ਨਿਜੀ ਪੱਤਰ ਪ੍ਰੇਰਕ
ਸੰਗਰੂਰ, 12 ਨਵੰਬਰ
ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵੱਲੋਂ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਅਤੇ ਖੇੜੀ ਰਿਲਾਇੰਸ ਪੰਪ ਅੱਗੇ ਰੋਸ ਧਰਨੇ ਜਾਰੀ ਹਨ ਅਤੇ ਵੱਡੀ ਤਾਦਾਦ ’ਚ ਪੁੱਜ ਰਹੀਆਂ ਕਿਸਾਨ ਬੀਬੀਆਂ ਮੋਦੀ ਸਰਕਾਰ ਖ਼ਿਲਾਫ਼ ਗਰਜ਼ ਰਹੀਆਂ ਹਨ। ਕਿਸਾਨ ਬੀਬੀਆਂ ਨਾਲ ਬੱਚੇ ਵੀ ਸੰਘਰਸ਼ਾਂ ’ਚ ਕੁੱਦ ਰਹੇ ਹਨ।
ਭਾਜਪਾ ਆਗੂ ਦੇ ਘਰ ਅੱਗੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵਲੋਂ ਇੱਕ ਸਾਜਿਸ਼ ਤਹਿਤ ਜਾਣਬੁੱਝ ਕੇ ਪੰਜਾਬ ਤੇ ਕਿਸਾਨ ਵਿਰੋਧੀ ਫੈਸਲੇ ਲਏ ਜਾ ਰਹੇ ਹਨ ਜਿੰਨ੍ਹਾਂ ਦਾ ਮੰਤਵ ਕਿਸਾਨ ਅੰਦੋਲਨ ਨੂੰ ਢਾਹ ਲਾਉਣਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਿੱਤ ਨਵੇਂ ਕਿਸਾਨ ਵਿਰੋਧੀ ਫੈਸਲਿਆਂ ਨਾਲ ਕਿਸਾਨ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕੇਗਾ ਸਗੋਂ ਸੰਘਰਸ਼ ਹੋਰ ਵੀ ਤਿੱਖਾ ਰੁਖ਼ ਅਖਤਿਆਰ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਹਿਲਾਂ ਖੇਤੀ ਮਾਰੂ ਕਾਲੇ ਕਾਨੂੰਨ ਪਾਸ ਕਰਕੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦਾ ਫੈਸਲਾ ਲਿਆ ਗਿਆ ਜਦੋਂ ਕਿ ਹੁਣ ਪਰਾਲੀ ਸਾੜਨ ਵਾਲਿਆਂ ਨੂੰ ਕਰੋੜ ਰੁਪਿਆ ਜੁਰਮਾਨਾ ਅਤੇ 5 ਸਾਲ ਦੀ ਸਜ਼ਾ ਵਰਗੇ ਕਿਸਾਨ ਵਿਰੋਧੀ ਆਰਡੀਨੈਸ ਲਿਆ ਕੇ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਦਾ ਯਤਨ ਕੀਤਾ ਗਿਆ। ਪੰਜਾਬ ਦਾ ਦਿਹਾਤੀ ਵਿਕਾਸ ਫੰਡ ਰੋਕ ਕੇ ਪੰਜਾਬ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ ਜੋ ਕਿ ਪੂਰੇ ਦੇਸ਼ ਲਈ ਅਨਾਜ ਪੈਦਾ ਕਰਨ ਵਾਲੇ ਪੰਜਾਬੀਆਂ ਨਾਲ ਘੋਰ ਬੇਇਨਸਾਫ਼ੀ ਹੈ। ਖੇੜੀ ਪੰਪ ਅੱਗੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਰੂਪ ਚੰਦ ਕਿਲਾਭਰੀਆਂ ਨੇ ਕੇਂਦਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜਿੰਨ੍ਹੇ ਮਰਜ਼ੀ ਕਿਸਾਨ ਤੇ ਪੰਜਾਬ ਵਿਰੋਧੀ ਫੈਸਲੇ ਲੈ ਲਓ ਪਰੰਤੂ ਕਿਸਾਨਾਂ ਦਾ ਸੰਘਰਸ਼ ਨਾ ਦਬੇਗਾ ਅਤੇ ਨਾ ਹੀ ਝੁਕੇਗਾ। ਉਧਰ ਲੱਡਾ ਟੌਲ ਪਲਾਜ਼ਾ ’ਤੇ ਵੀ ਰੋਸ ਧਰਨਾ ਜਾਰੀ ਹੈ ਜਿਥੇ ਵੱਡੀ ਤਾਦਾਦ ’ਚ ਕਿਸਾਨ ਬੀਬੀਆਂ ਸ਼ਮੂਲੀਅਤ ਕਰ ਰਹੀਆਂ ਹਨ।
ਰੋਸ ਧਰਨਿਆਂ ’ਚ ਕਿਸਾਨ ਆਗੂ ਲਾਭਂ ਸਿੰਘ ਖੁਰਾਣਾ, ਗੋਬਿੰਦਰ ਸਿੰਘ ਬਡਰੁੱਖਾਂ, ਨਛੱਤਰ ਸਿੰਘ ਬਡਰੁੱਖਾਂ, ਸੁਖਵਿੰਦਰ ਸਿੰਘ, ਸਿੰਦਰ ਸਿੰਘ, ਬੂਟਾ ਸਿੰਘ ਲੌਂਗੋਵਾਲ, ਅਜੈਬ ਸਿੰਘ, ਭੂਰਾ ਸਿੰਘ, ਦਰਬਾਰਾ ਸਿੰਘ, ਗੁਰਜੰਟ ਸਿੰਘ, ਕਰਮਜੀਤ ਸਿੰਘ ਮੰਗਵਾਲ, ਗੁਰਮੇਲ ਕੌਰ, ਹਰਜੀਤ ਕੌਰ, ਜਸਵਿੰਦਰ ਕੌਰ, ਗੁਰਮੇਲ ਕੌਰ ਬਡਰੁੱਖਾਂ, ਅਮਰਜੀਤ ਕੌਰ ਲੋਹਾਖੇੜਾ, ਸਵਰਨ ਕੌਰ, ਬਲਜਿੰਦਰ ਕੌਰ ਆਦਿ ਵੀ ਸ਼ਾਮਲ ਸਨ।
ਟੌਲ ਪਲਾਜ਼ਿਆਂ ਤੇ ਪੈਟਰੌਲ ਪੰਪ ’ਤੇ 43 ਵੇਂ ਦਿਨ ਵੀ ਗਰਜੇ ਕਿਸਾਨ
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ) ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਟੌਲ ਪਲਾਜ਼ਾ ਮਾਝੀ, ਟੌਲ ਪਲਾਜ਼ਾ ਕਾਲਾਝਾੜ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿੱਚ ਅੱਜ 43 ਵੇਂ ਦਿਨ ਵੀ ਨਾਅਰੇ ਗੂੰਜਦੇ ਰਹੇ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਸਥਿੱਤ ਟੌਲ ਪਲਾਜ਼ਾ ਮਾਝੀ ਵਿੱਚ ਧਰਨੇ ਨੂੰ ਸੰਬੋਧਨ ਕਰਦੇ ਹੋਏ ਬਲਾਕ ਦੇ ਆਗੂ ਰਣਧੀਰ ਸਿੰਘ ਭੱਟੀਵਾਲ, ਸੁਖਦੇਵ ਸਿੰਘ ਬਾਲਦ, ਅੰਗਰੇਜ ਸਿੰਘ, ਬੁੱਧ ਸਿੰਘ ਬਾਲਦ, ਹਰਭਜਨ ਸਿੰਘ ਬਖੋਪੀਰ, ਲਾਭ ਸਿੰਘ ਭੜੋ, ਨੰਦ ਸਿੰਘ ਬਲਿਆਲ, ਸੁਰਜੀਤ ਕੌਰ ਮਾਝੀ ਤੇ ਜਰਨੈਲ ਸਿੰਘ ਮਾਝੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਕਿਸੇ ਵੀ ਧਾੜਵੀ ਨੂੰ ਆਪਣੀ ਜ਼ਮੀਨ ’ਚ ਦਾਖਲ ਨਹੀਂ ਹੋਣ ਦੇਣਗੇ। ਕਿਸਾਨਾਂ ਦੇ ਦ੍ਰਿੜ੍ਹ ਸੰਘਰਸ਼ ਸਦਕਾ ਮੋਦੀ ਸਰਕਾਰ ਨੂੰ ਅਖੀਰ ਵਿੱਚ ਝੁਕਣਾ ਵੀ ਪਵੇਗਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿੱਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀ ਹੱਥ ਠੋਕਾ ਬਣ ਚੁੱਕੀ ਮੋਦੀ ਹਕੂਮਤ ਵੱਲੋਂ ਪਾਸ ਕੀਤੇ ਤਾਨਾਸ਼ਾਹੀ ਫੁਰਮਾਨਾਂ ਨੂੰ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਦਿੱਲੀ ਧਰਨੇ ਦੀ ਤਿਆਰੀ ਪੂਰੇ ਜੋਸ਼ ਨਾਲ ਕੀਤੀ ਜਾ ਰਹੀ ਹੈ। ਧਰਨੇ ਵਿੱਚ ਨਵਜੋਤ ਕੌਰ, ਮੇਵਾ ਸਿੰਘ, ਗੁਰਚਰਨ ਸਿੰਘ ਭਿੰਡਰਾਂ, ਕਰਮ ਚੰਦ ਪੰਨਵਾਂ, ਹਰਪਾਲ ਗਹਿਲਾਂ ਅਤੇ ਗਮਦੂਰ ਸਿੰਘ ਦਿਆਲਪੁਰਾ ਵੀ ਹਾਜ਼ਰ ਸਨ।