ਮੇਜਰ ਸਿੰਘ ਮੱਟਰਾਂ
ਭਵਾਨੀਗੜ, 22 ਜੁਲਾਈ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਅਗਵਾਈ ਹੇਠ ਪਿੰਡ ਖੇੜੀ ਗਿੱਲਾਂ ਦੇ ਮਜ਼ਦੂਰਾਂ ਵੱਲੋਂ ਸਰਕਾਰ ਦੀ ਨੀਤੀ ਅਨੁਸਾਰ ਪੰਜ-ਪੰਜ ਮਰਲੇ ਦੇ ਪਲਾਟ ਲੈਣ ਲਈ ਲਗਾਇਆ ਪੱਕਾ ਮੋਰਚਾ ਅੱਜ ਚੌਥੇ ਦਿਨ ਵੀ ਜਾਰੀ ਰੱਖਿਆ ਗਿਆ। ਇਸ ਮੌਕੇ ਯੂਨੀਅਨ ਦੀ ਇਕਾਈ ਦੇ ਪ੍ਰਧਾਨ ਜਗਤਾਰ ਸਿੰਘ ਰਿੰਕੂ, ਖਜ਼ਾਨਚੀ ਗੁਰਵਿੰਦਰ ਸਿੰਘ ਛਿੰਦਾ, ਲੱਛਮੀ ਕੌਰ, ਨਛੱਤਰ ਕੌਰ ਅਤੇ ਭੋਲੀ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜ-ਪੰਜ ਮਰਲਿਆਂ ਦੀਆਂ ਮਜ਼ਦੂਰਾਂ ਨੂੰ ਸਨਦਾਂ ਦੇਣ ਦੇ ਬਾਵਜੂਦ ਪਲਾਟ ਨਹੀ ਦਿੱਤੇ ਗਏ। ਆਗੂਆਂ ਨੇ ਕਿਹਾ ਕਿ ਇਹ ਮੋਰਚਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਪਲਾਟਾਂ ਦੀ ਅਲਾਟਮੈਂਟ ਨਹੀਂ ਕੀਤੀ ਜਾਂਦੀ।