ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 5 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਐਫ.ਸੀ.ਆਈ ਦੇ ਸਥਾਨਕ ਗੁਦਾਮ ਅੱਗੇ ਧਰਨਾ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਸਰਕਾਰੀ ਖ਼ਰੀਦ ਏਜੰਸੀਆਂ ਹੀ ਨਹੀਂ ਰਹਿਣਗੀਆਂ ਤਾਂ ਐਮਐਸਪੀ ਦੀ ਵੀ ਕੀ ਤੁਕ ਰਹਿ ਜਾਵੇਗੀ ਜਦੋਂ ਸਰਕਾਰੀ ਖ਼ਰੀਦ ਏਜੰਸੀਆਂ ਹੀ ਨਹੀਂ ਹੋਣਗੀਆਂ ਤਾਂ ਜਨਤਕ ਵੰਡ ਪ੍ਰਣਾਲੀ ਵੀ ਖ਼ਤਮ ਹੋ ਜਾਵੇਗੀ। ਇਸ ਨਾਲ ਸਾਰਾ ਖ਼ਪਤਕਾਰ ਵਰਗ ਪ੍ਰਭਾਵਿਤ ਹੋਵੇਗਾ। ਸਾਰਾ ਦੇਸ਼ ਮਹਿੰਗਾਈ ਦੀ ਚੱਕੀ ਵਿਚ ਪਿਸ ਜਾਵੇਗਾ। ਆਗੂਆਂ ਨੇ ਕਿਸਾਨਾਂ ਸਣੇ ਸਮੂਹ ਵਰਗਾਂ ਨੂੰ ਜਥੇਬੰਦ ਹੋਣ ਦਾ ਸੱਦਾ ਦਿੱਤਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਜਮਹੂਰੀ ਕਿਸਾਨ ਸਭਾ ਪੰਜਾਬ, ਕੁਲ ਹਿੰਦ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ ਦੇ ਵਰਕਰਾਂ ਨੇ ਨੇੜਲੇ ਪਿੰਡ ਖੋਖਰ ਕਲਾਂ ਦੇ ਐਫਸੀਆਈ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅੰਬਾਨੀ ਅਤੇ ਅਡਾਨੀ ਦੀ ਝੋਲੀ ਭਰਨ ਲਈ ਕਾਲੇ ਕਾਨੂੰਨ ਜ਼ਬਰਦਸਤੀ ਕਿਸਾਨਾਂ ’ਤੇ ਥੋਪ ਰਹੀ ਹੈ। ਇਨ੍ਹਾਂ ਦਾ ਮਾਰੂ ਅਸਰ ਹਰ ਵਰਗ ’ਤੇ ਪਵੇਗਾ।
ਇਸੇ ਤਰ੍ਹਾਂ ਸੰਯੁਕਤ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਐਫ.ਸੀ.ਆਈ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ, ਸੂਬਾ ਸਿੰਘ ਸੰਗਤਪੁਰਾ, ਰੋਸ਼ਨ ਮੂਣਕ ਵੀ ਹਾਜ਼ਰ ਸਨ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ’ਤੇ ਬਣੇ ਐਫਸੀਆਈ ਦੇ ਗੁਦਾਮ ਸਾਹਮਣੇ ਧਰਨਾ ਦਿੱਤਾ ਗਿਆ। ਜਥੇਬੰਦੀ ਦੇ ਆਗੂ ਮਨਜੀਤ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨਵੇਂ ਕਾਨੂੰਨ ਲਾਗੂ ਕਰ ਕੇ ਕਿਸਾਨੀ ਨੂੰ ਬਰਬਾਦ ਕਰ ਰਹੀ ਹੈ।
ਘਨੌਰ (ਗੁਰਪ੍ਰੀਤ ਸਿੰਘ): ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਸੱਦੇ ’ਤੇ ਕਿਸਾਨਾਂ ਅਤੇ ਆੜ੍ਹਤੀਆਂ ਵੱਲੋਂ ਐਫਸੀਆਈ ਦਫ਼ਤਰ ਦੇ ਬਾਹਰ ਗੁਲਜਾਰ ਸਿੰਘ ਸਲੇਮਪੁਰ ਜੱਟਾਂ, ਧਰਮਪਾਲ ਸਿੰਘ ਸੀਲ, ਪਵਨ ਕੁਮਾਰ ਸੋਗਲਪੁਰ, ਚਰਨਜੀਤ ਸਿੰਘ ਝੁੰਗੀਆਂ, ਹਰਜੀਤ ਸਿੰਘ ਟਹਿਲਪੁਰਾ ਦੀ ਸਾਂਝੀ ਅਗਵਾਈ ਵਿੱਚ ਰੋਸ ਧਰਨਾ ਦਿੱਤਾ ਗਿਆ। ਇਸ ਵਿੱਚ ਇਲਾਕੇ ਦੇ ਆੜ੍ਹਤੀ ਅਤੇ ਕਿਸਾਨ-ਮਜ਼ਦੂਰ ਸ਼ਾਮਿਲ ਹੋਏ।
ਆਗੂਆਂ ਨੇ ਆਖਿਆ ਕਿ ਕੇਂਦਰ ਸਰਕਾਰ ਅਤੇ ਐਫਸੀਆਈ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਸਿੱਧੀ ਅਦਾਇਗੀ ਬੈਂਕ ਖਾਤੇ ਰਾਹੀਂ ਦੇਣ ਦਾ ਐਲਾਨ ਕਰ ਕੇ ਕਿਸਾਨਾਂ ਕੋਲੋਂ ਜ਼ਮੀਨ ਦੀਆਂ ਫਰਦਾਂ ਅਤੇ ਹੋਰ ਵਿਉਰਾ ਮੰਗਿਆ ਜਾ ਰਿਹਾ ਹੈ। ਇਸ ਕਾਰਨ ਕਿਸਾਨਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨ ਆਗੂਆਂ ਆਖਿਆ ਕਿ ਠੇਕੇ ’ਤੇ ਜ਼ਮੀਨਾਂ ਲੈ ਕੇ ਕਾਸ਼ਤ ਕਰਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਬੀਜੀ ਫ਼ਸਲ ਦੀ ਅਦਾਇਗੀ ਹੋਣੀ ਸੰਭਵ ਨਹੀਂ ਹੋਵੇਗੀ।
ਮੰਡੀ ਅਹਿਮਦਗੜ੍ਹ (ਮਹੇਸ਼ ਸ਼ਰਮਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਦਾ ਹੁੰਗਾਰਾ ਭਰਦਿਆਂ ਸ਼ਹਿਰ ਤੇ ਲਾਗਲੇ ਪਿੰਡਾਂ ਵਿਚ ਐਫਸੀਆਈ ਦੇ ਦਫ਼ਤਰਾਂ ਅਤੇ ਗੁਦਾਮਾਂ ਦਾ ਵੱਖ-ਵੱਖ ਕਿਸਾਨ ਸਭਾਵਾਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਘਿਰਾਓ ਕੀਤਾ ਗਿਆ। ਇਸ ਮੌਕੇ ਹੋਰਨਾਂ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਵੀ ਕਿਸਾਨਾਂ ਦੇ ਐਕਸ਼ਨ ਨੂੰ ਸਮਰਥਨ ਦਿੱਤਾ ਗਿਆ।
ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਬੰਸ ਸਿੰਘ ਲੱਡਾ, ਦੀ ਅਗਵਾਈ ਸਥਾਨਕ ਐਫਸੀਆਈ ਦਫ਼ਤਰ ਅੱਗੇ ਧਰਨਾ ਲਾਇਆ ਗਿਆ ਤੇ ਕੇਂਦਰ ਸਰਕਾਰ, ਕਾਰਪੋਰੇਟ ਘਰਾਣਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।