ਅੱਗੇ ਰੋਸ ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਅੱਗੇ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡਣਾ ਪਵੇਗਾ ਅਤੇ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤਾ ਪ੍ਰਤੀ ਮੋਦੀ ਸਰਕਾਰ ਦੇ ਅਜਿਹੀ ਬੇਰੁਖ਼ੀ ਅਤਿ ਨਿੰਦਣਯੋਗ ਹੈ ਜਿਸ ਦੀ ਦੇਸ਼-ਵਿਦੇਸ਼ ਵਿਚ ਤਿੱਖੀ ਅਲੋਚਨਾ ਹੋ ਰਹੀ ਹੈ।
ਪਟਿਆਲਾ (ਖੇਤਰੀ ਪ੍ਰਤੀਨਿਧ): ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵੱਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ ਦੀ ਅਗਵਾਈ ਹੇਠ ਅੱਜ ਧਰੇੜੀ ਜੱਟਾਂ ਟੌਲ ਪਲਾਜ਼ਾ ’ਤੇ ਇਕ ਸਮਾਗਮ ਕਰ ਕੇ ਜੂਨ ’84 ਦੇ ਸ਼ਹੀਦਾਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜਿਵੇਂ ਕੇਂਦਰੀ ਹਕੂਮਤ ਨੇ ਜੂਨ 1984 ’ਚ ਖਾੜਕੂਆਂ ਨੂੰ ਬਾਹਰ ਕੱਢਣ ਦੇ ਬਹਾਨੇ ਹਜ਼ਾਰਾਂ ਸ਼ਰਧਾਲੂਆਂ ਦਾ ਕਤਲ ਕਰ ਦਿੱਤਾ ਸੀ, ਇਸੇ ਤਰਾਂ 6 ਜੂਨ 2017 ਨੂੰ ਮੰਦਸੌਰ ਵਿੱਚ ਹੋਏ ਗੋਲ਼ੀ ਕਾਂਡ ਵਿਚ ਛੇ ਕਿਸਾਨਾਂ ਨੂੰ ਕੇਂਦਰੀ ਹਕੂਮਤ ਨੇ ਸ਼ਹੀਦ ਕੀਤਾ। ਰਣਜੀਤ ਸਵਾਜਪੁਰ ਨੇ ਕਿਹਾ ਕਿ ਭਾਰਤੀ ਸੱਤਾ ਦੇ ਫਾਸ਼ੀਵਾਦੀ ਚਿਹਰੇ ਨੂੰ ਨੰਗਾ ਕਰਦਿਆਂ ਇਕਜੁੱਟ ਹੋਣ ਦੀ ਲੋੜ ਹੈ, ਤਾਂ ਜੋ ਕੇਂਦਰ ਸਰਕਾਰ ਨੂੰ ਮਾਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੀਤੇ ਗਏ ਹਮਲੇ ਦੀ ਗਲਤੀ ਮੰਨੇ।
ਧੂਰੀ (ਖੇਤਰੀ ਪ੍ਰਤੀਨਿਧ): ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਜਗਤਾਰ ਸਿੰਘ ਪੇਧਨੀ ਦੀ ਅਗਵਾਈ ਵਿੱਚ 248ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਧਰਨੇ ਜਾਰੀ ਰੱਖਣ ਦਾ ਐਲਾਨ ਕੀਤਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ।
ਲਹਿਰਾਗਾਗਾ (ਪੱਤਰ ਪ੍ਰੇਰਕ): ਹਫ਼ਤਾਵਾਰੀ ਤਾਲਾਬੰਦੀ ਦੇ ਦੂਜੇ ਦਿਨ ਅੱਜ ਇੱਥੇ ਰਿਲਾਇੰਸ ਪੰਪ ਅੱਗੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨ ਰੱਦ ਕਰਵਾਉਦ ਤੇ ਹੋਰ ਮੰਗਾਂ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਦਿੱਤਾ ਜਾ ਰਿਹਾ ਪੱਕਾ ਮੋਰਚਾ 248ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ, ਰਾਮ ਸਿੰਘ ਨੰਗਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ।