ਪੱਤਰ ਪ੍ਰੇਰਕ
ਸ਼ੇਰਪੁਰ, 26 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁਨਾਂ ਨੇ ਪਿੰਡ ਟਿੱਬਾ ਤੇ ਗੰਡੇਵਾਲ ਵਿੱਚ ਰੋਸ ਮੁਜ਼ਾਹਰਾ ਕਰਦਿਆਂ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ। ਜਥੇਬੰਦੀ ਦੇ ਆਗੂਆਂ ਦਾ ਦੋਸ਼ ਸੀ ਕਿ ਮੁਨਾਫ਼ੇ ਦੇ ਬਾਵਜੂਦ ਚੰਡੀਗੜ੍ਹ ਬਿਜਲੀ ਬੋਰਡ ਨੂੰ ਕਾਰਪੋਰੇਟਾਂ ਕੋਲ ਵੇਚੇ ਜਾਣ ਦਾ ਫੈਸਲਾ ਪੂਰੀ ਤਰ੍ਹਾਂ ਲੋਕ ਵਿਰੋਧੀ ਹੈ ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਨਿਰਮਲ ਸਿੰਘ ਗੰਡੇਵਾਲ ਅਤੇ ਗੁਰਮੇਲ ਸਿੰਘ ਟਿੱਬਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਦੇਸ਼ ਦੇ ਅਦਾਰਿਆਂ ਨੂੰ ਕਾਰਪੋਰੇਟਾਂ ਕੋਲ ਵੇਚੇ ਜਾਣ ਦੀ ਸ਼ੁਰੂ ਕੀਤੀ ਪ੍ਰਕਿਰਿਆ ਤਹਿਤ ਚੰਡੀਗੜ੍ਹ ਬਿਜਲੀ ਬੋਰਡ ਨੂੰ ਵੇਚੇ ਜਾਣ ਦੀ ਯੋਜਨਾ ਹੈ ਜਿਸ ਦਾ ਜਥੇਬੰਦੀ ਡਟ ਕੇ ਵਿਰੋਧ ਕਰਦੀ ਹੈ। ਉਨ੍ਹਾਂ ਇਸ ਫੈਸਲੇ ਨੂੰ ਤੁਰੰਤ ਵਾਪਸ ਲਏ ਜਾਣ ਦੀ ਮੰਗ ਕੀਤੀ ਅਤੇ ਬਿਜਲੀ ਮੁਲਾਜ਼ਮਾਂ ਦੇ ਹੱਕ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਦਾ ਸੱਦਾ ਦਿੱਤਾ।