ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸੰਗਰੂਰ, 8 ਜਨਵਰੀ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਚੋਣ ਕਮੇਟੀ ਦੇ ਮੈਂਬਰ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਵੱਲੋਂ ਭਾਜਪਾ ਨਾਲ ਗੱਠਜੋੜ ਪੰਥ ਅਤੇ ਪੰਜਾਬ ਦੇ ਭਲੇ ਲਈ ਕੀਤਾ ਗਿਆ ਹੈ ਅਤੇ ਇਹ ਗੱਠਜੋੜ ਪੰਜਾਬ ਦੇ ਭਵਿੱਖ ਲਈ ਫਾਇਦੇਮੰਦ ਸਾਬਿਤ ਹੋਵੇਗਾ। ਸ੍ਰੀ ਢੀਂਡਸਾ ਇੱਥੇ ਪਾਰਟੀ ਵਰਕਰਾਂ ਦੀ ਸਰਕਲ ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਢੀਂਡਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਹੇ ਟਕਰਾਅ ਨੂੰ ਪੰਜਾਬ ਲਈ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਟਕਰਾਅ ਕਰ ਕੇ ਕੋਈ ਵੀ ਸੂਬਾ ਅੱਗੇ ਨਹੀਂ ਵਧ ਸਕਦਾ। ਪੰਜਾਬ ਦੌਰੇ ’ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਆਈਆਂ ਖਾਮੀਆਂ ’ਤੇ ਵੱਖ-ਵੱਖ ਪਾਰਟੀਆਂ ਵੱਲੋਂ ਸਿਆਸਤ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਟਕਰਾਅ ਕਾਰਨ ਸਿਰਫ਼ ਤੇ ਸਿਰਫ਼ ਪੰਜਾਬ ਦਾ ਨੁਕਸਾਨ ਹੋਇਆ ਹੈ ਕਿਉਂਕਿ ਪ੍ਰਧਾਨ ਮੰਤਰੀ ਵੱਲੋਂ ਕਰੋੜਾਂ ਰੁਪਏ ਦੇ ਵੱਡੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਜਾਣੇ ਸਨ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕਰਨਾ ਸੀ ਅਤੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਸਮੇਤ ਕਈ ਅਹਿਮ ਐਲਾਨ ਕੀਤੇ ਜਾਣੇ ਸਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕੁਝ ਦਿਨ ਪਹਿਲਾਂ ਪੰਜਾਬ ਅਤੇ ਸਿੱਖ ਮਸਲਿਆਂ ਸਬੰਧੀ 12 ਮੰਗਾਂ ਦਾ ਚਾਰਟਰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਕੋਲ ਪੇਸ਼ ਕੀਤਾ ਸੀ, ਜਿਸ ਨੂੰ ਪੂਰਾ ਕਰਨ ਦਾ ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਗਿਆ ਸੀ। ਬੇਸ਼ੱਕ ਇਸ ਟਕਰਾਅ ਕਾਰਨ ਹਾਲ ਦੀ ਘੜੀ ਇਹ ਮਸਲੇ ਲਮਕ ਗਏ ਹਨ ਪਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਇਨ੍ਹਾਂ ਮਸਲਿਆਂ ਨੂੰ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਜਨਤਾ ਨੂੰ ਕਦੇ ਨਾ ਪੂਰੇ ਹੋਣ ਵਾਲੇ ਵਾਅਦਿਆਂ ਦੇ ਲਾਰੇ ਲਗਾ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ, ਜਦੋਂਕਿ ਅੱਜ ਪੰਜਾਬ ਨੂੰ ਲਾਰਿਆਂ ਦੀ ਰਾਜਨੀਤੀ ਦੀ ਲੋੜ ਨਹੀਂ।
ਇਸ ਮੌਕੇ ਗੁਰਬਚਨ ਸਿੰਘ ਬਚੀ, ਪ੍ਰਿਤਪਾਲ ਸਿੰਘ ਹਾਂਡਾ, ਸ਼੍ਰੋਮਣੀ ਕਮੇਟੀ ਮੈਂਬਰ ਹਰਦੇਵ ਸਿੰਘ ਰੋਗਲਾ, ਸ਼੍ਰੋਮਣੀ ਕਮੇਟੀ ਮੈਂਬਰ ਮਲਕੀਤ ਸਿੰਘ ਚੰਗਾਲ ਆਦਿ ਆਗੂ ਤੇ ਵਰਕਰ ਮੌਜੂਦ ਸਨ।