ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 30 ਅਕਤੂਬਰ
ਅੱਜ ਇਥੇ ਨਵੇਂ ਬੱਸ ਅੱਡੇ ’ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸਰਕਾਰੀ ਬੱਸਾਂ ਅਤੇ ਅੱਡੇ ’ਤੇ ਲੱਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਫਲੈਕਸ ਬੋਰਡਾਂ ਉੱਤੇ ਸਿਆਹੀ ਫੇਰ ਕੇ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਜਗਤਾਰ ਸਿੰਘ ਲੱਡੀ, ਹਰਜਿੰਦਰ ਸਿੰਘ ਘਰਾਚੋਂ, ਕਰਮ ਚੰਦ ਪੰਨਵਾਂ ਅਤੇ ਗੁਰਦੇਵ ਸਿੰਘ ਆਲੋਅਰਖ ਨੇ ਕਿਹਾ ਕਿ ਜਿਥੇ ਕੇਂਦਰ ਦੀ ਮੋਦੀ ਸਰਕਾਰ ਤਿੰਨ ਖੇਤੀ ਕਾਨੂੰਨ ਲਾਗੂ ਕਰਕੇ ਵੱਡੇ ਘਰਾਣਿਆਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ, ਉੱਥੇ ਹੀ ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਮੂਰਖ਼ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨਰਮੇ ਦੇ ਨੁਕਸਾਨ ਸਬੰਧੀ ਮੁਆਵਜ਼ਾ ਦੇਣ ਤੋਂ ਭੱਜ ਰਹੀ ਹੈ।
ਲਹਿਰਾਗਾਗਾ(ਰਮੇਸ਼ ਭਾਰਦਵਾਜ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੂਬਾ ਸਰਕਾਰ ਵੱਲੋਂ ਨਰਮੇ ਦੇ 12 ਹਜ਼ਾਰ ਮੁਆਵਜ਼ੇ ਨੂੰ ਰੱਦ ਕਰਦੇ ਹੋਏ ਸਰਕਾਰ ਦੇ ਬੋਰਡਾਂ ’ਤੇ ਕਾਲਖ ਫੇਰੀ ਅਤੇ ਐਲਾਨ ਕੀਤਾ ਕਿ ਜਦੋਂ ਤੱਕ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਦਾ ਘੱਟੋ ਘੱਟ 50 ਹਜ਼ਾਰ ਰੁਪਏ ਯੋਗ ਮੁਆਵਜ਼ਾ ਨਹੀਂ ਮਿਲਦਾ ਯੂਨੀਅਨ ਕਾਂਗਰਸ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਬਹਾਦਰ ਸਿੰਘ ਭੁਟਾਲ ਖੁਰਦ, ਮੱਖਣ ਸਿੰਘ ਪਾਪੜਾ, ਹਰਜਿੰਦਰ ਸਿੰਘ ਨੰਗਲਾ, ਰਾਮਾ ਸਿੰਘ ਢੀਂਡਸਾ, ਜਗਦੀਪ ਸਿੰਘ ਲਹਿਲ ਖੁਰਦ, ਜੈਦੀਪ ਸਿੰਘ ਲਹਿਲ ਖੁਰਦ, ਕਰਨੈਲ ਸਿੰਘ ਗਨੋਟਾ, ਰਾਮਚੰਦ ਸਿੰਘ ਚੋਟੀਆਂ, ਜਸਵੰਤ ਕੌਰ ਰਾਏਧਰਾਣਾ, ਦਰਸ਼ਨਾ ਕੌਰ ਲਦਾਲ, ਦਲੀਪ ਕੌਰ ਗਾਗਾ ਨੇ ਸੰਬੋਧਨ ਕੀਤਾ।