ਰਮੇਸ਼ ਭਾਰਦਵਾਜ
ਲਹਿਰਾਗਾਗਾ, 29 ਜਨਵਰੀ
ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸੋਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲੱਗਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਧਰਨਾ 122ਵੇਂ ਦਿਨ ਵੀ ਜਾਰੀ ਰਿਹਾ। ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾਂ, ਬਲਾਕ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ, ਬਹਾਦਰ ਸਿੰਘ ਭੁਟਾਲ ਖੁਰਦ ਆਦਿ ਆਗੂਆਂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨੀ ਘੋਲ ਨੂੰ ਅਪਣੇ ਪੈਂਤੜਿਆਂ ਰਾਹੀਂ ਤਾਰਪੀਡੋ ਕਰਨ ਲਈ ਹੱਡਤੋੜ ਕੋਸ਼ਿਸ਼ਾਂ ਕੀਤੀਆਂ ਪਰ ਮੂੰਹ ਦੀ ਖਾਣੀ ਪਈ। ਉਨ੍ਹਾਂ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਸਹੀ-ਗ਼ਲਤ ਦੀ ਪਛਾਣ ਕਰ ਕੇ ਅੱਗੇ ਵਧਣ ਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ।
ਇਸੇ ਦੌਰਾਨ ਅੱਜ ਇੱਥੇ ਸੀਪੀਆਈ ਦੀ ਲਹਿਰਾਗਾਗਾ ਇਕਾਈ ਦੀ ਮੀਟਿੰਗ ਜੀਪੀਐੱਫ ਧਰਮਸ਼ਾਲਾ ’ਚ ਕਾਮਰੇਡ ਮਹਿੰਦਰ ਸਿੰਘ ਬਾਗੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਦਿੱਲੀ ਪੁਲੀਸ ਵੱਲੋਂ ਕਿਸਾਨ ਸੰਘਰਸ਼ਕਾਰੀਆਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ’ਤੇ ਨਾਅਰੇਬਾਜ਼ੀ ਕੀਤੀ ਗਈ। ਪਾਰਟੀ ਦੀ ਇਕਾਈ ਨੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਸੰਘਰਸ਼ ਦੀ ਪੂਰਨ ਹਮਾਇਤ ਕੀਤੀ। ਸੀਪੀਆਈ ਨੇ ਕਿਸਾਨ ਜਥੇਬੰਦੀਆਂ ਦੇ 30 ਜਨਵਰੀ ਨੂੰ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਭੁੱਖ ਹੜਤਾਲ ਰੱਖਣ ਦੇ ਪ੍ਰੋਗਰਾਮ ਦੀ ਹਮਾਇਤ ਵੀ ਕੀਤੀ। ਪਾਰਟੀ ਨੇ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਅਤੇ ਕਿਸਾਨਾਂ ’ਤੇ ਦਰਜ ਝੂਠੇ ਕੇਸ ਰੱਦ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਲੋਕ ਚੇਤਨਾ ਮੰਚ ਲਹਿਰਾਗਾਗਾ ਦੀ ਮੀਟਿੰਗ ਹੋਈ।
ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਕਿਸਾਨ ਜਥੇਬੰਦੀਆਂ ਦੇ ਅਗਲੇ ਪ੍ਰੋਗਰਾਮ ਦੀ ਲੋਕ ਚੇਤਨਾ ਮੰਚ ਲਹਿਰਾਗਾਗਾ ਵੱਲੋਂ ਪੂਰਨ ਹਮਾਇਤ ਕੀਤੀ ਜਾਵੇਗੀ। ਇਸ ਦੌਰਾਨ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਇਲਾਕੇ ’ਚ ਉਭਾਰਨ ਦਾ ਫ਼ੈਸਲਾ ਲਿਆ ਗਿਆ।
‘ਆਪ’ ਦੇ ਸਾਬਕਾ ਸੈਨਿਕ ਵਿੰਗ ਵੱਲੋਂ ਕਿਸਾਨਾਂ ਦੇ ਪੱਖ ਵਿੱਚ ਪ੍ਰਦਰਸ਼ਨ
ਪਟਿਆਲਾ (ਗੁਰਨਾਮ ਸਿੰਘ ਅਕੀਦਾ): ਆਮ ਆਦਮੀ ਪਾਰਟੀ ਦੇ ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਸਾਬਕਾ ਮੇਜਰ ਆਰਪੀਐੱਸ ਮਲਹੋਤਰਾ ਦੀ ਅਗਵਾਈ ਵਿਚ ਸਾਬਕਾ ਸੈਨਿਕਾਂ ਵੱਲੋਂ ਅੱਜ ਇੱਥੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੈਪਟਨ ਦਰਬਾਰਾ ਸਿੰਘ, ਅਨੋਖ ਸਿੰਘ, ਕੈਪਟਨ ਮਲਕੀਤ ਸਿੰਘ, ਸੂਬੇਦਾਰ ਸੁਰਜਨ ਸਿੰਘ ਸਕਰੌਦੀ, ਸੂਬੇਦਾਰ ਦਿਲਬਾਗ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਮੇਜਰ ਮਲਹੋਤਰਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਕਾਨੂੰਨ ਲਾਗੂ ਕਰ ਕੇ ਕਿਸਾਨਾਂ ਨਾਲ ਹੀ ਨਹੀਂ ਸਗੋਂ ਆਵਾਮ ਨਾਲ ਧੋਖਾ ਕੀਤਾ ਹੈ, ਇਸ ਲਈ ਜ਼ਰੂਰੀ ਹੈ ਕਿ ਭਾਰਤ ਦਾ ਹਰ ਵਰਗ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰੇ, ਨਹੀਂ ਤਾਂ ਸਾਰੇ ਭਾਰਤ ਵਾਸੀਆਂ ਨੂੰ ਕਾਰਪੋਰੇਟ ਦੇ ਹਵਾਲੇ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕ ਹਮੇਸ਼ਾ ਕਿਸਾਨਾਂ ਦੇ ਨਾਲ ਹਨ।
ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਰਣਜੀਤ ਨੂੰ ਸ਼ਰਧਾਂਜਲੀਆਂ
ਸਨੌਰ (ਸਰਬਜੀਤ ਸਿੰਘ ਭੰਗੂ): ਖੇਤੀ ਕਾਨੂੰਨ ਰੱਦ ਕਰਵਾਉਣ ਲਈ ਜਾਰੀ ਕਿਸਾਨ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਨੇੜਲੇ ਪਿੰਡ ਸੁਨਿਆਰਹੇੜੀ ਦੇ ਵਸਨੀਕ ਰਣਜੀਤ ਸਿੰਘ ਸੁਨਿਆਰਹੇੜੀ ਨਮਿੱਤ ਪਾਠ ਦੇ ਭੋਗ ਮੌਕੇ ਸ਼ਰਧਾਂਜਲੀ ਸਮਾਰੋਹ ਵੀ ਕਰਵਾਇਆ ਗਿਆ। ਇਸ ਦੌਰਾਨ ਸਨੌਰ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਹਰਿੰਦਰਪਾਲ ਸਿਘ ਹੈਰੀਮਾਨ ਨੇ ਲੋਕ ਸਭਾ ਮੈਂਬਰ ਪਰਨੀਤ ਕੌਰ ਦੇ ਹਵਾਲੇ ਨਾਲ ਪਰਿਵਾਰ ਲਈ ਸਰਕਾਰੀ ਨਿਯਮਾਂ ਤਹਿਤ ਬਣਦੀ ਮਦਦ ਦਿਵਾਉਣ ਦਾ ਭਰੋਸਾ ਦਿਵਾਇਆ। ਹਲਕਾ ਸਨੌਰ ਦੇ ਅਕਾਲੀ ਵਿਧਾਇਕ ਹਰਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਸ਼ਹੀਦ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਕਿਸਾਨ ਹਿੱਤਾਂ ਖਾਤਰ ਆਪਾ ਵਾਰਨ ਵਾਲੇ ਸਮੂਹ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਜਾ ਰਹੀ ਹੈ। ਸ਼ਰਧਾਂਜਲੀਆਂ ਭੇਟ ਕਰਨ ਵਾਲਿਆਂ ਵਿਚ ਇਲਾਕੇ ਦੇ ਸੀਨੀਅਰ ਕਾਂਗਰਸ ਆਗੂ ਜੋੋਗਿੰਦਰ ਸਿੰਘ ਕਾਕੜਾ ਤੇ ਜਗਜੀਤ ਸਿੰਘ ਨਨਾਨਸੂੰ, ‘ਆਪ’ ਦੇ ਹਲਕਾ ਇੰਚਾਰਜ ਇੰਦਰਜੀਤ ਸਿੰੰਘ ਸੰਧੂ ਸਮੇਤ ਹੋਰ ਵੀ ਸ਼ਾਮਲ ਸਨ।