ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਦਸੰਬਰ
ਸਥਾਨਕ ਸਰਕਾਰੀ ਰਣਬੀਰ ਕਾਲਜ ਵਿਚ ਮੈਕ ਆਰਟ ਗਰੁੱਪ ਵੱਲੋਂ ਦੂਜੀ ਚਾਰ ਰੋਜ਼ਾ ਕੌਮੀ ਕਲਾ ਪ੍ਰਦਰਸ਼ਨੀ ਦੇ ਦੂਜੇ ਦਿਨ ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਪ੍ਰਦਰਸ਼ਨੀ ਦੀਆਂ ਵੱਖ-ਵੱਖ ਕਲਾ ਵੰਨਗੀਆਂ ਦੀ ਸ਼ਲਾਘਾ ਕੀਤੀ। ਸ੍ਰੀ ਵਾਲੀਆ ਨੇ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਨਾਲ ਸਾਨੂੰ ਕਲਾ ਦੀਆਂ ਵੱਖ ਵੱਖ ਵੰਨਗੀਆਂ ਬਾਰੇ ਜਾਣਕਾਰੀ ਮਿਲਦੀ ਹੈ। ਇਸ ਪ੍ਰਦਰਸ਼ਨੀ ’ਚ ਪੰਜਾਬ ਅਤੇ ਹੋਰਨਾਂ ਸੂਬਿਆਂ ਤੋਂ ਕਰੀਬ 70 ਕਲਾਕਾਰਾਂ ਨੇ ਆਪਣੀਆਂ ਕਲਾ ਵੰਨਗੀਆਂ ਪ੍ਰਦਰਸ਼ਿਤ ਕੀਤੀਆਂ ਹਨ। ਇਨ੍ਹਾਂ ਤੋਂ ਇਲਾਵਾ ਕਰੀਬ 250 ਸਕੂਲੀ ਵਿਦਿਆਰਥੀਆਂ ਨੇ ਕਲੇਅ ਮਾਡਲਿੰਗ, ਪੇਂਟਿੰਗ, ਪੈਨਸਿਲ ਸਕੈੱਚ ਆਦਿ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਨੇ ਸਮੂਹ ਕਲਾਕਾਰਾਂ ਦੀਆਂ ਕ੍ਰਿਤਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਬੱਚਿਆਂ ਨੂੰ ਕਲਾ ਨਾਲ ਜੋੜਨ ਲਈ ਅਜਿਹੇ ਉਪਰਾਲੇ ਜ਼ਰੂਰੀ ਹਨ। ਉਨ੍ਹਾਂ ਸਮੂਹ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਦਰਸ਼ਨੀ ਨੂੰ ਦੇਖਣ ਲਈ ਜਾਣ। ਇਸ ਮੌਕੇ ਹਰਿੰਦਰ ਸਿੰਘ ਗੋਲਡਨ ਆਰਟਿਸਟ, ਹਰਦੀਪ ਸਿੰਘ ਆਦਿ ਹਾਜ਼ਰ ਸਨ।