ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਅਗਸਤ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਪੱਕੇ ਧਰਨਿਆਂ ਦੌਰਾਨ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਬਣਾ ਕੇ ਕਿਸਾਨਾਂ ਅਤੇ ਕਿਰਤੀਆਂ ਦੇ ਹੱਕਾਂ ਦੇ ਡਾਕਾ ਮਾਰਿਆ ਹੈ। ਇਸ ਦਾ ਖਮਿਆਜ਼ਾ ਭਾਜਪਾ ਨੂੰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਕਿਸਾਨ ਅੰਦੋਲਨ ਖ਼ਤਮ ਨਹੀਂ ਹੋਵੇਗਾ ਅਤੇ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ੀ ਮੋਰਚਿਆਂ ’ਤੇ ਡਟੇ ਰਹਿਣਗੇ।
ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਰੇਲਵੇ ਸਟੇਸ਼ਨ ਨੇੜੇ ਪੱਕਾ ਰੋਸ ਧਰਨਾ ਜਾਰੀ ਹੈ ਜਦੋਂਕਿ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਬੀਬੀਆਂ ਅਤੇ ਕਿਸਾਨ ਇੱਥੇ ਭਾਜਪਾ ਆਗੂ ਦੇ ਘਰ ਅੱਗੇ ਪੱਕੇ ਰੋਸ ਧਰਨੇ ’ਤੇ ਡਟੇ ਹੋਏ ਹਨ।
ਰੇਲਵੇ ਸਟੇਸ਼ਨ ’ਤੇ ਰੋਸ ਧਰਨੇ ਨੂੰ ਕਿਸਾਨ ਜਥੇਬੰਦੀਆਂ ਦੇ ਆਗੂਆਂ ਹਰਮੇਲ ਸਿੰਘ ਮਹਿਰੋਕ, ਮੋਹਨ ਲਾਲ ਸੁਨਾਮ, ਨਰਜੰਨ ਸਿੰਘ ਦੋਹਲਾ, ਰੋਹੀ ਸਿੰਘ ਮੰਗਵਾਲ, ਇੰਦਰਪਾਲ ਸਿੰਘ ਪੁੰਨਾਂਵਾਲ, ਰਾਮ ਸਿੰਘ ਸੋਹੀਆਂ, ਮੱਘਰ ਸਿੰਘ ਉਭਾਵਾਲ, ਮਹਿੰਦਰ ਸਿੰਘ ਬੁਗਰਾ, ਦਰਸ਼ਨ ਸਿੰਘ, ਸੁਖਦੇਵ ਸਿੰਘ, ਮਹਿੰਦਰ ਸਿੰਘ ਭੱਠਲ ਨੇ ਸੰਬੋਧਨ ਕੀਤਾ। ਭਾਜਪਾ ਆਗੂ ਦੇ ਘਰ ਅੱਗੇ ਧਰਨੇ ਨੂੰ ਗੋਬਿੰਦਰ ਸਿੰਘ ਮੰਗਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਸਰੂਪ ਚੰਦ ਕਿਲਾਭਰੀਆਂ, ਕਰਮਜੀਤ ਮੰਗਵਾਲ, ਗੁਰਦੀਪ ਸਿੰਘ ਕੰਮੋਮਾਜਰਾ ਆਦਿ ਨੇ ਸੰਬੋਧਨ ਕੀਤਾ।
ਬੁਲਾਰਿਆਂ ਨੇ ਖੇਤੀ ਕਾਨੂੰਨ ਰੱਦ ਨਾ ਕਰਨ ਦੇ ਅੜੀਅਲ ਰਵੱਈਏ ਕਾਰਨ ਭਾਜਪਾ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਬਣਾ ਕੇ ਕਿਰਤੀਆਂ ਅਤੇ ਕਿਸਾਨਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਹੈ ਇਸ ਦਾ ਖ਼ਮਿਆਜ਼ਾ ਭਾਜਪਾ ਨੂੰ ਪੰਜ ਰਾਜਾਂ ਦੀਆਂ ਚੋਣਾਂ ਵਿਚ ਭੁਗਤਣਾ ਪਵੇਗਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇੱਥੇ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖ਼ਿਲਾਫ਼ ਪੱਕਾ ਮੋਰਚਾ ਅੱਜ 322ਵੇਂ ਦਿਨਾਂ ਨੂੰ ਪਾਰ ਕਰ ਚੁੱਕਾ ਹੈ। ਇਸ ਮੋਰਚੇ ਕਰ ਕੇ ਕਾਰਪੋਰੇਟਰ ਕੰਪਨੀ ਨੂੰ ਕਰੋੜਾਂ ਰੁਪਏ ਦਾ ਘਾਟਾ ਭੁਗਤਣਾ ਪੈ ਰਿਹਾ ਹੈ। ਇਸ ਪੰਪ ’ਤੇ ਹਰ ਛੇਵੇਂ ਦਿਨ ਪੈਟਰੋਲ-ਡੀਜ਼ਲ ਦੇ 20 ਹਜ਼ਾਰ ਲਿਟਰ ਵਾਲੀ ਗੱਡੀ ਹਰ ਛੇਵੇਂ ਦਿਨ ਆਉਂਦੀ ਸੀ।
ਅੱਜ ਦੇ ਧਰਨੇ ਦੀ ਸਟੇਜ ਦੀ ਕਮਾਨ ਬੀਕੇਯੂ ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ ਨੇ ਸੰਭਾਲੀ। ਜੋਗੀ ਸਿੰਘ ਨੰਗਲਾ ਨੇ ਕ੍ਰਾਂਤੀਕਾਰੀ ਗੀਤ ਗਾਏ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਕਰਨੈਲ ਗਨੋਟਾ, ਬਹਾਦਰ ਸਿੰਘ ਭੁਟਾਲ ਖੁਰਦ ਤੇ ਬਲਜੀਤ ਕੌਰ ਲਹਿਲ ਕਲਾਂ ਨੇ ਕਿਹਾ ਕਿ ਖੇਤਾਂ ਵਾਲੀ ਬਿਜਲੀ ਸਪਲਾਈ 4-5 ਘੰਟੇ ਹੀ ਦਿੱਤੀ ਜਾ ਰਹੀ ਹੈ। ਇਸ ਕਰ ਕੇ ਫ਼ਸਲਾਂ ਸੁਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇ ਜਲਦ ਇਸ ਮੁਸ਼ਕਲ ਨੂੰ ਹੱਲ ਨਾ ਕੀਤਾ ਤਾਂ ਜਥੇਬੰਦੀ ਸਖ਼ਤ ਐਕਸ਼ਨ ਲਈ ਮਜਬੂਰ ਹੋਵੇਗੀ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ’ਤੇ 322ਵੇਂ ਦਿਨ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਸੁਖਦੇਵ ਸਿੰਘ ਘਰਾਚੋਂ, ਸਤਵਿੰਦਰ ਸਿੰਘ, ਮਹਿੰਦਰ ਸਿੰਘ ਲੱਖੇਵਾਲ ਅਤੇ ਮਨਜੀਤ ਕੌਰ ਰਾਜਪੁਰਾ ਨੇ ਕਿਹਾ ਕਿ ਕੇਂਦਰ ਕਿਸਾਨ-ਮਜ਼ਦੂਰ ਏਕਤਾ ਵਿੱਚ ਪਾੜਾ ਪਾਉਣ ਲਈ ਘਟੀਆ ਚਾਲਾਂ ਖੇਡ ਰਹੀ ਹੈ।
ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ’ਤੇ ਲਾਏ ਧਰਨੇ ਵਿੱਚ ਸੁਖਦੇਵ ਸਿੰਘ ਬਾਲਦ ਕਲਾਂ, ਭਰਪੂਰ ਸਿੰਘ ਮਾਝੀ, ਅੰਗਰੇਜ਼ ਸਿੰਘ ਮਾਝੀ ਆਦਿ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਲੰਬੇ ਸੰਘਰਸ਼ ਵਾਸਤੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।