ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 17 ਅਗਸਤ
ਨੇੜਲੇ ਪਿੰਡ ਘਰਾਚੋਂ ਵਿੱਚ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਵਿੱਚੋਂ ਬਾਕੀ ਰਹਿ ਗਈ 8 ਏਕੜ ਜ਼ਮੀਨ ਦੀ ਬੋਲੀ ਪੰਚਾਇਤੀ ਅਧਿਕਾਰੀਆਂ ਵੱਲੋਂ ਰੱਖੀਆਂ ਸ਼ਰਤਾਂ ਅਨੁਸਾਰ ਦਲਿਤਾਂ ਵੱਲੋਂ ਬੋਲੀ ਨਾ ਦੇਣ ਕਾਰਨ ਦੂਜੀ ਮੁਲਤਵੀ ਕਰ ਦਿੱਤੀ ਗਈ।ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਇਕਾਈ ਘਰਾਚੋਂ ਦੇ ਪ੍ਰਧਾਨ ਗੁਰਚਰਨ ਸਿੰਘ ਅਤੇ ਮਿੱਠੂ ਸਿੰਘ ਨੇ ਦੱਸਿਆ ਕਿ ਬੀਡੀਪੀਓ ਭਵਾਨੀਗੜ੍ਹ ਬਲਜੀਤ ਸਿੰਘ ਸੋਹੀ ਵੱਲੋਂ ਅੱਜ ਦੁਬਾਰਾ ਬੋਲੀ ਪ੍ਰਾਇਮਰੀ ਸਕੂਲ ਵਿਖੇ ਰੱਖੀ ਗਈ। ਪਰ ਇਹ ਬੋਲੀ ਵੀ ਉਚੇ ਰੇਟ ਕਾਰਨ ਦਲਿਤਾਂ ਨੇ ਬੋਲੀ ਨਹੀਂ ਦਿੱਤੀ। ਬੀਡੀਪੀਓ ਭਵਾਨੀਗੜ੍ਹ ਬਲਜੀਤ ਸਿੰਘ ਸੋਹੀ ਨੇ ਦੱਸਿਆ ਕਿ ਅੱਜ ਵੀ ਬੋਲੀ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਦੁਬਾਰਾ ਤਾਰੀਖ ਰੱਖੀ ਜਾਵੇਗੀ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਕਿਹਾ ਕਿ ਪਿੰਡ ਘਰਾਚੋਂ ਦੇ ਕਿਰਤੀ ਲੋਕ ਆਪਣੇ ਬਣਦੇ ਹਿੱਸੇ ਦੀ ਜ਼ਮੀਨ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਪ੍ਰਧਾਨ ਗੁਰਚਰਨ ਸਿੰਘ ਨੇ ਦੱਸਿਆ ਕਿ ਇੱਕ ਸਾਲ ਲਈ ਠੇਕੇ ਤੇ ਜ਼ਮੀਨ ਲੈਣ ਦੇ ਸਮੇਂ ਵਿੱਚੋਂ ਤਿੰਨ ਮਹੀਨੇ ਤੋਂ ਉਪਰ ਦਾ ਸਮਾਂ ਲੰਘ ਚੁੱਕਿਆ ਹੈ ਅਤੇ ਕਰੋਨਾ ਵਾਇਰਸ ਕਾਰਨ ਪਿਛਲੇ ਸਮੇਂ ਮਜ਼ਦੂਰਾਂ ਦਾ ਰੁਜ਼ਗਾਰ ਪੂਰੀ ਤਰ੍ਹਾਂ ਖੁੱਸ ਚੁੱਕਿਆ ਹੈ। ਜਿਸ ਕਾਰਨ ਏਨੇ ਭਾਰੀ ਰੇਟ ਉੱਪਰ ਪੈਸੇ ਭਰਨ ਲਈ ਤਿਆਰ ਨਹੀਂ।