ਨਿਜੀ ਪੱਤਰ ਪ੍ਰੇਰਕ
ਸੰਗਰੂਰ, 9 ਸਤੰਬਰ
ਪੰਜਾਬ ਸਰਕਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀ ਕੁਸ਼ਲਤਾ ਦਾ ਵੱਧ ਤੋਂ ਵੱਧ ਲਾਭ ਲੈਣ ਦੇ ਮੱਦੇਨਜ਼ਰ ਬਰੌਡਕਾਸਟਿੰਗ ਸਿਸਟਮ (ਪ੍ਰਸਾਰਣ ਪ੍ਰਣਾਲੀ) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ 616 ਸਕੂਲਾਂ ਵਿੱਚ ਇਹ ਪ੍ਰਸਾਰਣ ਪ੍ਰਣਾਲੀ ਸਥਾਪਤ ਕੀਤੀ ਜਾਵੇਗੀ ਅਤੇ ਸਿੱਖਿਆ ਵਿਭਾਗ ਵੱਲੋਂ ਇਸ ਸਬੰਧ ਵਿੱਚ 1.54 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਰੌਡਕਾਸਟਿੰਗ ਸਿਸਟਮ ਲਗਾਉਣ ਲਈ ਸੰਗਰੂਰ ਜ਼ਿਲ੍ਹੇ ਦੇ 40 ਸਰਕਾਰੀ ਸਕੂਲਾਂ ਦੀ ਚੋਣ ਕੀਤੀ ਗਈ ਹੈ ਜਿਸ ਲਈ 10 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਸਾਰਣ ਪ੍ਰਣਾਲੀ ਸਥਾਪਤ ਕਰਨ ਨਾਲ ਸਕੂਲਾਂ ਦੇ ਸਟਾਫ ’ਤੇ ਕੰਮ ਦਾ ਬੋਝ ਘੱਟ ਹੋਵੇਗਾ ਅਤੇ ਪ੍ਰਿੰਸੀਪਲ ਵੱਲੋਂ ਇੱਕੋ ਸਮੇਂ ’ਤੇ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਗੈਰ-ਅਧਿਆਪਨ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਸਕਣਗੀਆਂ। ਬ੍ਰੌਡਕਾਸਟਿੰਗ ਸਿਸਟਮ ਅਤੇ ਇਸ ਦੇ ਲਾਭਾਂ ਬਾਰੇ ਦੱਸਦੇ ਹੋਏ ਸ੍ਰੀ ਸਿੰਗਲਾ ਨੇ ਕਿਹਾ ਕਿ ਹਰੇਕ ਸਿਸਟਮ ਦੀ ਕੀਮਤ ਲਗਭਗ 25,000/- ਰੁਪਏ ਹੋਵੇਗੀ, ਜਿਸ ਵਿੱਚ ਇੱਕ ਐਂਪਲੀਫਾਇਰ, ਇੱਕ ਮਾਈਕ, ਇੱਕ ਚੋਣਵਾਂ ਕਲਾਸਰੂਮ, ਮਲਟੀ-ਸਵਿਚ, ਸਪੀਕਰ ਅਤੇ ਲੋੜੀਂਦੀ ਤਾਰ ਆਦਿ ਚੀਜ਼ਾਂ ਸ਼ਾਮਲ ਹੋਣਗੀਆਂ।