ਨਿਜੀ ਪੱਤਰ ਪ੍ਰੇਰਕ
ਸੰਗਰੂਰ, 1 ਸਤੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਪੱਕੇ ਰੋਸ ਧਰਨੇ ਦੌਰਾਨ ਭਾਕਿਯੂ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਸਾਨ-ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਸਿਰਫ਼ ਭਾਜਪਾ ਦਾ ਬਾਈਕਾਟ ਕਰਨ ਅਤੇ ਪਿੰਡਾਂ ਵਿਚ ਘਿਰਾਓ ਕਰਨ ਦਾ ਸੱਦਾ ਦਿੱਤਾ ਹੈ, ਜਦੋਂ ਕਿ ਬਾਕੀ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਪਿੰਡਾਂ ਵਿਚ ਆਉਣ ’ਤੇ ਵੱਖ-ਵੱਖ ਮੁੱਦਿਆਂ ’ਤੇ ਸਵਾਲ ਪੁੱਛਣ ਲਈ ਕਿਹਾ ਹੈ।
ਇਥੇ ਭਾਜਪਾ ਆਗੂ ਦੇ ਘਰ ਅੱਗੇ ਚੱਲ ਰਹੇ ਰੋਸ ਧਰਨੇ ਦੌਰਾਨ ਭਾਕਿਯੂ ਏਕਤਾ ਉਗਰਾਹਾਂ ਦੇ ਆਗੂਆਂ ਗੋਬਿੰਦਰ ਸਿੰਘ ਮੰਗਵਾਲ, ਸਰੂਪ ਚੰਦ ਕਿਲਾਭਰੀਆਂ, ਲਾਭ ਸਿੰਘ ਖੁਰਾਣਾ, ਗੁਰਦੀਪ ਸਿੰਘ ਕੰਮੋਮਾਜਰਾ, ਹਰਦਿਆਲ ਸਿੰਘ ਕੰਬੋਜ ਅਤੇ ਹਰਦੇਵ ਸਿੰਘ ਕੁਲਾਰਾਂ ਨੇ ਸੰਬੋਧਨ ਕੀਤਾ। ਗੋਬਿੰਦਰ ਸਿੰਘ ਮੰਗਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਸਿਰਫ਼ ਭਾਜਪਾ ਦਾ ਬਾਈਕਾਟ ਕਰਨ ਅਤੇ ਪਿੰਡਾਂ ਵਿਚ ਆਉਣ ’ਤੇ ਘਿਰਾਓ ਕਰਨ ਦਾ ਸੱਦਾ ਦਿੱਤਾ ਹੋਇਆ ਹੈ ਜਦੋਂ ਕਿ ਬਾਕੀ ਸਿਆਸੀ ਪਾਰਟੀਆਂ ਸਬੰਧੀ ਕੋਈ ਅਜਿਹਾ ਫੈਸਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ-ਮਜ਼ਦੂਰਾਂ, ਨੌਜਵਾਨਾਂ ਆਦਿ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਉਪਰ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੋਂ ਇਲਾਵਾ ਹੋਰ ਕਿਸੇ ਸਿਆਸੀ ਪਾਰਟੀ ਦਾ ਬਾਈਕਾਟ ਜਾਂ ਆਗੂਆਂ ਦਾ ਘਿਰਾਓ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਵਿਚ ਭਾਜਪਾ ਨੂੰ ਛੱਡ ਕੇ ਕੋਈ ਹੋਰ ਸਿਆਸੀ ਪਾਰਟੀ ਦਾ ਲੀਡਰ ਆਉਂਦਾ ਹੈ ਤਾਂ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਹੋਣ ਦੀ ਸੂਰਤ ਵਿਚ ਉਸਨੂੰ ਸਵਾਲ ਪੁੱਛੇ ਜਾਣ ਤਾਂ ਜੋ ਅੱਗੇ ਤੋਂ ਕੋਈ ਸਿਆਸੀ ਪਾਰਟੀ ਜਾਂ ਲੀਡਰ ਲੋਕਾਂ ਨਾਲ ਝੂਠੇ ਵਾਅਦੇ ਨਾ ਕਰਨ।
ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਚੱਲ ਰਹੇ ਕਿਸਾਨ ਅੰੰਦੋਲਨ ਵਿਚ ਸ਼ਮੂਲੀਅਤ ਕਰਦੇ ਰਹਿਣ ਤਾਂ ਜੋ ਕੇਂਦਰ ਸਰਕਾਰ ਨੂੰ ਕਾਨੂੰਨ ਰੱਦ ਕਰਨ ਲਈ ਮਜਬੂਰ ਕੀਤਾ ਜਾ ਸਕੇ। ਕਿਸਾਨ ਆਗੂਆਂ ਨੇ ਕਰਨਾਲ ਵਿਚ ਕਿਸਾਨਾਂ ਉਪਰ ਹੋਏ ਅੰਨ੍ਹੇਵਾਹ ਤਸ਼ੱਦਦ ਦੀ ਸਖਤ ਨਿਖੇਧੀ ਕੀਤੀ। ਉਨ੍ਹਾਂ ਐਸਡੀਐਮ ਕਰਨਾਲ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ।