ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ,10 ਫਰਵਰੀ
ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ ਉਮੀਦਵਾਰਾਂ ਖ਼ਿਲਾਫ਼ ਲੋਕ ਰਾਇ ਬਣਾਉਣ ਲਈ ਸਥਾਨਕ ਦਾਣਾ ਮੰਡੀ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ’ਚ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬਲਾਕ ਆਗੂ ਨਿਰਮਲ ਸਿੰਘ ਤੇ ਕੁਲਵਿੰਦਰ ਸਿੰਘ ਭੂਦਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਿਰਫ਼ ਕਿਸਾਨ ਵਿਰੋਧੀ ਹੀ ਨਹੀਂ ਸਗੋਂ ਲੋਕ ਵਿਰੋਧੀ ਵੀ ਹੈ। ਕੇਂਦਰ ਸਰਕਾਰ ਵੱਲੋਂ ਲਗਾਤਾਰ ਲੋਕ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ। ਦੇਸ਼ ’ਚ ਬੇਰੁਜ਼ਗਾਰੀ ਤੇ ਮਹਿੰਗਾਈ ਦਿਨ-ਬ-ਦਿਨ ਵਧ ਰਹੀ ਹੇ। ਮੋਦੀ ਸਰਕਾਰ ਆਮ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਦੀ ਬਜਾਏ ਕਾਰਰਪੋਰੇਟ ਪੱਖੀ ਨੀਤੀਆਂ ਲਾਗੂ ਕਰਕੇ ਆਮ ਲੋਕਾਂ ਨੂੰ ਹਾਸ਼ੀਏ ‘ਤੇ ਧੱਕ ਰਹੀ ਹੈ। ਕੇਂਦਰ ਸਰਕਾਰ ਨੇ ਕਰੋਨਾ ਦੀ ਆੜ ‘ਚ ਤਿੰਨ ਖੇਤੀ ਕਾਨੂੰਨ ਲਿਆ ਕੇ ਦੇਸ਼ ਦੇ ਕਿਸਾਨਾਂ ਨੂੰ ਕਾਰਪੋਰੇਟਸ ਅੱਗੇ ਸੁੱਟ ਦਿੱਤਾ ਹੈ। ਸੁਖਵਿੰਦਰ ਕੌਰ ਹਥਨ, ਅਮਰਜੀਤ ਕੌਰ ਚਾਂਗਲੀ, ਤੇਜਵੰਤ ਸਿੰਘ, ਕੁੱਕੀ ਕੁਠਾਲਾ, ਗੁਰਪ੍ਰੀਤ ਸਿੰਘ ਹਥਨ ਨੇ ਕਿਹਾ ਕਿ ਕਿਸਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਉਨ੍ਹਾਂ ਮਾਲੇਰਕੋਟਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਉਮੀਦਵਾਰਾ ਨੂੰ ਮੂੰਹ ਨਾ ਲਾਇਆ ਜਾਵੇ ਕਿਉਂਕਿ ਮੋਦੀ ਹਕੂਮਤ ਵੱਲੋਂ ਲਿਆਂਦੇ ਤਿੰਨੇ ਖੇਤੀ ਵਿਰੋਧੀ ਕਾਨੂੰਨ, ਸਨਅਤੀ ਐਕਟ-2020, ਬਿਜਲੀ ਐਕਟ-2020 ਤੇ ਪਰਾਲੀ ਸਾੜਨ ਸਬੰਧੀ ਕਾਨੂੰਨ ਲੋਕ ਵਿਰੋਧੀ ਹਨ, ਜਿਨ੍ਹਾਂ ਦੇ ਲਾਗੂ ਹੋਣ ਨਾਲ ਦੇਸ਼ ਦੀ ਆਰਥਿਕਤਾ ਤਬਾਹ ਹੋ ਜਾਵੇਗੀ। ਇਸ ਉਪਰੰਤ ਕਿਸਾਨਾਂ ਨੇ ਨਗਰ ਕੌਂਸਲ ਚੋਣਾਂ ’ਚ ਭਾਜਪਾ ਉਮੀਦਵਾਰਾਂ ਨੂੰ ਹਰਾਉਣ ਦਾ ਸੱਦਾ ਦਿੰਦਿਆਂ ਸ਼ਹਿਰ ਅੰਦਰ ਰੋਸ ਮਾਰਚ ਕੀਤਾ।