ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 13 ਅਗਸਤ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਟੌਲ ਪਲਾਜ਼ਾ ਕਾਲਾਝਾੜ ਵਿਖੇ ਲਗਾਏ ਗਏ ਪੱਕੇ ਧਰਨੇ ਵਿੱਚ ਕਿਸਾਨ ਨੁਮਾਇੰਦਿਆਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ 15 ਅਗਸਤ ਨੂੰ ਇੱਥੇ ਸੰਗਰੂਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੀ ਵਿਸ਼ਾਲ ਕਾਨਫਰੰਸ ਕੀਤੀ ਜਾਵੇਗੀ। ਬਲਾਕ ਪੱਧਰੀ ਮੀਟਿੰਗ ਮਗਰੋਂ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ, ਕਿਸਾਨ ਆਗੂ ਹਰਜਿੰਦਰ ਸਿੰਘ ਘਰਾਚੋਂ, ਸੁਖਦੇਵ ਸਿੰਘ ਘਰਾਚੋਂ, ਮਹਿੰਦਰ ਸਿੰਘ ਲੱਖੇਵਾਲ, ਸੀਤਾ ਰਾਮ ਕਾਦਰਾਬਾਦ ਅਤੇ ਪਰਵਿੰਦਰ ਸਿੰਘ ਕਾਲਾਝਾੜ ਨੇ ਕਿਹਾ ਕਿ 15 ਅਗਸਤ ਦੀ ਇਕੱਤਰਤਾ ਵਿੱਚ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਅਤੇ ਕਾਰਪੋਰੇਟ ਘਰਾਣਿਆਂ ਦੀਆਂ ਜੜ੍ਹਾਂ ਪੁੱਟਣ ਲਈ ਐਲਾਨ ਕੀਤੇ ਜਾਣਗੇ।