ਮੇਜਰ ਸਿੰਘ ਮੱਟਰਾਂ
ਭਵਾਨੀਗੜ, 16 ਸਤੰਬਰ
ਜੰਮੂ-ਦਿੱਲੀ ਕੱਟੜਾ ਐਕਸਪ੍ਰੈਸ ਵੇਅ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਇੱਥੋਂ ਨੇੜਲੇ ਪਿੰਡ ਖੇੜੀ ਚੰਦਵਾਂ ਵਿਖੇ ਲਗਾਇਆ ਪੱਕਾ ਧਰਨਾ ਅੱਜ 62ਵੇਂ ਦਿਨ ਵੀ ਜਾਰੀ ਰੱਖਿਆ ਗਿਆ। ਇਸ ਮੌਕੇ ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਰੋਡ ਸੰਘਰਸ਼ ਸੰਤੋਖ ਕਮੇਟੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਕੱਟੜਾ ਤੋਂ ਦਿੱਲੀ ਐਕਸਪ੍ਰੈਸ ਵੇਅ ਲਈ ਗ੍ਰਹਿਣ ਕੀਤੀ ਗਈ ਜ਼ਮੀਨ ਦਾ ਪਿੰਡ ਸੰਤੋਖਪੁਰਾ, ਖੇੜੀ ਚੰਦਵਾਂ,ਹਰਕਿਸ਼ਨਪੁਰਾ ਅਤੇ ਜਲਾਣ ਦੇ ਕਿਸਾਨਾਂ ਨੂੰ ਬਹੁਤ ਘੱਟ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਸ ਧੱਕੇਸ਼ਾਹੀ ਖ਼ਿਲਾਫ਼ ਦਿਨ ਰਾਤ ਦਾ ਪੱਕਾ ਮੋਰਚਾ ਲੱਗਿਆ ਹੋਇਆ ਹੈ। ਕਿਸਾਨ ਆਗੂਆਂ ਨੇ ਪਿੰਡਾਂ ਵਾਲਿਆਂ ਨੂੰ ਸਬਰ ਤੇ ਹਿੰਮਤ ਨਾਲ ਮੋਰਚੇ ਨੂੰ ਚਾਲੂ ਰੱਖਣ ਦਾ ਹੌਸਲਾ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਕੋਈ ਵੀ ਸਰਕਾਰ ਜਬਰੀ ਗ੍ਰਹਿਣ ਨਹੀਂ ਕਰ ਸਕਦੀ। ਧਰਨੇ ਵਿੱਚ ਹਾਜ਼ਰ ਕਿਸਾਨਾਂ ਨੇ ਜਿੱਤਣ ਤੱਕ ਮੋਰਚਾ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਜਗਤਾਰ ਸਿੰਘ ਲੱਡੀ, ਬਲਵਿੰਦਰ ਸਿੰਘ ਘਨੌੜ, ਸਤਵਿੰਦਰ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ ਅਤੇ ਗੁਰਚੇਤ ਸਿੰਘ ਭੱਟੀਵਾਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।