ਹਰਦੀਪ ਸਿੰਘ ਸੋਢੀ
ਧੂਰੀ, 7 ਅਗਸਤ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ , ਹਰਪਾਲ ਸਿੰਘ ਦੀ ਅਗਵਾਈ ਵਿੱਚ ਧਰਨਾ 310ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਸਦ ਅੱਗੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਧਰਨੇ ਕਾਰਨ ਕੇਂਦਰ ਸਰਕਾਰ ਬੁਖਲਾਹਟ ਵਿੱਚ ਆ ਚੁੱਕੀ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਜਬੂਰ ਕਰ ਦਿੱਤਾ ਜਾਵੇਗਾ ਤੇ ਲੜਾਈ ਹੋਰ ਤਿੱਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਹਰ ਰਾਜਨੀਤਕ ਪਾਰਟੀਆਂ ਦੇ ਆਗੂਆਂ ਦਾ ਵਿਰੋਧ ਜਾਰੀ ਰਹੇਗਾ । ਇਸ ਮੌਕੇ ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ , ਜਸਪਾਲ ਸਿੰਘ ,ਬਲਵਿੰਦਰ ਕੌਰ ਲੱਡਾ, ਵੀ ਹਾਜ਼ਰ ਸਨ।
ਲਹਿਰਾਗਾਗਾ ( ਰਮੇਸ਼ ਭਾਰਦਵਾਜ): ਇਥੇ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਪੱਕਾ ਮੋਰਚਾ ਅੱਜ 311 ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਨੌਜਵਾਨਾਂ ਨੇ ਇਨਕਲਾਬੀ ਗੀਤ ਗਾ ਕੇ ਮਾਹੋਲ ਭਖਾਇਆ। ਇਸ ਮੌਕੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ, ਬਹਾਦਰ ਸਿੰਘ ਭੁਟਾਲ ਖੁਰਦ, ਮੱਖਣ ਸਿੰਘ ਪਾਪੜਾ, ਨੇ ਕਿਹਾ ਕਿ ਲੋਕ ਹੁਣ ਪਿੰਡਾਂ ਵਿਚ ਸਿਆਸੀ ਲੀਡਰਾਂ ਨੂੰ ਸਵਾਲ ਕਰਨ ਲਈ ਤਿਆਰ ਵਰ ਤਿਆਰ ਬੈਠੇ ਹਨ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਇਕਾਈਆਂ ਦੀ ਮੀਟਿੰਗ ਕਰਵਾਈ ਗਈ ਜਿਸ ਵਿੱਚ 9 ਅਗਸਤ ਨੂੰ ਹਰ ਇਕ ਪਿੰਡ ਵਿਚੋਂ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਉਤੇ ਏਕਤਾ ਦਾ ਸਬੂਤ ਦਿੰਦੇ ਹੋਏ ਮਜ਼ਦੂਰ ਜਥੇਬੰਦੀਆਂ ਦੇ ਝੰਡੇ ਲਾ ਕੇ ਮਜ਼ਦੂਰਾਂ ਨੂੰ ਪਟਿਆਲੇ ਮੋਰਚੇ ਵਿਚ ਲਿਜਾਣਗੇ।