ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਅਗਸਤ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕੇ ਮੋਰਚੇ ਦੇ 139ਵੇਂ ਦਿਨ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ। ਅੱਜ ਦੇ ਧਰਨੇ ਵਿਚ ਬਲਾਕ ਅਰਬਨ ਪਟਿਆਲਾ ਦੀਆਂ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਮਾਇਆ ਕੌਰ ਅਤੇ ਰਾਜ ਕੌਰ ਦੀ ਅਗਵਾਈ ਹੇਠ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਆਗੂ ਬਲਜੀਤ ਕੌਰ ਸੇਖਵਾਂ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਆਂਗਨਵਾੜੀ ਵਰਕਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਈਸੀਡੀਐੱਸ ਸਕੀਮ ਪਿਛਲੇ 46 ਸਾਲਾਂ ਤੋਂ ਕੰਮ ਕਰ ਰਹੀ ਹੈ। 1975 ਵਿੱਚ ਸ਼ੁਰੂ ਕੀਤੀ ਗਈ ਇਸ ਸਕੀਮ ਵਿੱਚ 6 ਸਾਲ ਦੇ ਬੱਚਿਆਂ ਦੀ ਮੁੱਢਲੀ ਦੇਖਭਾਲ ਤੇ ਗਰਭਵਤੀ ਤੇ ਦੁੱਧ ਪਿਆਉਣ ਵਾਲੀਆਂ ਮਾਵਾਂ ਦੀ ਸਿਹਤ ਸੰਭਾਲ ਦਾ ਕੰਮ ਕੀਤਾ ਜਾਂਦਾ ਹੈ। ਸਮੁੱਚੀਆਂ ਬਾਲ ਵਿਕਾਸ ਸੇਵਾਵਾਂ ਸਕੀਮ ਵਿੱਚ ਪ੍ਰੀ-ਪ੍ਰਾਇਮਰੀ ਛੇ ਸੇਵਾਵਾਂ ਵਿੱਚੋਂ ਇਕ ਹੈ। ਉਨ੍ਹਾਂ ਕਿਹਾ ਕਿ ਰੌਣਕਾਂ ਨੂੰ ਵਾਪਸ ਕਰਵਾਉਣ ਲਈ ਸਿੱਖਿਆ ਮੰਤਰੀ ਦੀ ਕੋਠੀ ਸਾਹਮਣੇ ਪੱਕਾ ਮੋਰਚਾ ਲਾਇਆ ਹੋਇਆ ਹੈ, ਜੋ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ।
ਸਿੰਗਲਾ ਦਾ ਵਿਰੋਧ ਕਰਨ ਗਏ ਬੇਰੁਜ਼ਗਾਰ ਅਧਿਆਪਕ ਥਾਣੇ ਡੱਕੇ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਦਾ ਵਿਰੋਧ ਕਰਨ ਪੁੱਜੇ ਬੇਰੁਜ਼ਗਾਰਾਂ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਕੇ ਪਹਿਲਾਂ ਥਾਣੇ ਲਿਆਂਦਾ ਅਤੇ ਬਾਅਦ ਵਿਚ ਦੇਰ ਸ਼ਾਮ ਰੈਸਟ ਹਾਊਸ ਅੱਗੇ ਛੱਡ ਦਿੱਤਾ। ਮੋਰਚੇ ਨੇ ਮੰਗਾਂ ਦੀ ਪ੍ਰਾਪਤੀ ਤੱਕ ਕੋਠੀ ਅੱਗੇ ਚੱਲ ਰਿਹਾ ਪੱਕਾ ਮੋਰਚਾ ਜਾਰੀ ਰੱਖਣ ਅਤੇ ਸਿੱਖਿਆ ਮੰਤਰੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਬੇਰੁਜ਼ਗਾਰ ਅਧਿਆਪਕ ਇਥੇ ਇੱਕ ਸਮਾਗਮ ’ਚ ਸਿੱਖਿਆ ਮੰਤਰੀ ਦਾ ਵਿਰੋਧ ਕਰਨ ਪੁੱਜੇ ਸਨ, ਜਿਨ੍ਹਾਂ ਨੂੰ ਪੁਲੀਸ ਨੇ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਾਉਣ ਦਾ ਝਾਂਸਾ ਦੇ ਕੇ ਥਾਣੇ ਡੱਕ ਦਿੱਤਾ। ਪੁਲੀਸ ਇਨ੍ਹਾਂ ਬੇਰੁਜ਼ਗਾਰਾਂ ਨੂੰ ਰੈਸਟ ਹਾਊਸ ਅੱਗੇ ਸਿੱਖਿਆ ਮੰਤਰੀ ਨਾਲ ਮਿਲਾਉਣ ਲਈ ਲੈ ਆਈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਕਿਹਾ ਕਿ ਸਿਰਫ਼ ਦੋ ਬੇਰੁਜ਼ਗਾਰ ਆਗੂ ਹੀ ਸਿੱਖਿਆ ਮੰਤਰੀ ਨੂੰ ਮਿਲ ਸਕਦੇ ਹਨ, ਪਰ ਬੇਰੁਜ਼ਗਾਰਾਂ ਨੇ ਇਹ ਪੇਸ਼ਕਸ਼ ਠੁਕਰਾ ਦਿੱਤੀ ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਿਸ ਮਗਰੋਂ ਪੁਲੀਸ ਉਨ੍ਹਾਂ ਨੂੰ ਗੱਡੀ ਵਿੱਚ ਬਿਠਾ ਕੇ ਘੁਮਾਉਂਦੀ ਰਹੀ ਤੇ ਮਗਰੋਂ ਦੇਰ ਸ਼ਾਮ ਗੈਸਟ ਹਾਊਸ ਅੱਗੇ ਛੱਡ ਦਿੱਤਾ।