ਸੰਗਰੂਰ (ਨਿਜੀ ਪੱਤਰ ਪ੍ਰੇਰਕ): ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਮਾਣ ਭੱਤਾ ਨਸੀਬ ਨਹੀਂ ਹੋਇਆ। ਮਾਣ ਭੱਤੇ ਤੋਂ ਵਾਂਝੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਭਾਰੀ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਇੱਕ ਹਫ਼ਤੇ ਦੇ ਅੰਦਰ ਅੰਦਰ ਮਾਣ ਭੱਤਾ ਜਾਰੀ ਨਾ ਕੀਤਾ ਗਿਆ ਤਾਂ ਸੰਘਰਸ਼ ਦਾ ਰਾਹ ਅਖਤਿਆਰ ਕਰਦਿਆਂ ਵਿਭਾਗ ਦੇ ਡਾਇਰੈਕਟੋਰੇਟ ਦਾ ਘਿਰਾਓ ਕੀਤਾ ਜਾਵੇਗਾ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ ਅਤੇ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਨੇ ਜਾਰੀ ਬਿਆਨ ’ਚ ਦੱਸਿਆ ਕਿ ਛੇ ਮਈ ਨੂੰ ਵਿਭਾਗੀ ਡਾਇਰੈਕਟਰ ਅਰਵਿੰਦਰਪਾਲ ਸਿੰਘ ਸੰਧੂ ਨਾਲ ਜਥੇਬੰਦੀ ਦੇ ਵਫਦ ਦੀ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਉਨ੍ਹਾਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਇੱਕ ਹਫ਼ਤੇ ਦੇ ਅੰਦਰ ਅੰਦਰ ਮਾਣ ਭੱਤਾ ਜਾਰੀ ਕਰ ਦਿੱਤਾ ਜਾਵੇਗਾ ਪਰੰਤੂ ਦਸ ਦਿਨ ਬੀਤ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ਦਾ ਸਮਾਂ ਤਬਦੀਲ ਕੀਤੀ ਜਾਵੇ ਅਤੇ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਜਾਣ।