ਧੂਰੀ (ਹਰਦੀਪ ਸਿੰਘ ਸੋਢੀ): ਇੱਥੋਂ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਹੇਠ 466ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਅਖਾੜਾ ਭਖ ਚੁੱਕਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੀ ਤਾਕਤ ਨੂੰ ਸਮਝਣ ਤੇ ਸਹੀ ਉਮੀਦਵਾਰ ਦੀ ਚੋਣ ਕਰਨ। ਉਨ੍ਹਾਂ ਕਿਹਾ ਵੋਟਰਾਂ ਨੂੰ ਕਿਸਾਨੀ ਅੰਦੋਲਨ ਤੋਂ ਬਾਅਦ ਇਹ ਸਮਝ ਆ ਚੁੱਕੀ ਹੈ ਕਿ ਵੋਟ ਦੀ ਤਾਕਤ ਕੀ ਹੈ। ਇਸ ਅੰਦੋਲਨ ਨਾਲ ਲੋਕਾਂ ਵਿੱਚ ਸਿਆਸੀ ਜਾਗਰੂਕਤਾ ਆਈ ਹੈ।