ਨਿੱਜੀ ਪੱਤਰ ਪੇ੍ਰਕ
ਸੰਗਰੂਰ, 2 ਮਈ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ ਅੱਜ ਪੱਛਮੀ ਬੰਗਾਲ ਦੇ ਚੋਣ ਨਤੀਜੇ ਛਾਏ ਰਹੇ ਅਤੇ ਕਿਸਾਨਾਂ ਨੇ ਚੋਣ ਨਤੀਜਿਆਂ ’ਚ ਭਾਜਪਾ ਦੀ ਵੱਡੀ ਹਾਰ ਨੂੰ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਅਤੇ ਲੋਕਾਂ ਉਪਰ ਥੋਪੇ ਜਾ ਰਹੇ ਕਾਲੇ ਕਾਨੂੰਨਾਂ ਖ਼ਿਲਾਫ਼ ਲੋਕ ਫਤਵਾ ਕਰਾਰ ਦਿੱਤਾ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਬੰਗਾਲ ਦੇ ਚੋਣ ਨਤੀਜਿਆਂ ਨਾਲ ਦੇਸ਼ ਵਿਚ ਭਾਜਪਾ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਜੇਕਰ ਅਜੇ ਵੀ ਭਾਜਪਾ ਨੇ ਲੋਕ ਹਿਤਾਂ ਖ਼ਿਲਾਫ਼ ਆਪਣਾ ਅੜੀਅਲ ਰਵੱਈਆ ਨਾ ਛੱਡਿਆ ਤਾਂ ਪੂਰੇ ਦੇਸ਼ ਵਿਚ ਭਾਜਪਾ ਦਾ ਸਫਾਇਆ ਹੋ ਜਾਵੇਗਾ।
ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਥੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਰੋਸ ਧਰਨਾ ਜਾਰੀ ਹੈ ਜਿਸ ਵਿਚ ਵੱਡੀ ਤਾਦਾਦ ’ਚ ਕਿਸਾਨਾਂ ਬੀਬੀਆਂ, ਕਿਸਾਨਾਂ ਅਤੇ ਬੱਚਿਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੂੰ ਪੱਛਮੀ ਬੰਗਾਲ ਵਿਚ ਕਾਲੇ ਕਾਨੂੰਨਾਂ ਦਾ ਖਮਿਆਜ਼ਾ ਭੁਗਤਣਾ ਪਿਆ ਹੈ। ਦੇਸ਼ ਵਿਚ ਕਰੋਨਾ ਕਾਰਨ ਹਾਹਾਕਾਰ ਮੱਚੀ ਹੋਈ ਹੈ ਅਤੇ ਲੋਕ ਇਲਾਜ ਅਤੇ ਆਕਸੀਜਨ ਦੀ ਘਾਟ ਕਾਰਨ ਧਾਹਾਂ ਮਾਰ ਰਹੇ ਹਨ ਪਰੰਤੂ ਮੋਦੀ ਸਰਕਾਰ ਲੋਕਾਂ ਦੀਆਂ ਜਾਨਾਂ ਬਚਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।
ਟੌਲ ਪਲਾਜ਼ਿਆਂ ਅਤੇ ਪੈਟਰੋਲ ਪੰਪ ’ਤੇ ਧਰਨੇ ਜਾਰੀ
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਸੰਗਰੂਰ ਦੇ ਬਲਾਕ ਭਵਾਨੀਗੜ੍ਹ ਵੱਲੋਂ ਟੌਲ ਪਲਾਜ਼ਾ ਕਾਲਾਝਾੜ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਧਰਨੇ 214 ਵੇਂ ਦਿਨ ਵੀ ਜਾਰੀ ਰੱਖੇ ਗਏ। ਇਸ ਮੌਕੇ ਪੈਪਸੀਕੋ ਵਰਕਰਜ਼ ਯੂਨੀਅਨ ਦੇ ਆਗੂ ਗੁਰਜੀਤ ਸਿੰਘ ਨਾਭਾ , ਕ੍ਰਿਸ਼ਨ ਭੜੋ , ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਰਮਨ ਸਿੰਘ ਕਾਲਝਾੜ , ਨਵਜੋਤ ਕੌਰ ਚੰਨੋ, ਨਿਰਭੈ ਸਿੰਘ ਮਸਾਣੀ ਆਦਿ ਵੀ ਹਾਜ਼ਰ ਸਨ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜਾ ਮਾਝੀ ਵਿਖੇ ਵੀ ਪੱਕਾ ਧਰਨਾ ਜਾਰੀ ਰੱਖਿਆ ਗਿਆ।
ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੋਲ ਪਲਾਜ਼ਾ ਕੋਲ ਲੱਗਾ ਧਰਨਾ ਮਨਜੀਤ ਸਿੰਘ ਜਹਾਂਗੀਰ ਦੀ ਅਗਵਾਈ ਵਿੱਚ 214ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲੇ ,ਉਪਰੋ ਖੇਤੀ ਮਸ਼ੀਨਾਂ, ਸਪਰੇਆਂ, ਖਾਦ ਕੰਪਨੀਆਂ ਕਿਸਾਨੀ ਦੀ ਲੁੱਟ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਇੱਕ ਸਾਜ਼ਿਸ਼ ਤਹਿਤ ਲਾਗੂ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਸੁਖਦੇਵ ਸ਼ਰਮਾ, ਰਾਮ ਸਿੰਘ ਕੱਕੜਵਾਲ, ਗੁਰੀ ਮਾਨ ਧੂਰੀ, ਮਹਿੰਦਰ ਸਿੰਘ ਭਸੋੜ, ਸੁਖਦੇਵ ਸਿੰਘ ਪੇਧਨੀ ਵੀ ਹਾਜ਼ਰ ਸਨ।