ਪੱਤਰ ਪ੍ਰੇਰਕ
ਭਵਾਨੀਗੜ੍ਹ, 7 ਜੁਲਾਈ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿੱਚ 280ਵੇਂ ਦਿਨ ਵੀ ਧਰਨੇ ਜਾਰੀ ਰਹੇ। ਇਸ ਮੌਕੇ ਯੂਨੀਅਨ ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਫੈ਼ਸਲੇ ’ਤੇ 8 ਜੁਲਾਈ ਨੂੰ ਤੇਲ ਕੀਮਤਾਂ ’ਚ ਕੀਤਾ ਵਾਧਾ ਵਾਪਸ ਕਰਵਾਉਣ ਲਈ ਦੋ ਘੰਟੇ ਲਈ ਸੜਕਾਂ ਦੇ ਇਕ ਪਾਸੇ ਖਾਲੀ ਵਾਹਨ ਖੜ੍ਹਾ ਕੇ ਅਤੇ ਖਾਲੀ ਗੈਸ ਸਿੰਲਡਰ ਲੈ ਕੇ ਖੜ੍ਹਨਾ ਹੈ। ਉਨ੍ਹਾਂ ਕਿਹਾ ਕਿ ਅਖੀਰਲੇ ਪੰਜ ਮਿੰਟ ਹਾਰਨ ਵਜਾ ਕੇ ਤੇ ਸਿੰਲਡਰ ਖੜਕਾ ਕੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਵੀ ਧਰਨਾ ਜਾਰੀ ਰੱਖਿਆ ਗਿਆ।
ਧੂਰੀ (ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਦਰਸ਼ਨ ਸਿੰਘ ਲੱਡਾ ਦੀ ਅਗਵਾਈ ਹੇਠ 279ਵੇ ਦਿਨ ਵੀ ਧਰਨਾ ਜਾਰੀ ਰਿਹਾ। ਉਨ੍ਹਾਂ ਕਿਹਾ ਕਿ 8 ਜੁਲਾਈ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਖ਼ਿਲਾਫ਼ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਤਹਿਤ ਟਰੈਕਟਰ ਤੇ ਟਰਾਲੀਆਂ ਉੱਪਰ ਗੈਸ ਸਿਲੰਡਰ ਰੱਖ ਕੇ ਬਜ਼ਾਰਾਂ ਵਿੱਚੋਂ ਲੰਘਦੇ ਹੋਏ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕੀਤਾ ਜਾਵੇਗਾ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਦੀ ਮੀਟਿੰਗ ਸਥਾਨਕ ਆੜ੍ਹਤੀਆ ਦਫ਼ਤਰ ਵਿਚ ਹੋਈ। ਕਿਸਾਨ ਆਗੂ ਜਰਨੈਲ ਸਿੰਘ ਨੇ ਦੱਸਿਆ ਕਿ ਤੇਲ ਕੀਮਤਾਂ ਵਿੱਚ ਹੋਏ ਵਾਧੇ ਖ਼ਿਲਾਫ਼ ਤੇ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ 8 ਜੁਲਾਈ ਨੂੰ ਧੂਰੀ-ਸੰਗਰੂਰ ਮੁੱਚ ਮਾਰਗ ’ਤੇ ਟਰੈਕਟਰ, ਕਾਰਾਂ, ਜੀਪਾਂ, ਮੋਟਰਸਾਈਕਲ, ਸਕੂਟਰ ਅਤੇ ਖਾਲੀ ਗੈਸ ਸਿਲੰਡਰ ਲੈ ਕੇ ਸਵੇਰੇ 10 ਵਜੇ ਤੋਂ 12 ਵਜੇ ਤੱਕ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਸਟੇਨ ਸਵਾਮੀ ਦੀ ਮੌਤ ਨੂੰ ਲੋਕਤੰਤਰ ਦਾ ਘਾਣ ਦੱਸਿਆ
ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਪੁਲੀਸ ਹਿਰਾਸਤ ਵਿੱਚ ਹੋਈ ਸਟੇਨ ਸਵਾਮੀ ਦੀ ਮੌਤ ਨੂੰ ਲੋਕਤੰਤਰ ਦੀ ਮੌਤ ਗਰਦਾਨਦਿਆਂ ਕਿਸਾਨੀ ਮੋਰਚੇ ਵਿਚ ਕੇਂਦਰ ਖਿਲਾਫ ਤਕਰੀਰਾਂ ਹੁੰਦੀਆਂ ਰਹੀਆਂ। ਇਥੇ ਰਿਲਾਇੰਸ ਦੇ ਟਰੈਂਡਜ਼ ਮਾਲ ਅੱਗੇ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਚੱਲ ਰਹੇ ਪੱਕੇ ਕਿਸਾਨੀ ਮੋਰਚੇ ਵਿਚ ਬੋਲਦਿਆਂ ਗੋਬਿੰਦ ਸਿੰਘ ਚੱਠੇ, ਮਿੰਦਰ ਸਿੰਘ, ਰਾਪਪਾਲ ਸ਼ਰਮਾ ਸੁਨਾਮ, ਹੈਪੀ ਸਿੰਘ, ਚਰਨਜੀਤ ਕੌਰ, ਮਨਜੀਤ ਕੌਰ, ਪਰਵਿੰਦਰ ਸਿੰਘ, ਮਿੱਠੂ ਸਿੰਘ ਅਤੇ ਸੁਖਵਿੰਦਰ ਕੌਰ ਨੇ ਕਿਹਾ ਕਿ ਸਰਕਾਰ ਆਪਣੇ ਖ਼ਿਲਾਫ਼ ਉੱਠਣ ਵਾਲੀ ਹਰ ਆਵਾਜ਼ ਨੂੰ ਬੰਦ ਕਰ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਟੇਨ ਸਵਾਮੀ ਵਰਗੀਆਂ ਹੋਰ ਕਿੰਨੀਆਂ ਹੀ ਆਵਾਜ਼ਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਬੁਲਾਰਿਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 8 ਜੁਲਾਈ ਨੂੰ ਰੱਖੇ ਰੋਸ ਮਾਰਚ ਨੂੰ ਸਫ਼ਲ ਬਣਾਉਣ ਲਈ ਭਰਵੀਂ ਹਾਜ਼ਰੀ ਬਣਾਉਣ ਦੀ ਅਪੀਲ ਕੀਤੀ।