ਹਰਦੀਪ ਸਿੰਘ ਸੋਢੀ
ਧੂਰੀ, 14 ਫਰਵਰੀ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਧੂਰੀ ਤੋਂ ਕਾਂਗਰਸ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਪਿੰਡ ਬੇਨੜਾ, ਕਾਂਝਲਾ ਸਣੇ ਹੋਰ ਅਨੇਕਾਂ ਪਿੰਡਾਂ ਅੰਦਰ ਆਪਣੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਜ਼ਰੂਰੀ ਹੈ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣੇ ਕਿਉਂਕਿ ਸਿਰਫ਼ ਕਾਂਗਰਸ ਹੀ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਬਣਾ ਸਕਦੀ ਹੈ। ਉਨ੍ਹਾਂ ਦਲਵੀਰ ਸਿੰਘ ਗੋਲਡੀ ਦੀ ਪਿੱਠ ਥਾਪੜਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੁਣ ਗੋਲਡੀ ਵਰਗੇ ਮਿਹਨਤੀ ਨੌਜਵਾਨਾਂ ਦੇ ਹੱਥਾਂ ਵਿੱਚ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਟਾਰ ਪ੍ਰਚਾਰਕ ਪ੍ਰਿਯੰਕਾ ਗਾਂਧੀ ਦਾ ਧੂਰੀ ਆ ਕੇ ਗੋਲਡੀ ਦੇ ਹੱਕ ਵਿੱਚ ਪ੍ਰਚਾਰ ਕਰਨਾ ਦਰਸਾਉਂਦਾ ਹੈ ਕਿ ਕਾਂਗਰਸ ਪਾਰਟੀ ਆਪਣੇ ਨੌਜਵਾਨ ਵਿਧਾਇਕਾਂ ਦੀ ਪਿੱਠ ’ਤੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਧੂਰੀ ਅੰਦਰ ਰਿਕਾਰਡਤੋੜ ਵਿਕਾਸ ਕਾਰਜ ਕਰਵਾਉਣ ਲਈ ਗੋਲਡੀ ਵੱਲੋਂ ਕੋਈ ਕਸਰ ਨਹੀਂ ਛੱਡੀ ਗਈ। ਉਨ੍ਹਾਂ ਧੂਰੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਧੂਰੀ ਅੰਦਰ ਸੱਚ ਝੂਠ ਦੀ ਲੜਾਈ ਵਿੱਚ ਗੋਲਡੀ ਦੀ ਸੱਚਾਈ ਦਾ ਸਾਥ ਦੇਣ।
ਉਨ੍ਹਾਂ ਕਿਹਾ ਭਗਵੰਤ ਮਾਨ ਕੋਲ ਸਿਰਫ ਚੁਟਕੁਲੇ ਹਨ, ਹੋਰ ਕੁਝ ਨਹੀਂ। ਉਨ੍ਹਾਂ ਅਰਵਿੰਦ ਕੇਜਰੀਵਾਲ ’ਤੇ ਸਿਆਸੀ ਟਿੱਪਣੀ ਕਰਦਿਆਂ ਕਿਹਾ ਕਿ ਕੇਜਰੀਵਾਲ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਦੇ ਪਾਣੀਆਂ ਤੋਂ ਇਲਾਵਾ ਲੋਕਾਂ ਦੇ ਹੱਕਾਂ ਉੱਪਰ ਡਾਕਾ ਮਾਰੇਗਾ। ਉਨ੍ਹਾਂ ਕਿਹਾ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣਨ ਦੇ ਸੁਪਨੇ ਲੈਣੇ ਬੰਦ ਕਰੇ ਕਿਉਂਕਿ ਪੰਜਾਬ ਦੇ ਲੋਕ ‘ਆਪ’ ਤੋਂ ਚੰਗੀ ਤਰ੍ਹਾਂ ਜਾਣੂ ਹਨ। ਇਸ ਮੌਕੇ ਵਿਧਾਇਕ ਤੇ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਵੱਲੋਂ ਹਲਕੇ ਅੰਦਰ ਕਰਵਾਏ ਵਿਕਾਸ ਕਾਰਜਾਂ ਨੂੰ ਅੱਗੇ ਰੱਖ ਕੇ ਵੋਟ ਪਾਉਣ।