ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 29 ਅਕਤੂਬਰ
ਇਥੇ ਅੱਜ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਅਤੇ ਚੇਅਰਮੈਨ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਸੰਗਰੂਰ ਭਾਰਤ ਭੂਸ਼ਨ ਆਸ਼ੂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ ਇਸ ਕਮੇਟੀ ਦਾ ਗਠਨ ਕਰਨ ਦਾ ਮੁੱਖ ਮੰਤਵ ਸਰਕਾਰ ਅਤੇ ਲੋਕਾਂ ਵਿਚਕਾਰ ਰਾਬਤਾ ਕਾਇਮ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੈ। ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਸਮੂਹ ਗੈਰ ਸਰਕਾਰੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਾਂ ਰਹਿੰਦਿਆਂ ਲਿਖਤੀ ਰੂਪ ਵਿੱਚ ਕਮੇਟੀ ਅੱਗੇ ਪੇਸ਼ ਕਰਨ ਤਾਂ ਜੋ ਉਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਢੁੱਕਵੀ ਕਾਰਵਾਈ ਅਮਲ ’ਚ ਲਿਆਂਦੀ ਜਾ ਸਕੇ। ਸ੍ਰੀ ਆਸ਼ੂ ਨੇ ਦੱਸਿਆ ਕਿ ਆਟਾ ਦਾਲ ਸਕੀਮ ਅਧੀਨ ਦਿੱਤੀ ਜਾ ਰਹੀ ਕਣਕ ਰਾਜ ਦੇ ਰਾਸ਼ਨ ਡਿੱਪੂਆਂ ਰਾਹੀਂ ਪੂਰੀ ਪਾਰਦਰਸ਼ਤਾ ਨਾਲ ਯੋਗ ਵਿਅਕਤੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ, ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਲੋੜਵੰਦਾਂ ਦੀ ਸੁਵਿਧਾ ’ਚ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ 2 ਮਹੀਨੇ ਅੰਦਰ ਵੱਖ-ਵੱਖ ਵਿਭਾਗਾਂ ’ਚ ਵੱਡੇ ਪੱਧਰ ’ਤੇ ਭਰਤੀਆਂ ਹੋਣਗੀਆਂ।