ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਨਵੰਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਤਖਤਾਂ ਦੇ ਜਥੇਦਾਰਾਂ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲਾਂ ਦੀ ਨਿਖੇਧੀ ਕੀਤੀ ਹੈ ਅਤੇ ਇਨ੍ਹਾਂ ਬਿਆਨਾਂ ਨੂੰ ਮਰਿਯਾਦਾ ਦੇ ਉਲਟ ਕਰਾਰ ਦਿੱਤਾ। ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਬੁਲਾਰੇ ਤੇਜਾ ਸਿੰਘ ਕਮਾਲਪੁਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਲਕੀਤ ਸਿੰਘ ਚੰਗਾਲ ਅਤੇ ਰਾਮਪਾਲ ਸਿੰਘ ਬਹਿਣੀਵਾਲ ਨੇ ਕਿਹਾ ਕਿ ਹਰਵਿੰਦਰ ਸਿੰਘ ਸਰਨਾ ਵੱਲੋਂ ਦਿੱਤੇ ਬਿਆਨਾਂ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਧਾਮੀ ਅਤੇ ਭੂੰਦੜ ਇਨ੍ਹਾਂ ਬਿਆਨਾਂ ਨਾਲ ਸਹਿਮਤ ਨਹੀਂ ਤਾਂ ਉਨ੍ਹਾਂ ਨੂੰ ਸਰਨਾ ਦੇ ਬਿਆਨਾਂ ਦੀ ਸਖਤ ਨਿਖੇਧੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਬੜੇ ਨਾਜ਼ੁਕ ਦੌਰ ’ਚੋਂ ਗੁਜ਼ਰ ਰਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਗੰਭੀਰ ਸੰਕਟ ਵਿਚ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਹੋਰ ਤਖਤਾਂ ਦੇ ਜਥੇਦਾਰ ਸ਼੍ਰੋਮਣੀ ਅਕਾਲੀ ਦਲ ਦੇ ਮੁੱਦੇ ਨੂੰ ਹੱਲ ਕਰਨ ਲਈ ਸੰਜੀਦਾ ਹਨ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਹੋਵੇ, ਇਸ ਲਈ ਯਤਨ ਕੀਤੇ ਜਾ ਰਹੇ ਹਨ ਪਰ ਹਰਵਿੰਦਰ ਸਿੰਘ ਸਰਨਾ ਵਲੋਂ ਅਜਿਹੀ ਬਿਆਨਬਾਜ਼ੀ ਕਰਕੇ ਜਥੇਦਾਰ ਸਾਹਿਬਾਨ ਦੇ ਯਤਨਾਂ ਵਿਚ ਵਿਘਨ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਜੋ ਸਜ਼ਾ ਮਿਲਣੀ ਹੈ, ਉਹ ਜਥੇਦਾਰ ਸਾਹਿਬਾਨ ਵਲੋਂ ਵੇਖਣਾ ਹੈ। ਇਸ ਵਿਚ ਸਰਨਾ ਨੂੰ ਦਖਲਅੰਦਾਜੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ।
ਉਨ੍ਹਾਂ ਕਿਹਾ ਕਿ ਉਹ ਐੱਸਜੀਪੀਸੀ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਤੋਂ ਮੰਗ ਕਰਦੇ ਹਨ ਕਿ ਉਹ ਸਰਨਾ ਦੇ ਬਿਆਨਾਂ ’ਤੇ ਸਥਿਤੀ ਸਪੱਸ਼ਟ ਕਰਨ। ਇਸ ਮੌਕੇ ਗੁਰਮੀਤ ਸਿੰਘ ਜੌਹਲ, ਛੱਜੂ ਸਿੰਘ ਆਦਿ ਮੌਜੂਦ ਸਨ।