ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 2 ਜੂਨ
ਅੱਜ ਇਥੇ ਸਰਕਾਰੀ ਸਿਵਲ ਹਸਪਤਾਲ ਵਿਖੇ ਆਸ਼ਾ ਵਰਕਰ ਅਤੇ ਆਸ਼ਾ ਫੈਸਿਲੀਟੇਟਰਜ਼ ਨੇ ਪੰਜਾਬ ਸਰਕਾਰ ਵੱਲੋਂ 2500 ਰੁਪਏ ਕੋਵਿਡ ਸਪੈਸ਼ਲ ਭੱਤਾ ਬੰਦ ਕਰਨ ਸਬੰਧੀ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਪੰਜਾਬ ਦੀ ਪ੍ਰਧਾਨ ਰਾਣੋ ਖੇੜੀ ਗਿੱਲਾਂ, ਚੇਅਰਪਰਸਨ ਸੁਖਵਿੰਦਰ ਕੌਰ, ਜਨਰਲ ਸਕੱਤਰ ਲਖਵਿੰਦਰ ਕੌਰ ਅਤੇ ਵਿੱਤ ਸਕੱਤਰ ਹਰਨਿੰਦਰ ਕੌਰ ਨੇ ਕਿਹਾ ਕਿ ਲੰਬੇ ਸਮੇਂ ਤੋਂ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਵੱਲੋਂ ਕਰੋਨਾ ਕਾਲ ਦੇ ਦੌਰਾਨ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਕੀਮਾਂ ਵਿੱਚ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਆਸ਼ਾ ਵਰਕਰਾਂ ਦੇ ਇਨ੍ਹਾਂ ਕੰਮਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਆਸ਼ਾ ਵਰਕਰਾਂ ਨੂੰ ਕਰੋਨਾ ਸਪੈਸ਼ਲ 2500 ਰੁਪਏ ਮਾਣ ਭੱਤਾ ਦਿੱਤਾ ਜਾਂਦਾ ਰਿਹਾ ਹੈ ਜੋ ਮੌਜੂਦਾ ਸਰਕਾਰ ਵੱਲੋਂ ਇ ਬੰਦ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਜਲਦ ਹੀ ਸਾਂਝੀ ਮੀਟਿੰਗ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।