ਮੇਜਰ ਸਿੰਘ ਮੱਟਰਾਂ
ਭਵਾਨੀਗੜ, 7 ਸਤੰਬਰ
ਇਥੋਂ ਨੇੜਲੇ ਪਿੰਡ ਘਰਾਚੋਂ ਵਿਖੇ ਪੰਚਾਇਤੀ ਥਾਂ ’ਤੇ ਕਬਜ਼ੇੇ ਕਾਰਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਪੰਚਾਇਤ ਅਤੇ ਪ੍ਰਸ਼ਾਸਨ ਵਿਚਕਾਰ ਚੱਲ ਰਹੇ ਤਣਾਅ ਨੂੰ ਸਾਂਝੀ ਮੀਟਿੰਗ ਕਰਕੇ ਮਸਲਾ ਸੁਲਝਾ ਲਿਆ ਹੈ। ਮੀਟਿੰਗ ਮਗਰੋਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਤੇ ਗੁਰਮੇਲ ਸਿੰਘ ਸਰਪੰਚ ਨੇ ਦੱਸਿਆ ਕਿ ਇਹ ਮਸਲਾ ਗਲਤਫ਼ਹਿਮੀਆਂ ਅਤੇ ਆਪਸੀ ਰਾਬਤੇ ਦੀ ਘਾਟ ਕਾਰਨ ਵਧ ਗਿਆ ਸੀ, ਜੋ ਦੋਵਾਂ ਧਿਰਾਂ ਨੇ ਪਿੰਡ ਦੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੇ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਹੱਲ ਕਰ ਲਿਆ ਗਿਆ। ਇਸੇ ਦੌਰਾਨ ਅੱਜ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਅਤੇ ਘਰਾਚੋਂ ਦੇ ਸਰਪੰਚ ਗੁਰਮੇਲ ਸਿੰਘ ਵਿਚਕਾਰ ਮੀਟਿੰਗ ਹੋਈ, ਜਿਸ ਵਿੱਚ ਸਮਝੌਤਾ ਕੀਤਾ ਗਿਆ। ਸਮਝੌਤੇ ਅਨੁਸਾਰ ਵਿਵਾਦਤ ਥਾਂ ਨੂੰ ਆਪਸੀ ਰਜ਼ਾਮੰਦੀ ਨਾਲ ਹੱਲ ਕਰ ਲਿਆ ਜਾਵੇਗਾ। ਪਿੰਡ ਦੇ ਵਿਕਾਸ ਕੰਮਾਂ ਵਿੱਚ ਦੋਵੇਂ ਧਿਰਾਂ ਸਹਿਯੋਗ ਕਰਨਗੀਆਂ। ਇਸ ਮੌਕੇ ਯੂਨੀਅਨ ਦੇ ਆਗੂ ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਘਰਾਚੋਂ,ਹਰਜੀਤ ਸਿੰਘ ਮਹਿਲਾਂ ਤੇ ਹਰਜਿੰਦਰ ਸਿੰਘ ਹਾਜ਼ਰ ਸਨ। ਡੀਐੱਸਪੀ ਭਵਾਨੀਗੜ੍ਹ ਮੋਹਿਤ ਅਗਰਵਾਲ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ।