ਮੇਜਰ ਸਿੰਘ ਮੱਟਰਾਂ
ਭਵਾਨੀਗੜ, 3 ਜੂਨ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਤੀ ਹੇਠਲੇ ਪਾਣੀ ਦੀ ਡਿੱਗਦੀ ਤਹਿ ਦੀ ਸੰਭਾਲ ਲਈ ਪੰਜਾਬ ਸਰਕਾਰ ਨੂੰ ਭੇਜੀਆਂ ਮੰਗਾਂ ਦੀ ਪੂਰਤੀ ਵਾਸਤੇ 6 ਤੋਂ 10 ਜੂਨ ਤੱਕ ਪੰਜਾਬ ਭਰ ‘ਚ ਪਿੰਡ ਪਿੰਡ ਪੱਕੇ ਧਰਨੇ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਗੁਰਦੁਆਰਾ ਨੌਵੀਂ ਪਾਤਸ਼ਾਹੀ ਪਿੰਡ ਫੱਗੂਵਾਲਾ ਵਿਖੇ ਬਲਾਕ ਦੀ ਮੀਟਿੰਗ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿੱਚ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਨੌੜ, ਕਰਮ ਚੰਦ ਪੰਨਵਾਂ, ਲਾਡੀ ਬਖੋਪੀਰ, ਚਮਕੌਰ ਸਿੰਘ ਲੱਡੀ,ਹਰਜੀਤ ਸਿੰਘ ਮਹਿਲਾਂ ਅਤੇ ਜਗਤਾਰ ਸਿੰਘ ਲੱਡੀ ਆਗੂ ਸ਼ਾਮਲ ਹੋਏ। ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੇ ਬਚਾਓ ਅਤੇ ਬਿਜਲੀ ਦੀ ਕਿੱਲਤ ਦੇ ਮੱਦੇਨਜ਼ਰ ਝੋਨੇ ਦੀ ਬਿਜਾਈ ਬਾਰੇ ਪੰਜਾਬ ਭਰ ਵਿੱਚ ਚਲਾਈ ਗਈ ਜਾਗ੍ਰਿਤੀ ਮੁਹਿੰਮ ਦੇ ਅਖੀਰ ‘ਤੇ 6 ਤੋਂ 10 ਜੂਨ ਤੱਕ ਪੰਜਾਬ ਭਰ ਵਿੱਚ ਪਿੰਡ ਪਿੰਡ ਪਾਣੀ ਦੀਆਂ ਟੈਂਕੀਆਂ ਜਾਂ ਹੋਰ ਸਾਂਝੀਆਂ ਥਾਵਾਂ ‘ਤੇ ਪੰਜ ਰੋਜ਼ਾ ਪੱਕੇ ਧਰਨੇ ਲਾਏ ਜਾਣਗੇ। ਧਰਨਿਆਂ ਦੌਰਾਨ ਮੰਗ ਕੀਤੀ ਜਾਵੇਗੀ ਕਿ ਪਾਣੀ ਦੀ ਬੱਚਤ ਦੇ ਫੌਰੀ ਕਦਮਾਂ ਵਜੋਂ ਪੰਜਾਬ ਸਰਕਾਰ ਸਿੱਧੀ ਬਿਜਾਈ ਲਈ 1500 ਰੁਪਏ ਦੀ ਥਾਂ ਰਿਸਕ ਭੱਤਾ 10000 ਰੁਪਏ ਪ੍ਰਤੀ ਏਕੜ ਦੇਵੇ, ਮੂੰਗੀ, ਬਾਸਮਤੀ ਤੇ ਮੱਕੀ ਸਮੇਤ ਫਲਾਂ, ਸਬਜ਼ੀਆਂ ਸਾਰੀਆਂ ਬਦਲਵੀਆਂ ਫ਼ਸਲਾਂ ਦਾ ਲਾਭਕਾਰੀ ਐੱਮਐੱਸਪੀ ਮਿੱਥ ਕੇ ਮੁਕੰਮਲ ਖਰੀਦ ਦੀ ਗਰੰਟੀ ਦੇਵੇ।